ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ’ਤੇ ਪੇਸ਼ ਹੋਵਾਂਗਾ: ਸੁਖਬੀਰ

ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ’ਤੇ ਪੇਸ਼ ਹੋਵਾਂਗਾ: ਸੁਖਬੀਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਿੱਚ ਫੁੱਟ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ ਨੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜ਼ਰੂਰ ਹਾਜ਼ਰ ਹੋਣਗੇ। ਦੂਜੇ ਪਾਸੇ ਆਪਣੇ ਆਪ ਨੂੰ ਮਜ਼ਬੂਤ ਕਰਨ ਲਈ ਵਿਰੋਧੀ ਧੜੇ ਨੇ ਨਾਰਾਜ਼, ਮੁਅੱਤਲ ਸ਼੍ਰੋਮਣੀ ਕਮੇਟੀ ਅਤੇ ਸਾਬਕਾ ਜਥੇਦਾਰਾਂ ਨਾਲ ਲਾਬਿੰਗ ਸ਼ੁਰੂ ਕਰ ਦਿੱਤੀ ਹੈ।
ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਰਤਾ ਸਹਿਤ ਪੇਸ਼ ਹੋਣਗੇ। ਉਨ੍ਹਾਂ ਸੋਸ਼ਲ ਮੀਡੀਆ ’ਤੇ ਲਿਖਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਦਾਸ ਇਸ ਮਹਾਨ ਅਸਥਾਨ ’ਤੇ ਅਥਾਹ ਸ਼ਰਧਾ ਅਤੇ ਨਿਮਰਤਾ ਨਾਲ ਮੱਥਾ ਟੇਕਣਗੇ।
ਬਾਗੀ ਧੜੇ ਵੱਲੋਂ ਸ਼ੁਰੂ ਕੀਤੀਆਂ ਕੋਸ਼ਿਸ਼ਾਂ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਪ੍ਰਧਾਨ ਸੁਖਬੀਰ ਬਾਦਲ ਨੇ ਖੁਦ ਕੋਈ ਪ੍ਰਤੀਕਿਰਿਆ ਦਿੱਤੀ ਹੈ। ਬਾਗੀ ਧੜੇ ਵੱਲੋਂ ਵਿਰੋਧ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀ ਮੰਗਣ ਤੋਂ ਬਾਅਦ ਵੀ ਸੁਖਬੀਰ ਬਾਦਲ ਨੇ ਆਪਣੇ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ।
ਪ੍ਰੇਮ ਸਿੰਘ ਚੰਦੂਮਾਜਰਾ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਬਚਾਓ ਲਹਿਰ ਤਹਿਤ ਸਾਰੇ ਬਾਗੀ ਆਗੂ ਲਗਾਤਾਰ ਨਾਰਾਜ਼ ਆਗੂਆਂ ਨਾਲ ਮੀਟਿੰਗਾਂ ਕਰ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਬਾਗੀ ਧੜੇ ਨੇ ਉਨ੍ਹਾਂ ਆਗੂਆਂ ਨਾਲ ਵੀ ਮੁਲਾਕਾਤ ਕੀਤੀ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਸੁਖਬੀਰ ਬਾਦਲ ਵੱਲੋਂ ਕਿਸੇ ਨਾ ਕਿਸੇ ਕਾਰਨ ਮੁਅੱਤਲ ਕੀਤਾ ਗਿਆ ਸੀ। ਇਨ੍ਹਾਂ ਵਿੱਚ ਉਨ੍ਹਾਂ ਦੇ ਆਪਣੇ ਜੀਜਾ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਰਵੀਕਰਨ ਸਿੰਘ ਕਾਹਲੋਂ ਅਤੇ ਮਲੂਕਾ ਪਰਿਵਾਰ ਸ਼ਾਮਲ ਹਨ।
ਪਰ ਉਨ੍ਹਾਂ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਆਇਆ ਹੈ। ਇਸ ਦੇ ਨਾਲ ਹੀ ਬਾਗੀ ਧੜੇ ਨੇ ਪਹਿਲਾਂ ਹੀ ਕਿਹਾ ਹੈ ਕਿ ਉਹ ਹਰ ਨਾਰਾਜ਼ ਅਕਾਲੀ ਆਗੂ ਨਾਲ ਸੰਪਰਕ ਕਰਨਗੇ। ਇਸ ਤੋਂ ਇਲਾਵਾ ਅਕਾਲੀ ਦਲ ਲਗਾਤਾਰ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਾਬਕਾ ਜਥੇਦਾਰਾਂ ਨੂੰ ਮਿਲ ਰਿਹਾ ਹੈ।