ਦਿੱਲੀ ਵਿੱਚ ਮੌਸਮ ਦੇ ਬਦਲੇ ਮਿਜ਼ਾਜ ਨੇ ਠੰਢ ਵਧਾਈ

ਦਿੱਲੀ ਵਿੱਚ ਮੌਸਮ ਦੇ ਬਦਲੇ ਮਿਜ਼ਾਜ ਨੇ ਠੰਢ ਵਧਾਈ

ਘੱਟੋ-ਘੱਟ ਤਾਪਮਾਨ 9.8 ਡਿਗਰੀ ਦਰਜ; ਮੌਸਮ ਵਿਭਾਗ ਨੇ ਦੋ ਦਿਨ ਹੋਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ
ਨਵੀਂ ਦਿੱਲੀ- ਕੌਮੀ ਰਾਜਧਾਨੀ ਵਿੱਚ ਅੱਜ ਦਿਨ ਭਰ ਬੱਦਲ ਛਾਏ ਰਹੇ। ਐੱਨਸੀਆਰ ਵਿੱਚ ਕਿਤੇ-ਕਿਤੇ ਕਿਣਮਿਣ ਵੀ ਹੁੰਦੀ ਰਹੀ ਅਤੇ ਕਈ ਥਾਈਂ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਵਿਭਾਗ ਅਨੁਸਾਰ ਅਜੇ ਇੱਕ-ਦੋ ਦਿਨ ਹੋਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਅੱਜ ਨਵੀਂ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਦੋ ਡਿਗਰੀ ਘੱਟ ਸੀ। ਭਾਰਤ ਮੌਸਮ ਵਿਗਿਆਨ ਵਿਭਾਗ ਅਨੁਸਾਰ ਅਗਲੇ ਦਿਨੀਂ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਦਿੱਲੀ ਅਤੇ ਇਸ ਦੇ ਗੁਆਂਢੀ ਸੁੂਬਿਆਂ ਦੇ ਕੁੱਝ ਇਲਾਕਿਆਂ ਵਿੱਚ 15 ਜਨਵਰੀ ਤੋਂ ਮੁੜ ਸੀਤ ਲਹਿਰ ਦੇ ਆਸਾਰ ਹਨ। ਦਿੱਲੀ ਸਰਕਾਰ ਦੀ ਅਗਵਾਈ ਹੇਠ ਚੱਲ ਰਹੇ ਰੈਣ ਬਸੇਰਿਆਂ ਵਿਚ ਬੇਘਰੇ ਲੋਕਾਂ ਲਈ ਗਰਮ ਬਿਸਤਰਿਆਂ ਦਾ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਸਰਕਾਰ ਨੇ ਲੋਕਾਂ ਨੂੰ ਠੰਢ ਤੋਂ ਬਚਣ ਲਈ ਇਨ੍ਹਾਂ ਰੈਣ ਬਸੇਰਿਆਂ ਦਾ ਸਹਾਰਾ ਲੈਣ ਦੀ ਅਪੀਲ ਕੀਤੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਹਵਾ ਦਾ ਗੁਣਵੱਤਾ ਸੂਚਕ ਅੰਕ (ਏਕਿਊਆਈ) 373 ਦਰਜ ਕੀਤਾ ਗਿਆ, ਜੋ ਕਿ ‘ਬੇਹੱਦ ਖਰਾਬ’ ਸ਼੍ਰੇਣੀ ਵਿੱਚ ਆਉਂਦਾ ਹੈ।