ਨਸ਼ਾ ਤਸਕਰਾਂ ’ਤੇ ਨਜ਼ਰ ਰੱਖਣ ਲਈ ਸਰਹੱਦ ਨੇੜੇ ਲੱਗਣਗੇ ਕੈਮਰੇ

ਨਸ਼ਾ ਤਸਕਰਾਂ ’ਤੇ ਨਜ਼ਰ ਰੱਖਣ ਲਈ ਸਰਹੱਦ ਨੇੜੇ ਲੱਗਣਗੇ ਕੈਮਰੇ

ਅੰਮ੍ਰਿਤਸਰ/ਅਟਾਰੀ- ਪੰਜਾਬ ਪੁਲੀਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਡੀਜੀਪੀ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਡਰੋਨਾਂ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ’ਤੇ ਸਖ਼ਤੀ ਨਾਲ ਨਜ਼ਰ ਰੱਖਣ ਲਈ ਪੰਜਾਬ ਸਰਕਾਰ ਨੇ ਸਰਹੱਦੀ ਪਿੰਡਾਂ ਦੀਆਂ ਅਹਿਮ ਥਾਵਾਂ ’ਤੇ ਸੀਸੀਟੀਵੀ ਲਗਾਉਣ ਲਈ 20 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਉਨ੍ਹਾਂ ਦੱਸਿਆ ਕਿ ਡੀਜੀਪੀ ਗੌਰਵ ਯਾਦਵ ਨੇ ਸਰਹੱਦ ਪਾਰੋਂ ਆ ਰਹੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਸਬੰਧੀ ਇਤਲਾਹ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸ੍ਰੀ ਸ਼ੁਕਲਾ ਨੇ ਅੱਜ ਸਰਹੱਦ ਪਾਰੋਂ ਤਸਕਰੀ ਰੋਕਣ ਲਈ ਸੁਰੱਖਿਆ ਮਜ਼ਬੂਤ ਕਰਨ ਲਈ ਅੱਜ ਸਾਂਝੀ ਤਾਲਮੇਲ-ਕਮ-ਸਮੀਖਿਆ ਕਮੇਟੀ ਦੀ ਮੀਟਿੰਗ ਕੀਤੀ। ਇਸ ਵਿਚ ਪੰਜਾਬ ਪੁਲੀਸ ਦੇ ਵਿਸ਼ੇਸ਼ ਡੀਜੀਪੀ, ਬੀਐੱਸਐੱਫ ਦੇ ਆਈਜੀ ਫਰੰਟੀਅਰ ਜਲੰਧਰ, ਪੁਲੀਸ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਤੇ ਡੀਆਈਜੀ ਫ਼ਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਸਣੇ ਬੀਐੱਸਐੱਫ ਦੇ ਚਾਰ ਡੀਆਈਜੀ ਤੇ ਚਾਰ ਕਮਾਂਡੈਂਟ ਵੀ ਹਾਜ਼ਰ ਸਨ। ਬੀਐੱਸਐੱਫ ਤੇ ਪੰਜਾਬ ਪੁਲੀਸ ਦਰਮਿਆਨ ਵਧੇਰੇ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ ਸ੍ਰੀ ਸ਼ੁਕਲਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਪੰਜਾਬ ਦੀਆਂ ਸਰਹੱਦਾਂ ’ਤੇ ਡਰੋਨ ਅਪਰੇਸ਼ਨਾਂ ਦਾ ਮੁਕਾਬਲਾ ਕਰਨ ਲਈ ਦੋਵੇਂ ਸੁਰੱਖਿਆ ਬਲਾਂ ਨੂੰ ਮਿਲ ਕੇ ਅਤੇ ਬਿਹਤਰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ।