ਤਖ਼ਤ ਦਮਦਮਾ ਸਾਹਿਬ ਤੋਂ ਕੌਮੀ ਇਨਸਾਫ਼ ਮਾਰਚ ਸ਼ੁਰੂ

ਤਖ਼ਤ ਦਮਦਮਾ ਸਾਹਿਬ ਤੋਂ ਕੌਮੀ ਇਨਸਾਫ਼ ਮਾਰਚ ਸ਼ੁਰੂ

ਸਿਮਰਨਜੀਤ ਮਾਨ ਵੱਲੋਂ ਜੇਲ੍ਹ ’ਚ ਅੰਮ੍ਰਿਤਪਾਲ ਸਿੰਘ ਨਾਲ ਵਕੀਲ ਨੂੰ ਨਾ ਮਿਲਣ ਦੇਣ ’ਤੇ ਸਰਕਾਰ ਦੀ ਨਿਖੇਧੀ
ਤਲਵੰਡੀ ਸਾਬੋ- ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਕੌਮੀ ਇਨਸਾਫ਼ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਰੰਭ ਕੀਤਾ ਗਿਆ, ਜੋ 3 ਅਕਤੂਬਰ ਨੂੰ ਫਤਿਹਗੜ੍ਹ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਅਤੇ ਵਰਕਰ ਇੱਥੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਇਕੱਠੇ ਹੋਏ। ਇਸ ਮਗਰੋਂ ਤਖ਼ਤ ਦਮਦਮਾ ਸਾਹਿਬ ਵਿੱਚ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਇਨਸਾਫ਼ ਮਾਰਚ ਦੀ ਆਰੰਭਿਕ ਅਰਦਾਸ ਕੀਤੀ ਤੇ ਪੰਜ ਪਿਆਰਿਆਂ ਅਤੇ ਸਿਮਰਨਜੀਤ ਸਿੰਘ ਮਾਨ ਨੂੰ ਸਿਰਪਾਓ ਭੇਟ ਕੀਤੇ। ਇਸ ਤੋਂ ਬਾਅਦ ਇਹ ਮਾਰਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਨਾਲ ਗੱਡੀਆਂ, ਮੋਟਰਸਾਈਕਲਾਂ ਦੇ ਇੱਕ ਵੱਡੇ ਕਾਫ਼ਲੇ ਦੇ ਰੂਪ ਵਿੱਚ ਸ਼ੁਰੂ ਹੋਇਆ। ਇਸ ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਸਿਮਰਨਜੀਤ ਸਿੰਘ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਦੇਸ਼-ਵਿਦੇਸ਼ ਵਿੱਚ ਸਿੱਖ ਆਗੂਆਂ ਦੀਆਂ ਹੱਤਿਆਵਾਂ ਕਰਵਾਈਆਂ ਜਾ ਰਹੀਆਂ ਹਨ। ਜਵਿੇਂ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ, ਪਾਕਿਸਤਾਨ ਵਿੱਚ ਪਰਮਜੀਤ ਸਿੰਘ ਪੰਜਵੜ, ਹਰਿਆਣਾ ਵਿੱਚ ਦੀਪ ਸਿੱਧੂ ਅਤੇ ਇੰਗਲੈਂਡ ਵਿੱਚ ਭਾਈ ਅਵਤਾਰ ਸਿੰਘ ਖੰਡਾ ਦੀ ਹੱਤਿਆ ਕਰਵਾਈ ਗਈ ਹੈ। ਉਨ੍ਹਾਂ ਲੰਡਨ ਸਥਿਤ ਗੁਰਦੁਆਰਾ ਸਾਹਿਬ ਵਿੱਚ ਭਾਰਤੀ ਹਾਈ ਕਮਿਸ਼ਨਰ ਨੂੰ ਨਾ ਵੜਨ ਦੇਣ ਦੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਕੌਮ ਲਈ ਮੰਦਭਾਗੀਆਂ ਹਨ। ਉਨ੍ਹਾਂ ਡਬਿਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨਾਲ ਉਸ ਦੇ ਵਕੀਲ ਨੂੰ ਮਿਲਣ ਦੀ ਆਗਿਆ ਨਾ ਦੇਣ ’ਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਈਨਿੰਗ ਮਾਮਲੇ ਵਿੱਚ ਐੱਸਐੱਸਪੀ ਹੋਈ ਬਦਲੀ ਮਾਮਲੇ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਰੇਤ ਮਾਫ਼ੀਆ ਨੂੰ ਰੋਕਣਾ ਨਹੀਂ ਚਾਹੁੰਦੀ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੇ ਮਾਰਚ ਦਾ ਮਕਸਦ ਇਹ ਹੈ ਕਿ ਸਿੱਖ ਅਮਨ ਸ਼ਾਂਤੀ ਚਾਹੁੰਦੇ ਹਨ ਹਿੰਸਾ ਨਹੀਂ। ਇਹ ਸੰਦੇਸ਼ ਦੇਣ ਲਈ ਚੱਲਿਆ ਇਹ ਮਾਰਚ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਰੁਕੇਗਾ।

ਕੱਲ੍ਹ ਸ੍ਰੀ ਆਨੰਦਪੁਰ ਸਾਹਿਬ ਅਤੇ 3 ਅਕਤੂਬਰ ਨੂੰ ਫਤਿਹਗੜ੍ਹ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। ਇਸ ਮੌਕੇ ਸ੍ਰੀ ਮਾਨ ਨਾਲ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਸ਼ਾਮਲ ਸਨ।