ਡਰੱਗ ਮਾਮਲਾ: ਬਿਕਰਮ ਮਜੀਠੀਆ ਅਦਾਲਤ ਵਿੱਚ ਪੇਸ਼; ਅਗਲੀ ਸੁਣਵਾਈ 7 ਅਗਸਤ ਨੂੰ

ਡਰੱਗ ਮਾਮਲਾ: ਬਿਕਰਮ ਮਜੀਠੀਆ ਅਦਾਲਤ ਵਿੱਚ ਪੇਸ਼; ਅਗਲੀ ਸੁਣਵਾਈ 7 ਅਗਸਤ ਨੂੰ

ਐਸ.ਏ.ਐਸ. ਨਗਰ (ਮੁਹਾਲੀ) – ਪੰਜਾਬ ਦੇ ਬਹੁਚਰਚਿਤ ਡਰੱਗ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਆਪਣੇ ਵਕੀਲਾਂ ਨਾਲ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 7 ਅਗਸਤ ’ਤੇ ਅੱਗੇ ਪਾ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਮਜੀਠੀਆ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਸਿਆਸੀ ਬਦਲਾਖੋਰੀ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕਰੀਬ ਡੇਢ ਸਾਲ ਦੌਰਾਨ ਪੰਜਾਬ ਪੁਲੀਸ ਹੁਣ ਤੱਕ ਉਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਨਹੀਂ ਕਰ ਸਕੀ ਕਿਉਂਕਿ ਹੁਣ ਤੱਕ ਜਾਂਚ ਏਜੰਸੀ ਨੂੰ ਉਨ੍ਹਾਂ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ। ਸ੍ਰੀ ਮਜੀਠੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਧਮਕੀ ਭਰੇ ਫੋਨ ਆ ਚੁੱਕੇ ਹਨ ਜਿਸ ਸਬੰਧੀ ਉਹ ਡੀਜੀਪੀ ਨੂੰ ਜਾਣਕਾਰੀ ਦੇ ਚੁੱਕੇ ਹਨ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਸ੍ਰੀ ਮਜੀਠੀਆ ਨੇ ਕਿਹਾ ਕਿ ‘ਆਪ’ ਸਰਕਾਰ ਸੂਬੇ ਦੇ ਨੌਜਵਾਨਾਂ ਖਾਸ ਕਰ ਕੇ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।