ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਦ੍ਰੌਪਦੀ ਮੁਰਮੂ

ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਦ੍ਰੌਪਦੀ ਮੁਰਮੂ

ਪਟਨਾ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸਖ਼ਤ ਸੁਰੱਖਿਆ ਦਰਮਿਆਨ ਇਥੇ ਸਥਿਤ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ। ਸੋਸ਼ਲ ਮੀਡੀਆ ਪਲੇਟਫਾਰਮ ’ਤੇ ਰਾਸ਼ਟਰਪਤੀ ਦੇ ਅਕਾਊਂਟ ਤੋਂ ਸਾਂਝੀ ਕੀਤੀ ਗਈ ਇਕ ਪੋਸਟ ਵਿਚ ਲਿਖਿਆ, ‘ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬਿਹਾਰ ਦੇ ਅਪਣੇ ਦੌਰੇ ਦੇ ਪਹਿਲੇ ਦਿਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ’। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਰਾਸ਼ਟਰਪਤੀ ਦੀ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਰਾਸ਼ਟਰਪਤੀ ਦੀ ਫੇਰੀ ਤੋਂ ਤੁਰੰਤ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, “ਇਹ ਸੱਚਮੁੱਚ ਬਹੁਤ ਵਧੀਆ ਮੌਕਾ ਸੀ ਕਿ ਰਾਸ਼ਟਰਪਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕਰਨ ਆਏ। ਸਾਨੂੰ ਉਨ੍ਹਾਂ ਨਾਲ ਇਸ ਪ੍ਰਸਿੱਧ ਸਥਾਨ ਦਾ ਇਤਿਹਾਸ ਸਾਂਝਾ ਕਰਨ ਦਾ ਮੌਕਾ ਮਿਲਿਆ। ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੀ ਕਿਹਾ ਜਾਂਦਾ ਹੈ। ਇਹ ਸਿੱਖਾਂ ਦੇ ਪੰਜ ਤਖ਼ਤਾਂ ਵਿਚੋਂ ਇਕ ਹੈ। ਇਹ ਤਖ਼ਤ 18ਵੀਂ ਸਦੀ ਵਿਚ ਮਹਾਰਾਜਾ ਰਣਜੀਤ ਸਿੰਘ ਦੁਆਰਾ ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਦੇ ਜਨਮ ਅਸਥਾਨ ’ਤੇ ਬਣਵਾਇਆ ਗਿਆ ਸੀ। ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਵਿਚ ਪਟਨਾ ਵਿਖੇ ਹੋਇਆ ਸੀ।