ਜਨਤਕ ਰੋਹ ਨੂੰ ਦਬਾਉਣ ਲਈ ਜਬਰ ਹੋ ਰਿਹੈ: ਉਗਰਾਹਾਂ

ਜਨਤਕ ਰੋਹ ਨੂੰ ਦਬਾਉਣ ਲਈ ਜਬਰ ਹੋ ਰਿਹੈ: ਉਗਰਾਹਾਂ

ਬਰਨਾਲਾ- ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਐਲਾਨੀ ਵੱਡੀ ਇਕੱਤਰਤਾ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਔਰਤਾਂ ਸਮੇਤ ਵੱਡੀ ਗਿਣਤੀ ਵਿੱਚ ਜ਼ਿਲ੍ਹੇ, ਬਲਾਕਾਂ ਤੇ ਪਿੰਡਾਂ ਦੇ ਆਗੂ ਸ਼ਾਮਲ ਹੋਏ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਦੇਸ਼ ਦੇ ਰਾਜਪਾਲਾਂ ਨੂੰ ਮੰਗ ਪੱਤਰ ਦੇਣ ਦੇ ਸੱਦੇ ਤਹਿਤ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਰਾਸ਼ਟਰਪਤੀ ਦੇ ਨਾਮ ਪੰਜਾਬ ਦੇ ਰਾਜਪਾਲ ਨੂੰ ਐੱਮਐੱਸਪੀ ਸਣੇ 7 ਨੁਕਾਤੀ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲੋਕਾਂ ਦੀ ਉੱਠ ਰਹੀ ਜਥੇਬੰਦ ਸੰਘਰਸ਼ੀ ਤਾਕਤ ਨੂੰ ਖਿੰਡਾਉਣ ਲਈ ਸਰਕਾਰ ਅਤੇ ਵੱਖ-ਵੱਖ ਲੋਕ ਵਿਰੋਧੀ ਤਾਕਤਾਂ ਦਾ ਜ਼ੋਰ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਤੇ ਰਾਜ ਸਰਕਾਰਾਂ ਜਲ, ਜ਼ਮੀਨ ਸਮੇਤ ਸਰਕਾਰੀ ਅਦਾਰਿਆਂ ’ਤੇ ਬਹੁਕੌਮੀ ਕੰਪਨੀਆਂ ਦਾ ਕਬਜ਼ਾ ਕਰਵਾਉਣ ਲਈ ਪੱਬਾਂ ਭਾਰ ਹਨ, ਉੱਥੇ ਇਨ੍ਹਾਂ ਨੀਤੀਆਂ ਖ਼ਿਲਾਫ਼ ਉਠ ਰਹੇ ਜਨਤਕ ਅੰਦੋਲਨ ਨੂੰ ਖਿੰਡਾਉਣ ਲਈ ਜਬਰ ਤੇਜ਼ ਕੀਤਾ ਜਾ ਰਿਹਾ ਹੈ ਤੇ ਨਾਲ ਦੀ ਫਿਰਕਾਪ੍ਰਸਤ ਤਾਕਤਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਕਾਲੇ ਕਾਨੂੰਨਾਂ ਖਿਲਾਫ਼ ਲੱਗੇ ਦਿੱਲੀ ਮੋਰਚੇ ਦੌਰਾਨ ਕੇਂਦਰ ਸਰਕਾਰ ਨੇ ਮੰਨਿਆ ਸੀ ਕਿ ਐੱਮਐੱਸਪੀ ’ਤੇ ਫਸਲਾਂ ਦੀ ਸਰਕਾਰੀ ਖ਼ਰੀਦ ਲਈ ਕਾਨੂੰਨ ਬਣਾਇਆ ਜਾਵੇਗਾ, ਲਖੀਮਪੁਰ ਖੀਰੀ (ਯੂਪੀ) ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ, ਅੰਦੋਲਨ ਦੌਰਾਨ ਦਰਜ ਕੀਤੇ ਸਾਰੇ ਪੁਲੀਸ ਕੇਸ ਰੱਦ ਕੀਤੇ ਜਾਣਗੇ ਪਰ ਇਨ੍ਹਾਂ ਮੰਗਾਂ ਨੂੰ ਹੱਲ ਕਰਨ ਲਈ ਸਰਕਾਰ ਨੇ ਅਜੇ ਤੱਕ ਕੋਈ ਵੀ ਕਦਮ ਨਹੀਂ ਚੁੱਕਿਆ। ਸੂਬਾ ਸਕੱਤਰ ਸ਼ਿਗਾਰਾ ਸਿੰਘ ਮਾਨ ਨੇ 26 ਨੂੰ ਗੁਰਦੁਆਰਾ ਅੰਬ ਸਾਹਿਬ ਮੁੁਹਾਲੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਲੈ ਕੇ ਆਉਣ ਦੀ ਅਪੀਲ ਕੀਤੀ।