ਜਥੇਦਾਰ ਤਲਵੰਡੀ ਤੇ ਭਾਈ ਅਮਰਜੀਤ ਸਿੰਘ ਦੀਆਂ ਤਸਵੀਰਾਂ ਅਜਾਇਬ ਘਰ ’ਚ ਲਾਈਆਂ

ਜਥੇਦਾਰ ਤਲਵੰਡੀ ਤੇ ਭਾਈ ਅਮਰਜੀਤ ਸਿੰਘ ਦੀਆਂ ਤਸਵੀਰਾਂ ਅਜਾਇਬ ਘਰ ’ਚ ਲਾਈਆਂ

ਅੰਮ੍ਰਿਤਸਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਦੋ ਸਿੱਖ ਸ਼ਖ਼ਸੀਅਤਾਂ ਜਥੇਦਾਰ ਦਲੀਪ ਸਿੰਘ ਤਲਵੰਡੀ ਤੇ ਭਾਈ ਅਮਰਜੀਤ ਸਿੰਘ ਖੇਮਕਰਨ ਦੀਆਂ ਤਸਵੀਰਾਂ ਲਾਈਆਂ ਗਈਆਂ। ਜਥੇਦਾਰ ਦਲੀਪ ਸਿੰਘ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਹੇ ਹਨ, ਜਦਕਿ ਭਾਈ ਅਮਰਜੀਤ ਸਿੰਘ ਖੇਮਕਰਨ 1984 ’ਚ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋ ਗਏ ਸਨ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਜਥੇਦਾਰ ਦਲੀਪ ਸਿੰਘ ਤਲਵੰਡੀ ਨੇ ਲੰਮਾਂ ਸਮਾਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਵਜੋਂ ਸੇਵਾਵਾਂ ਨਿਭਾਈਆਂ ਅਤੇ ਉਨ੍ਹਾਂ ਨੇ ਜੈਤੋ ਦੇ ਮੋਰਚੇ ਅਤੇ ਪੰਜਾਬੀ ਸੂਬਾ ਮੋਰਚਾ ਵਿਚ ਸਰਗਰਮ ਭੂਮਿਕਾ ਨਿਭਾਈ ਸੀ। ਇਸੇ ਤਰ੍ਹਾਂ ਭਾਈ ਅਮਰਜੀਤ ਸਿੰਘ ਖੇਮਕਰਨ ਨੇ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਨੇ ਰਿਹਾਇਸ਼ੀ ਬਲਾਕ ਦੀ ਉਸਾਰੀ ਸ਼ੁਰੂ ਕਰਵਾਈ
ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾਵਾਂ ਨਿਭਾਅ ਰਹੇ ਸਿੰਘ ਸਾਹਿਬਾਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼ੀ ਬਲਾਕ ਦੇ ਨਿਰਮਾਣ ਦੀ ਅੱਜ ਸ਼ੁਰੂਆਤ ਕੀਤੀ ਗਈ। ਇਹ ਰਿਹਾਇਸ਼ੀ ਇਮਾਰਤ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਚੂੜੇ ਵਾਲਾ ਬਾਜ਼ਾਰ (ਅਕਾਲੀ ਮਾਰਕੀਟ) ਦੇ ਨਜ਼ਦੀਕ ਬਣਾਈ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।