ਤੇਜਿੰਦਰਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਪਟਿਆਲਾ ਪੁੱਜਣ ’ਤੇ ਸਵਾਗਤ

ਤੇਜਿੰਦਰਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਪਟਿਆਲਾ ਪੁੱਜਣ ’ਤੇ ਸਵਾਗਤ

ਪਟਿਆਲਾ- ਚੀਨ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਦੇਸ਼ ਲਈ ਤਗਮੇ ਜਿੱਤਣ ਵਾਲੇ ਤੇਜਿੰਦਰਪਾਲ ਸਿੰਘ ਤੂਰ ਅਤੇ ਹਰਮਿਲਨ ਬੈਂਸ ਦਾ ਅੱਜ ਇੱਥੇ ਪਟਿਆਲਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ। ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਹੈ ਕਿ ਇਹ ਖਿਡਾਰੀ ਸਾਡੇ ਦੇਸ਼ ਤੇ ਪੰਜਾਬ ਦਾ ਮਾਣ ਹਨ। ਜ਼ਿਕਰਯੋਗ ਹੈ ਕਿ ਤਜਿੰਦਰਪਾਲ ਸਿੰਘ ਤੂਰ ਨੇ ਏਸ਼ੀਅਨ ਖੇਡਾਂ ਵਿੱਚ ਪੁਰਸ਼ਾਂ ਦੇ ਸ਼ਾਟ ਪੁੱਟ ਮੁਕਾਬਲੇ ਵਿੱਚ 20.36 ਮੀਟਰ ਥਰੋਅ ਨਾਲ ਸੋਨ ਤਗਮਾ ਜਿੱਤਿਆ ਹੈ। ਹਰਮਿਲਨ ਬੈਂਸ ਨੇ 1500 ਮੀਟਰ ਅਤੇ 800 ਮੀਟਰ ਵਿੱਚ ਚਾਂਦੀ ਦੇ ਤਗਮੇ ਜਿੱਤ ਕੇ ਦੋਹਰੀ ਉਪਲਬਧੀ ਹਾਸਲ ਕੀਤੀ।