ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਖੁਦ ’ਤੇ ਲੱਗੇ ਦੋਸ਼ ਨਕਾਰੇ

ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਦ ’ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ, ਜਿਨ੍ਹਾਂ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਪਿਛਲੇ ਮਹੀਨੇ 5 ਕਰੋੜ ਰੁਪਏ ਦੇ ਸੋਨੇ ਅਤੇ ਹੋਰ ਦਾਨ ਕੀਤੀਆਂ ਵਸਤਾਂ ਵਿੱਚ ਗਬਨ ਕਰਨ ਦੇ ਕਥਿਤ ਦੋਸ਼ਾਂ ਹੇਠ ਤਨਖ਼ਾਹੀਆ ਐਲਾਨ ਦਿੱਤਾ ਸੀ। ਜਥੇਦਾਰ ਨੇ ਕਿਹਾ ਪੰਜ ਪਿਆਰਿਆਂ ਵਲੋਂ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦੇਣਾ ਇੱਕਪਾਸੜ ਫ਼ੈਸਲਾ ਹੈ, ਜਿਸ ਵਿੱਚ ਉਨ੍ਹਾਂ ਦਾ ਪੱਖ ਨਹੀਂ ਸੁਣਿਆ ਗਿਆ ਹੈ। ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਮੰਗ ਕੀਤੀ ਕਿ ਪੰਜ ਪਿਆਰੇ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਅਤੇ ਜਾਅਲੀ ਦਸਤਾਵੇਜ਼ਾਂ ਦੀ ਪੜਤਾਲ ਕਰਨ।