ਦਰਬਾਰ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ

ਦਰਬਾਰ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ

ਵੱਡੀ ਗਿਣਤੀ ਵਿੱਚ ਸੰਗਤ ਨੇ ਮੱਥਾ ਟੇਕਿਆ ਅਤੇ ਦੀਪਮਾਲਾ ਕੀਤੀ
ਅੰਮ੍ਰਿਤਸਰ-ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਗੁਰੂਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਦਰਬਾਰ ਸਾਹਿਬ ਸਮੇਤ ਸ੍ਰੀ ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸਜਾਏ ਜਲੌਅ ਖਿੱਚ ਦਾ ਕੇਂਦਰ ਬਣੇ ਰਹੇ ਅਤੇ ਰਾਤ ਵੇਲੇ ਸੰਗਤ ਨੇ ਦੀਪਮਾਲਾ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਅਖੰਡ ਪਾਠ ਦੇ ਭੋਗ ਉਪਰੰਤ ਭਾਈ ਗੁਰਬਚਨ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਤੋਂ ਪਹਿਲਾਂ ਵਿਸ਼ਵ ’ਤੇ ਅਗਿਆਨਤਾ ਦਾ ਹਨੇਰਾ ਸੀ, ਜਿਸ ਨੂੰ ਗੁਰੂ ਸਾਹਿਬ ਨੇ ਗੁਰਬਾਣੀ ਦੇ ਚਾਨਣ ਰਾਹੀਂ ਦੂਰ ਕੀਤਾ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਏਕੇ ਵਿਚ ਪਰੋਇਆ। ਇਸ ਦੇ ਨਾਲ ਹੀ ਉਨ੍ਹਾਂ ਔਰਤਾਂ ਨੂੰ ਸਮਾਜ ਵਿਚ ਉੱਚਾ ਅਤੇ ਸਤਿਕਾਰਯੋਗ ਦਰਜਾ ਦਿੱਤਾ। ਉਨ੍ਹਾਂ ਆਖਿਆ ਕਿ ਸਮੁੱਚੀ ਮਨੁੱਖਤਾ ਨੂੰ ਗੁਰੂ ਨਾਨਕ ਦੇਵ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਰਬ ਸਾਂਝੇ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਨਵਤੇਜ ਸਿੰਘ ਕਾਉਣੀ, ਗੁਰਮੀਤ ਸਿੰਘ ਬੂਹ, ਸਤਪਾਲ ਸਿੰਘ ਤਲਵੰਡੀ ਭਾਈ, ਦਰਸ਼ਨ ਸਿੰਘ ਸ਼ੇਰਖਾਂ, ਕੌਰ ਸਿੰਘ, ਜਥੇਦਾਰ ਗੁਰਲਾਲ ਸਿੰਘ, ਦਰਸ਼ਨ ਸਿੰਘ ਬਰਾੜ, ਬੀਬੀ ਜੋਗਿੰਦਰ ਕੌਰ ਬਠਿੰਡਾ, ਮਾਸਟਰ ਅਮਰੀਕ ਸਿੰਘ ਵਿਛੋਆ, ਅਮਰਜੀਤ ਸਿੰਘ ਭਲਾਈਪੁਰ ਤੇ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।

ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ

ਤਲਵੰਡੀ ਸਾਬੋ ;ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ਵ ਭਰ ਦੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਗੁਰੂ ਨਾਨਕ ਦੇਵ ਦੇ ਫਲਸਫ਼ੇ ’ਤੇ ਚੱਲਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿੱਚ ਪਹਿਲੀ ਪਾਤਸ਼ਾਹੀ ਦੇ ਅਵਤਾਰ ਪੁਰਬ ਦੇ ਸਬੰਧ ’ਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ। ਇਸ ਮੌਕੇ ਹਜ਼ੂਰੀ ਰਾਗੀ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ। ਸੰਗਤ ਵੱਲੋਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਤਖ਼ਤ ਸਾਹਿਬ ਅਤੇ ਇੱਥੋਂ ਦੇ ਹੋਰ ਗੁਰਦੁਆਰਿਆਂ ਵਿੱਚ ਮੱਥਾ ਟੇਕਿਆ ਗਿਆ।