ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੱਕ: ਧਾਮੀ

ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੱਕ: ਧਾਮੀ

ਅੰਮ੍ਰਿਤਸਰ- ਐੱਸਵਾਈਐੱਲ ਦੇ ਮਾਮਲੇ ’ਤੇ ਪੰਜਾਬ ਦੇ ਹੱਕ ’ਚ ਗੱਲ ਕਰਦਿਆਂ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਵਿਸ਼ੇਸ਼ ਮਤਾ ਪਾਸ ਕਰਕੇ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ ਹੈ ਅਤੇ ਇਸ ਹੱਕ ’ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਅੰਤ੍ਰਿੰਗ ਕਮੇਟੀ ਨੇ ਏਸ਼ੀਅਨ ਖੇਡਾਂ ਵਿਚ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਗੁਰਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ 2 ਲੱਖ ਰੁਪਏ ਅਤੇ ਪੰਜਾਬ ਤੋਂ ਖੇਡਣ ਵਾਲੇ ਬਾਕੀ ਹਾਕੀ ਖਿਡਾਰੀਆਂ ਨੂੰ 50-50 ਹਜ਼ਾਰ ਰੁਪਏ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਧਾਮੀ ਨੇ ਦੱਸਿਆ ਕਿ ਪੰਜਾਬ ਦੇ ਪਾਣੀਆਂ ਦੇ ਮਸਲੇ ’ਤੇ ਕੋਈ ਵੀ ਜ਼ਬਰਦਸਤੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਅਦਾਲਤ ਵਿਚ ਸਹੀ ਪੱਖ ਨਾ ਰੱਖਣ ਕਰਕੇ ਹੀ ਅਜਿਹੀ ਸਥਿਤੀ ਬਣੀ ਹੈ। ਅੰਤ੍ਰਿੰਗ ਕਮੇਟੀ ਨੇ ਮਤਾ ਪਾਸ ਕਰਕੇ ਸਪੱਸ਼ਟ ਤੌਰ ’ਤੇ ਕਿਹਾ ਕਿ ਜੇਕਰ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨਾਲ ਕੋਈ ਧੱਕਾ ਹੋਇਆ ਤਾਂ ਸ਼੍ਰੋਮਣੀ ਕਮੇਟੀ ਪੰਜਾਬ ਦੇ ਹੱਕ ਵਿਚ ਡੱਟ ਕੇ ਖੜ੍ਹੇਗੀ। ਇਸ ਮਾਮਲੇ ਵਿਚ ਜਿੱਥੇ ਵੀ ਲੋੜ ਪਵੇਗੀ, ਸਿੱਖ ਸੰਸਥਾ ਸਭ ਤੋਂ ਮੋਹਰੀ ਭੂਮਿਕਾ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਰਿਪੇਰੀਅਨ ਕਾਨੂੰਨ ਦੀ ਉਲੰਘਣਾ ਕਰਕੇ ਪੰਜਾਬ ਦੇ ਹਿੱਸੇ ਦਾ ਬਹੁਤਾ ਪਾਣੀ ਹਰਿਆਣਾ, ਰਾਜਸਥਾਨ ਅਤੇ ਦਿੱਲੀ ਆਦਿ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਅੰਤਰਰਾਸ਼ਟਰੀ ਰਿਪੇਰੀਅਨ ਕਾਨੂੰਨ ਅਤੇ ਮਾਨਵੀ ਸਰੋਕਾਰਾਂ ਦੇ ਮੱਦੇਨਜ਼ਰ ਇਹ ਯਕੀਨੀ ਬਣਾਵੇ ਕਿ ਪੰਜਾਬ ਨਾਲ ਬੇਇਨਸਾਫ਼ੀ ਨਾ ਹੋਵੇ। ਅੰਤ੍ਰਿੰਗ ਕਮੇਟੀ ਨੇ ਹੋਰ ਖਿਡਾਰੀਆਂ ਤੋਂ ਇਲਾਵਾ ਰਾਈਫਲ ਸ਼ੂਟਰ ਸਿਫਤ ਕੌਰ ਨੂੰ ਵੀ 50 ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 8 ਨੂੰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ 8 ਨਵੰਬਰ ਨੂੰ ਜਨਰਲ ਇਜਲਾਸ ਸੱਦਿਆ ਗਿਆ ਹੈ ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਸਾਲਾਨਾ ਚੋਣ ਹੋਵੇਗੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ 26 ਲੱਖ ਪ੍ਰੋਫਾਰਮੇ ਰਾਸ਼ਟਰਪਤੀ ਕੋਲ ਭੇਜਣ ਵਾਸਤੇ ਪੰਜਾਬ ਦੇ ਰਾਜਪਾਲ ਕੋਲੋਂ ਮੁਲਾਕਾਤ ਵਾਸਤੇ ਮੁੜ ਸਮਾਂ ਮੰਗਿਆ ਹੈ।