ਦਿੱਲੀ ਕਮੇਟੀ ਵੱਲੋਂ ਸਿੰਘ ਸਭਾਵਾਂ ਦੇ ਆਗੂਆਂ ਨਾਲ ਮੀਟਿੰਗ

ਦਿੱਲੀ ਕਮੇਟੀ ਵੱਲੋਂ ਸਿੰਘ ਸਭਾਵਾਂ ਦੇ ਆਗੂਆਂ ਨਾਲ ਮੀਟਿੰਗ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਫ਼ਤਹਿ ਦਿਵਸ ਮਨਾਉਣ ਸਬੰਧੀ ਪੱਛਮੀ ਦਿੱਲੀ ਦੇ ਕਮੇਟੀ ਮੈਂਬਰਾਂ ਤੇ ਸਿੰਘ ਸਭਾਵਾਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਵਿਚ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਪ੍ਰਧਾਨ ਜਸਪ੍ਰੀਤ ਸਿੰਘ ਕਰਮਸਰ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ ਤੇ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਲਗਪਗ 10 ਸਾਲਾਂ ਤੋਂ ਦਿੱਲੀ ਫ਼ਤਹਿ ਦਿਵਸ ਮਨਾਉਣਾ ਸ਼ੁਰੂ ਕੀਤਾ ਹੈ ਅਤੇ ਇਸ ਵਾਰ ਦਾ ਇਹ ਸਮਾਗਮ ਅਕਾਲੀ ਬਾਬਾ ਫੂਲਾ ਸਿੰਘ ਦੇ 200 ਸਾਲਾ ਸ਼ਹੀਦੀ ਦਿਹਾੜੇ ਤੇ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ। ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਜੇਕਰ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਦੱਸੀਏ ਤਾਂ ਬੱਚੇ ਕਦੇ ਵੀ ਸਿੱਖੀ ਤੋਂ ਦੂਰ ਨਹੀਂ ਜਾਣਗੇ। ਇਸ ਮੌਕੇ ਐਚਐਸ ਹੰਸਪਾਲ, ਮਹਿੰਦਰਪਾਲ ਸਿੰਘ ਚੱਢਾ, ਹਰਜੀਤ ਸਿੰਘ ਪੱਪਾ, ਸਰਵਜੀਤ ਸਿੰਘ ਵਿਰਕ, ਰਾਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।