ਦੇਹ ਨੂੰ ਫੁੱਲਾਂ ਨਾਲ ਸ਼ਿੰਗਾਰੀ ਐਂਬੂਲੈਂਸ ਵਿੱਚ ਲੈ ਕੇ ਪਾਰਟੀ ਦਫਤਰ ਪੁੱਜੇ ਸੁਖਬੀਰ

ਦੇਹ ਨੂੰ ਫੁੱਲਾਂ ਨਾਲ ਸ਼ਿੰਗਾਰੀ ਐਂਬੂਲੈਂਸ ਵਿੱਚ ਲੈ ਕੇ ਪਾਰਟੀ ਦਫਤਰ ਪੁੱਜੇ ਸੁਖਬੀਰ

ਨਰਿੰਦਰ ਮੋਦੀ ਸਣੇ ਪ੍ਰਮੁੱਖ ਆਗੂਆਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਟ
ਐਸ.ਏ.ਐਸ. ਨਗਰ (ਮੁਹਾਲੀ) ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਸਵੇਰੇ ਸਵਾ 10 ਵਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਫੁੱਲਾਂ ਨਾਲ ਸ਼ਿੰਗਾਰੀ ਹੋਈ ਫੋਰਟਿਸ ਹਸਪਤਾਲ ਦੀ ਐਂਬੂਲੈਂਸ ਵਿੱਚ ਲੈ ਕੇ ਪਾਰਟੀ ਦਫ਼ਤਰ ਪੁੱਜੇ। ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰਨਾਂ ਪ੍ਰਮੁੱਖ ਆਗੂਆਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਬਾਅਦ ਸੁਖਬੀਰ ਬਾਦਲ ਦੇ ਹੋਰ ਸੀਨੀਅਰ ਆਗੂ ਮ੍ਰਿਤਕ ਦੇਹ ਲੈ ਕੇ ਆਪਣੇ ਜੱਦੀ ਪਿੰਡ ਬਾਦਲ ਲਈ ਰਵਾਨਾ ਹੋਏ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਵੇਰੇ ਵੇਲੇ ਫੋਰਟਿਸ ਹਸਪਤਾਲ ਵਿੱਚ ਪਹੁੰਚੇ। ਉਨ੍ਹਾਂ ਨੇ ਬਾਦਲ ਦੀ ਮ੍ਰਿਤਕ ਦੇਹ ਨੂੰ ਮੋਢਾ ਦਿੱਤਾ ਅਤੇ ਉਹ ਕਾਫ਼ੀ ਭਾਵੁਕ ਨਜ਼ਰ ਆਏ। ਐਂਬੂਲੈਂਸ ਨੂੰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਚਲਾ ਰਹੇ ਸਨ ਜਦੋਂ ਕਿ ਨਾਲ ਵਾਲੀ ਸੀਟ ’ਤੇ ਸੁਖਬੀਰ ਬਾਦਲ ਬੈਠੇ ਸਨ। ਰਸਤੇ ਵਿੱਚ ਥਾਂ-ਥਾਂ ’ਤੇ ਅਕਾਲੀ ਦਲ ਦੇ ਵਰਕਰਾਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕੀਤੇ ਅਤੇ ਇਸ ਕਾਫ਼ਲੇ ’ਤੇ ਫੁੱਲਾਂ ਦੀ ਵਰਖਾ ਕੀਤੀ।

ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜੇ ਲਾਲ ਬੱਤੀ ਪੁਆਇੰਟ ’ਤੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਐੱਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ ਦੀ ਅਗਵਾਈ ਹੇਠ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਨੇ ਬਾਦਲ ਦੇ ਕਾਫ਼ਲੇ ’ਤੇ ਫੁੱਲਾਂ ਦੀ ਵਰਖਾ ਕੀਤੀ। ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਅਕਾਲੀ ਵਿਧਾਇਕ ਐੱਨ.ਕੇ. ਸ਼ਰਮਾ, ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਪੀਏਸੀ ਦੇ ਮੈਂਬਰ ਸਤਪਾਲ ਸਿੰਗਲਾ, ਹਰਚਰਨ ਸਿੰਘ ਬੈਂਸ, ਚਰਨਜੀਤ ਸਿੰਘ ਬਰਾੜ, ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ‘ਆਪ’ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਰਬਜੀਤ ਸਿੰਘ ਪਾਰਸ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਜਗਦੀਪ ਸਿੰਘ ਚੀਮਾ, ਬੀਬੀ ਕਸ਼ਮੀਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ। ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਬੀਤੀ ਦੇਰ ਸ਼ਾਮ ਕਰੀਬ ਸਵਾ ਅੱਠ ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ ਸੀ। ਉਹ ਇੱਥੇ ਮੈਡੀਕਲ ਆਈਸੀਯੂ ਵਿੱਚ ਦਾਖ਼ਲ ਸਨ ਅਤੇ ਦਿਲ ਦੇ ਰੋਗ ਤੋਂ ਪੀੜਤ ਸਨ। ਉਨ੍ਹਾਂ ਨੂੰ ਸਾਹ ਲੈਣ ਵਿੱਚ ਵੀ ਕਾਫ਼ੀ ਮੁਸ਼ਕਲ ਆ ਰਹੀ ਸੀ।