ਨਵੇਂ ਵਰ੍ਹੇ ’ਤੇ ਪੰਜ ਲੱਖ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਨਵੇਂ ਵਰ੍ਹੇ ’ਤੇ ਪੰਜ ਲੱਖ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸੁਖਬੀਰ ਬਾਦਲ ਤੇ ਮਜੀਠੀਆ ਪਰਿਵਾਰ ਰਾਤ ਨੂੰ ਮੱਥਾ ਟੇਕਣ ਪੁੱਜੇ

ਅੰਮ੍ਰਿਤਸਰ- ਇੱਥੇ ਅੱਜ ਵੱਡੀ ਗਿਣਤੀ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਨਵੇਂ ਵਰ੍ਹੇ ਨੂੰ ਜੀ ਆਇਆਂ ਕਿਹਾ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਨਵੇਂ ਕਰੀਬ ਚਾਰ ਤੋਂ ਪੰਜ ਲੱਖ ਸੰਗਤ ਨੇ ਇੱਥੇ ਨਤਮਸਤਕ ਹੋ ਕੇ ਨਵੇਂ ਵਰ੍ਹੇ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ 10 ਵਜੇ ਤੋਂ ਸ਼ੁਰੂ ਹੋ ਕੇ ਹੁਣ ਤੱਕ ਸੰਗਤ ਦੀ ਭਾਰੀ ਆਮਦ ਜਾਰੀ ਹੈ। ਬਾਦਲ ਪਰਿਵਾਰ ਨੇ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ 31 ਦਸੰਬਰ ਅਤੇ ਪਹਿਲੀ ਜਨਵਰੀ ਦੀ ਦਰਮਿਆਨੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਨਵੇਂ ਸਾਲ ਨੂੰ ਜੀ ਆਇਆਂ ਕਿਹਾ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ।

ਇਨ੍ਹਾਂ ਤੋਂ ਇਲਾਵਾ ਹੋਰ ਵੀ ਕਈ ਸਿਆਸੀ ਆਗੂਆਂ ਅਤੇ ਵੱਡੀ ਗਿਣਤੀ ਸੰਗਤ ਨੇ ਇੱਥੇ ਮੱਥਾ ਟੇਕਿਆ।ਨਵੇਂ ਸਾਲ ਨੂੰ ਜੀ ਆਇਆਂ ਕਹਿਣ ਦੇ ਪੱਛਮੀ ਢੰਗ ਤਰੀਕੇ ਦੇ ਵਧ ਰਹੇ ਰੁਝਾਨ ਵਿਚਾਲੇ ਲੋਕਾਂ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਨਵੇਂ ਵਰ੍ਹੇ ਨੂੰ ਜੀ ਆਇਆਂ ਕਹਿਣ ਦਾ ਰੁਝਾਨ ਵੀ ਵਧ ਰਿਹਾ ਹੈ। ਇਹੀ ਕਾਰਨ ਹੈ ਕਿ ਹਰ ਵਰ੍ਹੇ 31 ਦਸੰਬਰ ਦੀ ਰਾਤ ਅਤੇ ਪਹਿਲੀ ਜਨਵਰੀ ਨੂੰ ਇੱਥੇ ਸੰਗਤ ਦੀ ਭਾਰੀ ਆਮਦ ਰਹਿੰਦੀ ਹੈ। ਸੰਗਤ ਦੇਰ ਸ਼ਾਮ ਨੂੰ ਹੀ ਇੱਥੇ ਪੁੱਜਣੀ ਸ਼ੁਰੂ ਹੋ ਗਈ ਸੀ ਅਤੇ ਰਾਤ ਨੂੰ ਜਦੋਂ 12 ਵੱਜੇ ਤਾਂ ਇੱਥੇ ਪਰਿਕਰਮਾ ਵਿੱਚ ਸੰਗਤ ਦਾ ਹੜ੍ਹ ਆਇਆ ਹੋਇਆ ਸੀ। ਸੰਗਤਾਂ ਨੇ ਜੈਕਾਰੇ ਛੱਡ ਕੇ, ਮੂਲ ਮੰਤਰ ਦਾ ਪਾਠ ਕਰ ਕੇ ਅਤੇ ਗੁਰੂ ਘਰ ਵਿੱਚ ਨਤਮਸਤਕ ਹੁੰਦੇ ਹੋਏ ਨਵੇਂ ਵਰ੍ਹੇ ਨੂੰ ਜੀ ਆਇਆਂ ਕਿਹਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਉਨ੍ਹਾਂ ਦੀ ਪਤਨੀ ਵਿਧਾਇਕ ਗਨੀਵ ਕੌਰ ਅਤੇ ਬੱਚੇ ਸ਼ਾਮਲ ਸਨ। ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹੋਰ ਕਈ ਸਿਆਸੀ ਆਗੂਆਂ ਨੇ ਵੀ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਤੇ ਗੁਰੂ ਘਰ ਦਾ ਆਸ਼ੀਰਵਾਦ ਲੈ ਕੇ ਨਵੇਂ ਵਰ੍ਹੇ ਦੀ ਸ਼ੁਰੂਆਤ ਕੀਤੀ। ਬੀਤੇ ਦਿਨਾਂ ਤੋਂ ਭਾਵੇਂ ਵਧੇਰੇ ਠੰਢ ਪੈ ਰਹੀ ਹੈ ਅਤੇ ਧੁੰਦ ਨੇ ਜਨ-ਜੀਵਨ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ ਪਰ ਇਸ ਦੇ ਬਾਵਜੂਦ ਦੂਰ-ਦੁਰਾਡੇ ਤੋਂ ਸੰਗਤ ਤੜਕੇ ਹੀ ਇੱਥੇ ਸੰਗਤ ਪੁੱਜੀ ਹੋਈ ਸੀ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਭਾਰੀ ਠੰਢ ਨੂੰ ਦੇਖਦਿਆਂ ਪਰਿਕਰਮਾ ਅਤੇ ਹੋਰਨਾਂ ਥਾਵਾਂ ’ਤੇ ਸੰਗਤ ਦੀ ਸਹੂਲਤ ਲਈ ਵਧੇਰੇ ਗੱਦੇ ਤੇ ਗਲੀਚੇ ਵਿਛਾ ਦਿੱਤੇ ਗਏ ਸਨ। ਇਸ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਦੋਹਾਂ ਮੰਜ਼ਿਲਾਂ ’ਤੇ ਸਾਰੀ ਰਾਤ ਹੀ ਲੰਗਰ ਚੱਲਦਾ ਰਿਹਾ ਹੈ ਅਤੇ ਖਾਸ ਕਰਕੇ ਚਾਹ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਰਾਤ ਜਦੋਂ 12 ਵੱਜੇ ਅਤੇ ਨਵੇਂ ਸਾਲ ਦੀ ਸ਼ੁਰੂਆਤ ਹੋਈ ਤਾਂ ਵੱਡੀ ਗਿਣਤੀ ਸੰਗਤ ਨੇ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰੂ ਘਰ ਵਿੱਚ ਅਰਦਾਸ ਕਰ ਕੇ ਨਵੇਂ ਵਰ੍ਹੇ ਨੂੰ ਜੀ ਆਇਆਂ ਕਿਹਾ।

ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਹਰੇਕ ਪਾਸੇ ਵੱਡੀ ਗਿਣਤੀ ਸੰਗਤ ਮੌਜੂਦ ਸੀ। ਉਨ੍ਹਾਂ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਦੇ ਚਰਨਾਂ ਵਿੱਚ ਨਵੇਂ ਸਾਲ ਦਾ ਸਵਾਗਤ ਕੀਤਾ। ਹਰੇਕ ਪਾਸੇ ਸੰਗਤ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕਰਦੀ ਦਿਖਾਈ ਦੇ ਰਹੀ ਸੀ। ਇਸ ਮਗਰੋਂ ਰਾਤ 12 ਵਜੇ ‘ਬੋਲੇ ਸੋ ਨਿਹਾਲ’ ਦੇ ਜੈਕਾਰੇ ਗੂੰਜਣੇ ਸ਼ੁਰੂ ਹੋ ਗਏ ਅਤੇ ਦਰਬਾਰ ਸਾਹਿਬ ਦਾ ਸਾਰਾ ਕੰਪਲੈਕਸ ਤੇ ਬਾਹਰ ਮੌਜੂਦ ਸੰਗਤ ਇਸ ਵਿੱਚ ਸ਼ਾਮਲ ਹੋਈ। ਜਿਹੜੀ ਸੰਗਤ ਦਰਬਾਰ ਸਾਹਿਬ ਦੇ ਅੰਦਰ ਨਹੀਂ ਪਹੁੰਚ ਸਕੀ ਉਨ੍ਹਾਂ ਬਾਹਰ ਰਹਿ ਕੇ ਹੀ ਜੈਕਾਰਿਆਂ ਵਿੱਚ ਸ਼ਮੂਲੀਅਤ ਕੀਤੀ। ਸਾਲ ਦੇ ਪਹਿਲੇ ਦਿਨ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਸੰਗਤ ਨੇ ਕਈ ਘੰਟੇ ਕਤਾਰਾਂ ਵਿੱਚ ਖੜ੍ਹੇ ਹੋ ਕੇ ਇੰਤਜ਼ਾਰ ਕਰਨ ਮਗਰੋਂ ਮੱਥਾ ਟੇਕਿਆ।