ਜਥੇਦਾਰ ਕਾਉਂਕੇ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦੇਣੀ ਚਾਹੀਦੀ : ਜਥੇਦਾਰ ਗਿ. ਹਰਪ੍ਰੀਤ ਸਿੰਘ

ਜਥੇਦਾਰ ਕਾਉਂਕੇ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦੇਣੀ ਚਾਹੀਦੀ : ਜਥੇਦਾਰ ਗਿ. ਹਰਪ੍ਰੀਤ ਸਿੰਘ

ਅੰਮਿਤਸਰ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਪਹੁੰਚੇ। ਇਸ ਉਪਰੰਤ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਕਿ ਬਾਦਲ ਨੇ ਸਿੱਖ ਕੌਮ ਕੋਲੋਂ ਮੁਆਫ਼ੀ ਮੰਗੀ ਹੈ ਦਾ ਜਵਾਬ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਕਿਸੇ ਵਿਵਾਦ ਵਿਚ ਨਹੀਂ ਪੈਣਾ ਚਾਹੁੰਦਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬੰਦੀ ਸਿੰਘ ਕਾਫੀ ਸਮੇਂ ਤੋਂ ਆਪਣੀਆਂ ਸਜ਼ਾਵਾਂ ਤੋਂ ਵੱਧ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਉਨ੍ਹਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ ਪਰ ਕੇਂਦਰ ਦੀ ਸਰਕਾਰ ਉਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕਰ ਰਹੀ, ਉਨ੍ਹਾਂ ਕਿਹਾ ਕਿ ਜਿਹੜੀ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਆਪਣੀ ਸਜ਼ਾ ਮੁਆਫੀ ਕਰਵਾਉਣ ਦੀ ਅਪੀਲ ਤੋਂ ਇਨਕਾਰ ਕਰ ਦਿੱਤਾ। ਇਹ ਬੜੀ ਵਧੀਆ ਗੱਲ ਹੈ ਉਹ ਕਿਉਂ ਮੁਆਫੀ ਮੰਗੇ ਜਦਕਿ ਇਹ ਲੋਕ ਆਪਣੀ ਸਜ਼ਾਵਾਂ ਤੋਂ ਵੱਧ ਵੀ ਸਜ਼ਾ ਭੋਗ ਚੁੱਕੇ ਹਨ।
ਉਥੇ ਹੀ ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਿਹੜੇ ਬੰਦੀ ਸਿੰਘਾਂ ’ਤੇ ਬਿਆਨ ਦਿੱਤਾ ਉਸ ਨੂੰ ਲੈ ਕੇ ਇਸ ਤਰ੍ਹਾਂ ਦਾ ਅਗ੍ਰੈਸਿਵ ਹੋ ਕੇ ਬਿਆਨ ਦੇਣਾ ਸ਼ੋਭਾ ਨਹੀਂ ਦਿੰਦਾ। ਰਾਜੋਆਣਾ ਨੇ ਜੋ ਚਿੱਠੀ ਲਿਖੀ ਅਮਿਤ ਸ਼ਾਹ ਨੂੰ ਬਿਲਕੁਲ ਠੀਕ ਲਿਖੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਕਾਉਂਕੇ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦੇਣੀ ਚਾਹੀਦੀ ਹੈ। ਜਿਹੜਾ ਇਸ ਦੁਨੀਆਂ ’ਤੇ ਵੀ ਨਹੀਂ ਹੈ, ਉਸਨੂੰ ਵੀ ਕੋਰਟ ਸਜ਼ਾ ਸੁਣਾਵੇ ਤਾਂ ਜੋ ਪਤਾ ਲੱਗ ਸਕੇ ਕਿ ਜ਼ੁਲਮ ਕੀਤਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਗੁਰਦੇਵ ਸਿੰਘ ਵਰਗੇ 25 ਹਜ਼ਾਰ ਸਿੱਖ ਸਰਕਾਰੀ ਦਹਿਸ਼ਤਗਰਦੀ ਦਾ ਸ਼ਿਕਾਰ ਹੋਏ, ਉਨ੍ਹਾਂ ਅਕਾਲੀ ਦਲ ਦਾ ਨਾਂ ਲਏ ਬਿਨਾਂ ਕਿਹਾ ਕਿ ਮੈਂ ਇਹ ਗੱਲ ਫਿਰ ਤੋਂ ਕਹਿ ਰਿਹਾ ਹਾਂ ਕਿ ਹੁਣ ਤੱਕ ਦੀਆਂ ਸਰਕਾਰਾਂ ਦੀਆਂ ਨਾਕਾਮੀਆਂ ਰਹੀਆਂ ਹਨ। ਕੇਸਾਂ ਦੀ ਸਪੱਸ਼ਟ ਜਾਂਚ ਨਹੀਂ ਹੋ ਸਕੀ।
ਇਹ ਸਰਕਾਰੀ ਅੱਤਵਾਦ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਾਈ ਕਾਉਂਕੇ ਦੀ ਰਿਪੋਰਟ 25 ਸਾਲਾਂ ਤੋਂ ਸਰਕਾਰੀ ਅਲਮਾਰੀਆਂ ਵਿਚ ਧੂੜ ਇਕੱਠੀ ਕਰ ਰਹੀ ਹੈ, ਕਿਸੇ ਵੀ ਸਰਕਾਰ ਨੇ ਫਾਈਲਾਂ ਦੀ ਧੂੜ ਨਹੀਂ ਹਟਾਈ ਨਾ ਕਿਸੇ ਨੇ ਦੇਖਿਆ ਹੈ ਕਿ ਇਸ ਵਿਚ ਕੀ ਹੈ। ਉਨ੍ਹਾਂ ਕਿਹਾ ਕਿ ਹੁਣ ਮੈਂ ਮੌਜੂਦਾ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਦੂਜੀਆਂ ਸਰਕਾਰਾਂ ਵੱਲੋਂ ਕੀਤੀਆਂ ਗਈਆਂ ਗਲਤੀਆਂ ਵਿਰੁੱਧ ਠੋਸ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਵਰਗੀਆਂ ਗਲਤੀਆਂ ਨਹੀਂ ਦੁਹਰਾਉਣੀਆਂ ਚਾਹੀਦੀਆਂ। 2097 ਸਿੱਖ ਗੈਰ-ਕਾਨੂੰਨੀ ਹਿਰਾਸਤ ਵਿਚ ਮਾਰੇ ਗਏ ਸਨ, ਜਿਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਨੇ ਮੁਆਵਜ਼ਾ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੀ ਰਿਪੋਰਟ ਅਨੁਸਾਰ ਗਿਣਤੀ 25 ਹਜ਼ਾਰ ਹੈ ਪਰ ਅੰਕੜਿਆਂ ਅਨੁਸਾਰ 1 ਲੱਖ ਦੇ ਕਰੀਬ ਸਿੱਖ ਮਾਰੇ ਗਏ ਸਨ।