ਤਰਨਜੀਤ ਸੰਧੂ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਤਰਨਜੀਤ ਸੰਧੂ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਵਡੇਰਿਆਂ ਦੇ ਨਾਂ ’ਤੇ ਬਣੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਵੀ ਕੀਤੇ ਦਰਸ਼ਨ: ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਅੰਮ੍ਰਿਤਸਰ- ਅਮਰੀਕਾ ’ਚ ਭਾਰਤੀ ਸਫੀਰ ਤਰਨਜੀਤ ਸਿੰਘ ਸੰਧੂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਮੱਥਾ ਟੇਕਣ ਮਗਰੋਂ ਸ੍ਰੀ ਸੰਧੂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਵੀ ਗਏ, ਜਿਥੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਦੌਰਾਨ ਤਰਨਜੀਤ ਸਿੰਘ ਸੰਧੂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਾ ਕੇ ਆਪਣੇ ਪੁਰਖਿਆਂ ਦੀ ਯਾਦ ਤਾਜ਼ਾ ਕੀਤੀ।

ਉਨ੍ਹਾਂ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਆਸਥਾ ਦਾ ਵੱਡਾ ਕੇਂਦਰ ਹੈ, ਜਿਥੋਂ ਮਨੁੱਖ ਨੂੰ ਰੂਹਾਨੀ ਸ਼ਕਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਉਨ੍ਹਾਂ ਦੇ ਪਰਿਵਾਰ ਦਾ ਗਹਿਰਾ ਰਿਸ਼ਤਾ ਹੈ। ਉਨ੍ਹਾਂ ਦੇ ਵਡੇਰੇ ਤੇਜਾ ਸਿੰਘ ਸਮੁੰਦਰੀ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਵੇਲੇ ਕਈ ਮੋਰਚਿਆਂ ਵਿੱਚ ਹਿੱਸਾ ਲਿਆ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਯੁੱਗ ਤਕਨੀਕ ਦਾ ਹੈ ਤੇ ਸਿੱਖ ਕੌਮ ਨੂੰ ਵੀ ਆਪਣੀਆਂ ਵਿਦਿਅਕ ਸੰਸਥਾਵਾਂ ਰਾਹੀਂ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇ ਮਾਹਰ ਬਣਾਉਣ ਲਈ ਵਧੇਰੇ ਯਤਨ ਕਰਨੇ ਚਾਹੀਦੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸਿੱਖ ਕੌਮ ਲਈ ਇਹ ਵੱਡਾ ਫ਼ਖ਼ਰ ਹੈ ਕਿ ਸਿੱਖ ਆਗੂ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਤਰਨਜੀਤ ਸਿੰਘ ਸੰਧੂ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਵਜੋਂ ਨੁਮਾਇੰਦਗੀ ਕਰ ਰਹੇ ਹਨ।