ਦਿੱਲੀ ਵਿੱਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਦਿੱਲੀ ਵਿੱਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਵੱਡੀ ਗਿਣਤੀ ਸੰਗਤ ਗੁਰੂਘਰਾਂ ਵਿਖੇ ਹੋਈ ਨਤਮਸਤਕ; ਰਾਗੀ ਸਿੰਘਾਂ ਨੇ ਕੀਰਤਨ ਨਾਲ ਕੀਤਾ ਨਿਹਾਲ
ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦਾ 553ਵਾਂ ਪ੍ਰਕਾਸ਼ ਪੂਰਬ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਗੁਰਦੁਆਰਿਆਂ ਵਿਖੇ ਗੁਰਮਤਿ ਸਮਾਗਮ ਹੋਏ, ਜਿਨ੍ਹਾਂ ਵਿੱਚ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨਾਂ ਨਾਲ ਸੰਗਤ ਨੂੰ ਨਿਹਾਲ ਕੀਤਾ ਤੇ ਕਥਾ ਵਿਚਾਰਾਂ ਹੋਈਆਂ। ਮੁੱਖ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿੱਚ ਹੋਇਆ। ਇੱਥੇ ਲੋਕ ਸਭਾ ਸਪੀਕਰ ਓਮ ਬਿਰਲਾ, ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮਹੇਸ਼ ਵਰਮਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈਆਂ। ਸ੍ਰੀ ਬਿਰਲਾ ਨੇ ਕਿਹਾ ਕਿ ਉਹ ਇਸ ਪਵਿੱਤਰ ਦਿਹਾੜੇ ਦੀ ਸਮੁੱਚੀ ਮਨੁੱਖਤਾ ਨੂੰ ਵਧਾਈ ਦਿੰਦੇ ਹਨ ਤੇ ਇਸ ਗੱਲ ਦੀ ਖੁਸ਼ੀ ਹੈ ਕਿ ਗੁਰੂ ਸਾਹਿਬ ਵੱਲੋਂ ਪਾਏ ਪੂਰਨਿਆਂ ’ਤੇ ਚੱਲਦਿਆਂ ਸਿੱਖ ਕੌਮ ਅੱਜ ਦੇਸ਼-ਵਿਦੇਸ਼ ਵਿੱਚ ਮਨੁੱਖਤਾ ਦੀ ਸੇਵਾ ਕਰ ਰਹੀ ਹੈ। ਇਸ ਦੌਰਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵੀ ਵੱਡੀ ਗਿਣਤੀ ਵਿੱਚ ਸੰਗਤ ਨਤਮਮਸਕ ਹੋਈ। ਤਿਲਕ ਨਗਰ ਵਿੱਚ ਵੀ ਸਥਾਨਕ ਸੰਗਤ ਵੱਲੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ‘ਆਪ’ ਦੇ ਪੰਜਾਬ ਇੰਚਾਰਜ ਤੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਤੇ ਹੋਰ ਸਿੱਖ ਆਗੂ ਸ਼ਾਮਲ ਹੋਏ।