ਜਥੇਦਾਰ ਵੱਲੋਂ ਮੁੱਖ ਮੰਤਰੀ ਨੂੰ ਮੋੜਵਾਂ ਜਵਾਬ

ਜਥੇਦਾਰ ਵੱਲੋਂ ਮੁੱਖ ਮੰਤਰੀ ਨੂੰ ਮੋੜਵਾਂ ਜਵਾਬ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ ’ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਂ ’ਤੇ ਪਾਈ ਗਈ ਇੱਕ ਪੋਸਟ ਤੋਂ ਬਾਅਦ ਇਸ ਦਾ ਜਵਾਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਦਿੱਤਾ ਗਿਆ ਹੈ। ਜਥੇਦਾਰ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਜਿਵੇਂ ਉਹ (ਮੁੱਖ ਮੰਤਰੀ) ਪੰਜਾਬ ਦੀ ਨੁਮਾਇੰਦਗੀ ਕਰਦੇ ਹਨ, ਉਸੇ ਤਰ੍ਹਾਂ ਉਹ ਵੀ ਆਪਣੀ ਕੌਮ ਦੇ ਨਿਮਾਣੇ ਜਿਹੇ ਨੁਮਾਇੰਦੇ ਹਨ। ਉਨ੍ਹਾਂ ਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਇਹ ਉਨ੍ਹਾਂ ਦਾ ਫਰਜ਼ ਵੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ, ‘ਤੁਸੀਂ ਠੀਕ ਕਿਹਾ ਹੈ ਕਿ ਅਕਸਰ ਹੀ ਭੋਲੇ-ਭਾਲੇ ਧਾਰਮਿਕ ਲੋਕਾਂ ਨੂੰ ਰਾਜਸੀ ਲੋਕ ਵਰਤ ਜਾਂਦੇ ਹਨ ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਤੁਸੀਂ ਆਪਣਾ ਧਿਆਨ ਰੱਖੋ, ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ, ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰੱਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ।’ ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਰਾਜਨੀਤੀ ਲਈ ਸੰਵਾਦ ਬਾਅਦ ਵਿੱਚ ਕਰਾਂਗੇ, ਪਹਿਲਾਂ ਆਓ ਰਲ ਕੇ ਪੰਜਾਬ ਨੂੰ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨ੍ਹਾਂ ਦੇ ਜੇਲ੍ਹਾਂ ਵਿੱਚ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਅਤੇ ਅਸੀਸ ਲਈਏ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਆਖਿਆ ਗਿਆ ਸੀ ਕਿ ਸਭ ਨੂੰ ਪਤਾ ਹੈ ਕਿ ਤੁਸੀਂ ਸ਼੍ਰੋਮਣੀ ਕਮੇਟੀ ਤੇ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ …ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ… ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਲਈ ਜਾਰੀ ਕਰਦੇ…।