ਦੇਸ਼ ਦੀ ਆਜ਼ਾਦੀ ਵਿੱਚ ਕੂਕਿਆਂ ਦਾ ਅਹਿਮ ਯੋਗਦਾਨ: ਅਰੋੜਾ

ਦੇਸ਼ ਦੀ ਆਜ਼ਾਦੀ ਵਿੱਚ ਕੂਕਿਆਂ ਦਾ ਅਹਿਮ ਯੋਗਦਾਨ: ਅਰੋੜਾ

66 ਨਾਮਧਾਰੀ ਸ਼ਹੀਦਾਂ ਦੀ ਯਾਦ ’ਚ ਸਮਾਗਮ; ਮਾਲੇਰਕੋਟਲਾ-ਖੰਨਾ ਸੜਕ ਹੋਵੇਗੀ ਚੌੜੀ
ਮਾਲੇਰਕੋਟਲਾ- ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਕਰਵਾਏ ਸੂਬਾ ਪੱਧਰੀ ਸਮਾਗਮ ਵਿੱਚ ਪੁੱਜੇ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਆਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼੍ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਦਿੱਤੀਆਂ ਸ਼ਹੀਦੀਆਂ ਲਾਮਿਸਾਲ ਹਨ।

ਸ੍ਰੀ ਅਰੋੜਾ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਨੇ ਅੰਗਰੇਜ਼ਾਂ ਦਾ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸੰਪਰਦਾ ਵੱਲੋਂ ਸ਼ੁਰੂ ਕੀਤੇ ਗਏ ਨਾ-ਮਿਲਵਰਤਨ ਅੰਦੋਲਨ ਅਤੇ ਨਾ-ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਕਿ ਦੇਸ਼ ਦੀ ਆਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਾਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੰਨ੍ਹਿਆ ਗਿਆ ਸੀ। ਉਨ੍ਹਾਂ ਕਿਹਾ ਕਿ ਨਾਮਧਾਰੀ ਸੰਗਤ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ। ਸ੍ਰੀ ਅਰੋੜਾ ਨੇ ਐਲਾਨ ਕੀਤਾ ਕਿ ਜਲਦ ਹੀ ਮਾਲੇਰਕੋਟਲਾ-ਖੰਨਾ ਸੜਕ ਨੂੰ 18 ਫੁੱਟ ਤੋਂ ਵਧਾ ਕੇ 33 ਫੁੱਟ ਚੌੜੀ ਕਰਨ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਮਾਰਕ ਦੇ ਬਾਹਰ ਪਾਰਕਿੰਗ ਵਾਲੀ ਥਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ।