ਦੇਸ਼ ਵਿੱਚ ਸਿੱਖਾਂ ਨਾਲ ਪੱਖਪਾਤ ਕੀਤਾ ਜਾ ਰਿਹੈ: ਗਿਆਨੀ ਹਰਪ੍ਰੀਤ ਸਿੰਘ

ਦੇਸ਼ ਵਿੱਚ ਸਿੱਖਾਂ ਨਾਲ ਪੱਖਪਾਤ ਕੀਤਾ ਜਾ ਰਿਹੈ: ਗਿਆਨੀ ਹਰਪ੍ਰੀਤ ਸਿੰਘ

ਅਕਾਲ ਤਖ਼ਤ ਦੇ ਜਥੇਦਾਰ ਨੇ ਸਿੱਖਾਂ ਖ਼ਿਲਾਫ਼ ਹੋ ਰਹੇ ਕੂੜ ਪ੍ਰਚਾਰ ’ਤੇ ਚਿੰਤਾ ਜਤਾਈ
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ’ਤੇ ਸਿੱਖਾਂ ਨਾਲ ਪੱਖਪਾਤ ਕਰਨ ਦਾ ਦੋਸ਼ ਲਾਇਆ ਅਤੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਹੋ ਰਹੇ ਕੂੜ ਪ੍ਰਚਾਰ ’ਤੇ ਚਿੰਤਾ ਪ੍ਰਗਟਾਈ ਹੈ।

ਇੱਕ ਵੀਡੀਓ ਸੁਨੇਹੇ ਰਾਹੀਂ ਜਥੇਦਾਰ ਨੇ ਆਖਿਆ ਕਿ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਸਿੱਖਾਂ ਖ਼ਿਲਾਫ਼ ਕੀਤਾ ਜਾ ਰਿਹਾ ਨਫ਼ਰਤੀ ਪ੍ਰਚਾਰ ਦਿਨੋ-ਦਿਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪ੍ਰਚਾਰ ਕਰਨ ਵਾਲੇ ਸਿੱਖਾਂ ਦੀ ਨਸਲਕੁਸ਼ੀ ਅਤੇ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ ਦੀਆਂ ਧਮਕੀਆਂ ਦੇ ਰਹੇ ਹਨ, ਜਿਸ ਨੂੰ ਸਿੱਖ ਕਦੇ ਬਰਦਾਸ਼ਤ ਨਹੀਂ ਕਰ ਸਕਦੇ ਪਰ ਇਨ੍ਹਾਂ ਮਾਮਲਿਆਂ ਵਿੱਚ ਸਰਕਾਰਾਂ ਮੂਕ ਦਰਸ਼ਕ ਬਣੀਆਂ ਹੋਈਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਹਿੰਦੂ ਰਾਸ਼ਟਰ ਦੀ ਗੱਲ ਕਰਨਾ ਤਾਂ ਠੀਕ ਹੈ ਪਰ ਸਿੱਖ ਰਾਸ਼ਟਰ ਦੀ ਗੱਲ ਕਰਨਾ ਗਲਤ ਹੈ, ਉਸੇ ਨੂੰ ਆਧਾਰ ਬਣਾ ਕੇ ਸਿੱਖਾਂ ਵਿਰੁੱਧ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈੈ।’’ ਉਨ੍ਹਾਂ ਸਵਾਲ ਕੀਤਾ, ‘‘ਜੇਕਰ ਹਿੰਦੂ ਰਾਸ਼ਟਰ ਦੀ ਗੱਲ ਕਰਨਾ ਠੀਕ ਹੈ ਤਾਂ ਫਿਰ ਸਿੱਖ ਰਾਸ਼ਟਰ ਦੀ ਗੱਲ ਕਰਨਾ ਗਲਤ ਕਿਉਂ ਹੈ?’’ ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਕ ਕਿਸੇ ਨੂੰ ਧਮਕੀ ਦੇਣ ਵਾਲੇ ਖ਼ਿਲਾਫ਼ ਕੇਸ ਦਰਜ ਹੁੰਦਾ ਹੈ ਅਤੇ ਕਾਰਵਾਈ ਕੀਤੀ ਜਾਂਦੀ ਹੈ। ਜਦਕਿ ਸਿੱਖ ਕੌਮ ਦੀ ਨਸਲਕੁਸ਼ੀ ਕਰਨ ਅਤੇ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ ਦੀ ਧਮਕੀ ਦੇਣ ਵਾਲੇ ਸਰਕਾਰੀ ਸੁਰੱਖਿਆ ਛਤਰੀ ਹੇਠ ਘੁੰਮ ਰਹੇ ਹਨ। ਸਰਕਾਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੀ? ਉਨ੍ਹਾਂ ਕਿਹਾ ਕਿ ਜੇਕਰ ਇਹੀ ਧਮਕੀ ਕਿਸੇ ਗ਼ੈਰ-ਹਿੰਦੂ ਨੇ ਕਿਸੇ ਹਿੰਦੂ ਤੀਰਥ ਬਾਰੇ ਦਿੱਤੀ ਹੁੰਦੀ ਤਾਂ ਉਹ ਤੁਰੰਤ ਸਲਾਖਾਂ ਦੇ ਪਿੱਛੇ ਹੁੰਦਾ ਅਤੇ ਸ਼ਾਇਦ ਕਦੇ ਬਾਹਰ ਵੀ ਨਹੀਂ ਆ ਸਕਣਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖਾਂ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ। ਜਥੇਦਾਰ ਨੇ ਆਖਿਆ ਹੈ ਕਿ ਜੇਕਰ ਅਜਿਹਾ ਨਹੀਂ ਹੈ ਤਾਂ ਕੇਂਦਰ ਸਰਕਾਰ ਸਿੱਖਾਂ ਦੇ ਮਸਲੇ ਤੁਰੰਤ ਹੱਲ ਕਰੇ। ਜੇਕਰ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਸਿੱਖ ਬੰਦੀ ਰਿਹਾਅ ਕਿਉਂ ਨਹੀਂ ਹੋ ਸਕਦੇ? ਉਨ੍ਹਾਂ ਕਿਹਾ ਕਿ ਕੀ ਇਹ ਸਿੱਖਾਂ ਨਾਲ ਪੱਖਪਾਤ ਨਹੀਂ ਹੈ? ਜਥੇਦਾਰ ਨੇ ਕਿਹਾ ਕਿ ਸਿੱਖ ਮੁਲਕ ਵਿੱਚ ਸ਼ਾਂਤੀ ਨਾਲ ਰਹਿਣ ਦੇ ਹਾਮੀ ਹਨ ਪਰ ਉਨ੍ਹਾਂ ਨਾਲ ਇਨਸਾਫ਼ ਹੋਣਾ ਚਾਹੀਦਾ ਹੈ।