ਜਥੇਦਾਰ ਖ਼ਿਲਾਫ਼ ਟਿੱਪਣੀ ਲਈ ਮੁੱਖ ਮੰਤਰੀ ਮੁਆਫ਼ੀ ਮੰਗਣ: ਧਾਮੀ

ਜਥੇਦਾਰ ਖ਼ਿਲਾਫ਼ ਟਿੱਪਣੀ ਲਈ ਮੁੱਖ ਮੰਤਰੀ ਮੁਆਫ਼ੀ ਮੰਗਣ: ਧਾਮੀ

ਟਿੱਪਣੀ ਨੂੰ ਅਕਾਲ ਤਖ਼ਤ ਦੀ ਮਾਣ ਮਰਿਆਦਾ ਤੇ ਸਿੱਖ ਕੌਮ ਲਈ ਸਿੱਧੀ ਚੁਣੌਤੀ ਦੱਸਿਆ
ਅੰਮ੍ਰਿਤਸਰ/ਫਗਵਾੜਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਕੀਤੀ ਟਿੱਪਣੀ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਦੀ ਟਿੱਪਣੀ ਨੂੰ ਅਕਾਲ ਤਖ਼ਤ ਦੀ ਮਾਣ ਮਰਿਆਦਾ ਅਤੇ ਸਿੱਖ ਕੌਮ ਨੂੰ ਸਿੱਧੀ ਚੁਣੌਤੀ ਕਰਾਰ ਦਿੱਤਾ ਹੈ। ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਮਗਰੋਂ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗਲਤੀ ਲਈ ਮੁੱਖ ਮੰਤਰੀ ਨੂੰ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਜਥੇਦਾਰ ਖ਼ਿਲਾਫ਼ ਜੋ ਭਾਸ਼ਾ ਵਰਤੀ ਹੈ ਉਸ ਨਾਲ ਸਿੱਖ ਕੌਮ ਦੇ ਮਨਾਂ ਨੂੰ ਠੇਸ ਪਹੁੰਚੀ ਹੈ ਜਿਸ ਨੂੰ ਕੌਮ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਅੰਮ੍ਰਿਤਪਾਲ ਸਿੰਘ ਬਾਰੇ ਸਟੈਂਡ ਸਬੰਧੀ ਕਿਹਾ ਕਿ ਜੋ ਪੱਖ ਜਥੇਦਾਰ ਅਕਾਲ ਤਖ਼ਤ ਦਾ ਹੈ, ਉਹੀ ਪੱਖ ਸ਼੍ਰੋਮਣੀ ਕਮੇਟੀ ਦਾ ਹੈ। ਇਸ ਦੌਰਾਨ ਸ੍ਰੀ ਧਾਮੀ ਨੇ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਰੋਕੇ ਜਾਣ ਦੀ ਵੀ ਨਿਖੇਧੀ ਕੀਤੀ। ਐਡਵੋਕੇਟ ਧਾਮੀ ਨੇ ਦੋਸ਼ ਲਾਇਆ ਕਿ ਸੋਸ਼ਲ ਮੀਡੀਆ ’ਤੇ ਸਿੱਖਾਂ ਦੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ ਅਤੇ ਦੁੱਖ ਦੀ ਗੱਲ ਹੈ ਕਿ ਇਸ ਵਰਤਾਰੇ ਵਿਰੁੱਧ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਆਵਾਜ਼ ਨੂੰ ਸਰਕਾਰਾਂ ਦਬਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੀ ਇਕ ਟਵਿੱਟਰ ਪੋਸਟ ਨੂੰ ਭਾਰਤ ਸਰਕਾਰ ਵੱਲੋਂ ਦੇਸ਼ ਅੰਦਰ ਹਟਾਇਆ ਗਿਆ ਅਤੇ ਅੱਜ ਅਕਾਲ ਤਖ਼ਤ ਦੇ ਜਥੇਦਾਰ ਦਾ ਇਕ ਟਵੀਟ ਨਿਸ਼ਾਨੇ ’ਤੇ ਲਿਆ ਗਿਆ ਹੈ।