ਨਿਰਮਲ ਕਾਹਲੋਂ ਦੀ ਮੌਤ ਨਾ ਪੂਰਾ ਹੋਣ ਵਾਲਾ ਘਾਟਾ: ਸੁਖਬੀਰ

ਨਿਰਮਲ ਕਾਹਲੋਂ ਦੀ ਮੌਤ ਨਾ ਪੂਰਾ ਹੋਣ ਵਾਲਾ ਘਾਟਾ: ਸੁਖਬੀਰ

ਫ਼ਤਹਿਗੜ੍ਹ ਚੂੜੀਆਂ – ਇੱਥੇ ਅੱਜ ਦਾਣਾ ਮੰਡੀ ਵਿੱਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਹੋਇਆ। ਇਸ ਮੌਕੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਕੀਨ ਸਿੰਘ ਤੇ ਭਾਈ ਸੁਖਜਿੰਦਰ ਸਿੰਘ ਨੇ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਹਾਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸ੍ਰੀ ਕਾਹਲੋਂ ਦੇ ਪੁੱਤਰਾਂ ਰਵੀਕਰਨ ਸਿੰਘ ਕਾਹਲੋਂ ਤੇ ਸ਼ਿਵਕਰਨ ਸਿੰਘ ਕਾਹਲੋਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿਰਮਲ ਸਿੰਘ ਕਾਹਲੋਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਵਜੋਂ ਸ੍ਰੀ ਕਾਹਲੋਂ ਨੇ ਲੰਮਾ ਸਮਾਂ ਅਕਾਲੀ ਦਲ ਦੀ ਸੇਵਾ ਕੀਤੀ ਅਤੇ ਉਹ ਪਾਰਟੀ ਦੇ ਸੂਝਵਾਨ ਆਗੂ ਤੇ ਪ੍ਰੇਰਨਾ ਸਰੋਤ ਸਨ, ਜਿਨ੍ਹਾਂ ਦੇ ਤੁਰ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਪ੍ਰੇਮ ਸਿੰਘ ਚੰਦੂਮਾਜਰਾ, ਜਗਮੀਤ ਸਿੰਘ ਬਰਾੜ, ਦਲਜੀਤ ਸਿੰਘ ਚੀਮਾ, ਭਾਈ ਮਨਜੀਤ ਸਿੰਘ ਤੇ ਅਦੇਸ਼ਪ੍ਰਤਾਪ ਸਿੰਘ ਕੈਰੋਂ ਤੋਂ ਇਲਾਵਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਜਾਗੋ ਪਾਰਟੀ ਦੇ ਆਗੂ ਮਨਜੀਤ ਸਿੰਘ ਜੀਕੇ ਨੇ ਵੀ ਸੰਬੋਧਨ ਕੀਤਾ। ਸ੍ਰੀ ਜੀਕੇ ਨੇ ਕਿਹਾ ਕਿ ਨਿਰਮਲ ਸਿੰਘ ਕਾਹਲੋਂ ਨੇ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਤੇ 1971 ਵਿੱਚ ਦਿੱਲੀ ਕਮੇਟੀ ਨੂੰ ਭਾਰਤ ਸਰਕਾਰ ਤੋਂ ਆਜ਼ਾਦ ਕਰਾਉਣ ਲਈ ਅਹਿਮ ਯੋਗਦਾਨ ਪਾਇਆ। ਇਸ ਮੌਕੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਅਮਰਪਾਲ ਸਿੰਘ ਬੋਨੀ ਅਜਨਾਲਾ, ਗੁਰਬਚਨ ਸਿੰਘ ਬੱਬੇਹਾਲੀ, ਸੁੱਚਾ ਸਿੰਘ ਛੋਟੇਪੁਰ ਵੀ ਹਾਜ਼ਰ ਸਨ।