ਦੇਸ਼ ਵਾਸੀਆਂ ਨੂੰ ਆਤਮ-ਨਿਰਭਰ ਬਣਾਉਣਾ ਚਾਹੁੰਦੇ ਨੇ ਮੋਦੀ: ਸ਼ਾਹ

ਦੇਸ਼ ਵਾਸੀਆਂ ਨੂੰ ਆਤਮ-ਨਿਰਭਰ ਬਣਾਉਣਾ ਚਾਹੁੰਦੇ ਨੇ ਮੋਦੀ: ਸ਼ਾਹ

ਅਹਿਮਦਾਬਾਦ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਾਹੁੰਦੇ ਹਨ ਕਿ ਦੇਸ਼ ਦੇ ਗਰੀਬਾਂ ਸਮੇਤ 140 ਕਰੋੜ ਲੋਕ ਆਤਮ-ਨਿਰਭਰ ਬਣਨ ਅਤੇ ਉਹ ਇਸ ਲਈ ਸਮਰਪਣ ਨਾਲ ਕੰਮ ਕਰ ਰਹੇ ਹਨ। ਸ਼ਾਹ ਨੇ ਇੱਥੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਚਾਹੁੰਦੇ ਹਨ ਕਿ ਭਾਰਤ ਪੁਲਾੜ ਤਕਨੀਕ ਤੇ ਰੱਖਿਆ ਖੇਤਰ ਵਿੱਚ ਆਤਮ-ਨਿਰਭਰ ਬਣੇ ਅਤੇ ਉਨ੍ਹਾਂ ਦਾ ਟੀਚਾ ਗਰੀਬ ਲੋਕਾਂ ਨੂੰ ਵੀ ਆਤਮ-ਨਿਰਭਰ ਬਣਾਉਣ ਦਾ ਹੈ। ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਰੇਹੜੀ-ਫੜ੍ਹੀ ਵਾਲਿਆਂ ਨੂੰ ਆਸਾਨੀ ਨਾਲ ਕਰਜ਼ਾ ਲੈਣ ਵਿੱਚ ਮਦਦ ਕਰਦੀ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਗਰੀਬ ਲੋਕਾਂ ਨੂੰ ਸਭ ਤੋਂ ਵੱਧ ਲਾਭ ਪਹੁੰਚਿਆ ਹੈ। ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਕਰਜ਼ਾ ਵੰਡਣ ਦੇ ਸਮਾਗਮ ’ਚ ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਵੀ ਹਾਜ਼ਰ ਸਨ। ਸ਼ਾਹ ਨੇ ਕਿਹਾ, ‘ਪਿਛਲੇ ਨੌਂ ਸਾਲਾਂ ਦੌਰਾਨ ਤਿੰਨ ਕਰੋੜ ਦੇ ਕਰੀਬ ਲੋਕਾਂ ਨੂੰ ਆਪਣਾ ਘਰ, ਚਾਰ ਕਰੋੜ ਲੋਕਾਂ ਨੂੰ ਬਿਜਲੀ ਕੁਨੈਕਸ਼ਨ, 10 ਕਰੋੜ ਲੋਕਾਂ ਨੂੰ ਗੈਸ ਸਿਲੰਡਰ, 12 ਕਰੋੜ ਲੋਕਾਂ ਨੂੰ ਪਖਾਨੇ, 80 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ ਅਤੇ 60 ਕਰੋੜ ਲੋਕਾਂ ਨੂੰ ਪੰਜ ਲੱਖ ਰੁਪਏ ਦੇ ਸਿਹਤ ਬੀਮੇ ਦਾ ਲਾਭ ਦਿੱਤਾ ਗਿਆ ਹੈ।’ ਸ਼ਾਹ ਨੇ ਕਿਹਾ ਕਿ ਗਰੀਬਾਂ ਨੂੰ ਗਰੀਬੀ ’ਚੋਂ ਬਾਹਰ ਕੱਢਣ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ, ‘ਮੇਰੇ ਹਲਕੇ (ਗੁਜਰਾਤ ਦੇ ਗਾਂਧੀਨਗਰ) ਵਿੱਚ 1.5 ਲੱਖ ਤੋਂ ਵੱਧ ਲੋਕਾਂ ਨੇ ਪੀਐੱਮ-ਸਵੈਨਿਧੀ ਯੋਜਨਾ ਦਾ ਲਾਭ ਲਿਆ ਹੈ। ਇਸ ਯੋਜਨਾ ਤਹਿਤ ਉਨ੍ਹਾਂ ਲੋਕਾਂ ਨੂੰ ਵਿੱਤੀ ਮਦਦ ਦਿੱਤੀ ਜਾਂਦੀ ਹੈ ਜੋ ਛੋਟੇ ਕਾਰੋਬਾਰ ਤੇ ਦਸਤਕਾਰੀ ਦੇ ਕੰਮ ਬਿਨਾਂ ਕਿਸੇ ਸਹਾਇਤਾ ਦੇ ਚਲਾ ਰਹੇ ਹਨ।’