ਜਲੰਧਰ ਦੇ ਲੋਕਾਂ ਨੇ ਵਿਰੋਧੀਆਂ ਦੀ ਘਟੀਆ ਰਾਜਨੀਤੀ ਨਕਾਰੀ: ਚੀਮਾ

ਜਲੰਧਰ ਦੇ ਲੋਕਾਂ ਨੇ ਵਿਰੋਧੀਆਂ ਦੀ ਘਟੀਆ ਰਾਜਨੀਤੀ ਨਕਾਰੀ: ਚੀਮਾ

ਜਲੰਧਰ- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ। ਮੀਡੀਆ ਨਾਲ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੁਸ਼ੀਲ ਰਿੰਕੂ ਨੂੰ ਜਿਤਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਕੰਮਾਂ ’ਤੇ ਮੋਹਰ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਜਿੱਤ ਨਾਲ ਸਪੱਸ਼ਟ ਹੈ ਕਿ ਜਲੰਧਰ ਵਾਸੀਆਂ ਨੇ ਵਿਰੋਧੀ ਪਾਰਟੀਆਂ ਦੀ ਘਟੀਆ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਗੂਆਂ ਨੇ ਚੋਣ ਪ੍ਰਚਾਰ ਦੌਰਾਨ ਘਟੀਆ ਰਾਜਨੀਤੀ ਕੀਤੀ। ਉਨ੍ਹਾਂ ‘ਆਪ’ ’ਤੇ ਕਈ ਤਰ੍ਹਾਂ ਦੇ ਝੂਠੇ ਦੋਸ਼ ਲਾ ਕੇ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਪਰ ਜਲੰਧਰ ਦੇ ਲੋਕਾਂ ਨੇ ਉਨ੍ਹਾਂ ਦੀ ਨਾਂਹ-ਪੱਖੀ ਰਾਜਨੀਤੀ ਨੂੰ ਨਕਾਰਦਿਆਂ ਆਮ ਆਦਮੀ ਪਾਰਟੀ ਦੀ ਕੰਮ ਦੀ ਰਾਜਨੀਤੀ ਨੂੰ ਚੁਣਿਆ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਦੁਬਾਰਾ ਦਾਖਲੇ ਲਈ ਉਹ ਜਲੰਧਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈਟੀਓ, ਹਰਜੋਤ ਬੈਂਸ, ਕੁਲਦੀਪ ਸਿੰਘ ਧਾਲੀਵਾਲ, ਹਰਚੰਦ ਸਿੰਘ ਬਰਸਟ, ਵਿਧਾਇਕ ਸ਼ੀਤਲ ਅੰਗੁਰਾਲ, ਰਮਨ ਅਰੋੜਾ ਤੇ ਹੋਰ ਮੌਜੂਦ ਸਨ।

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਜਲੰਧਰ ਸੰਸਦੀ ਹਲਕੇ ’ਚ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ (ਆਪ) ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਨੇ ਮੁੜ ਤੋਂ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਖਾਤਾ ਖੋਲ੍ਹ ਦਿੱਤਾ ਹੈ। ਪਹਿਲਾਂ ਵੀ ਲੋਕ ਸਭਾ ਵਿੱਚ ‘ਆਪ’ ਦੀ ਅਗਵਾਈ ਪੰਜਾਬ ਦੇ ਸੰਸਦ ਮੈਂਬਰ ਹੀ ਕਰਦੇ ਰਹੇ ਹਨ ਪਰ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਲੋਕ ਸਭਾ ਵਿੱਚੋਂ ‘ਆਪ’ ਦਾ ਕੋਈ ਵੀ ਉਮੀਦਵਾਰ ਨਹੀਂ ਰਿਹਾ ਸੀ। ‘ਆਪ’ ਨੇ ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਅਤੇ ਦਿੱਲੀ ਵਿੱਚ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਕੀਤਾ ਸੀ ਪਰ ‘ਆਪ’ ਨੇ ਪੰਜਾਬ ਦੀਆਂ 13 ਵਿੱਚੋਂ 4 ਲੋਕ ਸਭਾ ਸੀਟਾਂ ’ਤੇ ਜਿੱਤ ਪ੍ਰਾਪਤ ਕੀਤੀ ਸੀ। ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਮੁੜ ‘ਆਪ’ ਨੇ ਦਿੱਲੀ ਅਤੇ ਪੰਜਾਬ ਵਿੱਚ ਜ਼ੋਰ ਲਾਇਆ ਪਰ ਪਾਰਟੀ ਦੇ ਪੱਲੇ ਦਿੱਲੀ ਵਿੱਚ ਕੁਝ ਨਾ ਪਿਆ ਅਤੇ ਪੰਜਾਬ ਵਿੱਚ ਇਕੋ ਸੀਟ ’ਤੇ ਹੀ ਜਿੱਤ ਮਿਲ ਸਕੀ। ਇਹ ਸੀਟ ਸੰਗਰੂਰ ਲੋਕ ਸਭਾ ਹਲਕੇ ਦੀ ਸੀ, ਜਿੱਥੋਂ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਲਗਾਤਾਰ ਦੂਜੀ ਵਾਰ ਜਿੱਤ ਪ੍ਰਾਪਤ ਕੀਤੀ ਸੀ।

ਭਗਵੰਤ ਮਾਨ ਨੇ ਸਾਲ 2014 ਵਿੱਚ ਆਪਣੇ ਵਿਰੋਧੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਨੂੰ 2,11,721 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਜਦਕਿ ਸਾਲ 2019 ਵਿੱਚ ਭਗਵੰਤ ਮਾਨ ਨੇ ਆਪਣੇ ਵਿਰੋਧੀ ਤੇ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 1,10,211 ਵੋਟਾਂ ਦੇ ਫਰਕ ਨਾਲ ਹਰਾਇਆ ਸੀ ਪਰ ‘ਆਪ’ ਤੇ ਭਗਵੰਤ ਮਾਨ ਦੇ ਪੰਜਾਬ ਵਿੱਚ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਦੀ ਸੀਟ ਤੋਂ ਅਸਤੀਫਾ ਦੇ ਦਿੱਤਾ। ਇਸ ਨਾਲ ‘ਆਪ’ ਦੀ ਲੋਕ ਸਭਾ ’ਚੋਂ ਨੁਮਾਇੰਦਗੀ ਖ਼ਤਮ ਹੋ ਗਈ ਸੀ।