‘ਨਿੱਕੀਆਂ ਜਿੰਦਾਂ ਵੱਡੇ ਸਾਕੇ’ ਤੋਂ ਸੇਧ ਲੈ ਕੇ ਨੌਜਵਾਨ ਗੁਰਸਿੱਖੀ ਜੀਵਨ ਅਪਣਾਉਣ ’ਚ ਕਰੇ ਪਹਿਲਕਦਮੀ : ਗਿ. ਹਰਪ੍ਰੀਤ ਸਿੰਘ

‘ਨਿੱਕੀਆਂ ਜਿੰਦਾਂ ਵੱਡੇ ਸਾਕੇ’ ਤੋਂ ਸੇਧ ਲੈ ਕੇ ਨੌਜਵਾਨ ਗੁਰਸਿੱਖੀ ਜੀਵਨ ਅਪਣਾਉਣ ’ਚ ਕਰੇ ਪਹਿਲਕਦਮੀ : ਗਿ. ਹਰਪ੍ਰੀਤ ਸਿੰਘ

ਫਤਹਿਗੜ੍ਹ ਸਾਹਿਬ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਫਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਵੀ ਫਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸਿੱਖ ਇਤਿਹਾਸ ’ਚ ਫਤਹਿਗੜ੍ਹ ਸਾਹਿਬ ਵਿਖੇ ਸਭ ਤੋਂ ਵੱਡਾ ਸ਼ਹੀਦੀ ਜੋੜ ਮੇਲ ਲੱਗਦਾ ਹੈ ਤੇ ਹਰ ਸਿੱਖ ਦੀ ਇੱਛਾ ਹੁੰਦੀ ਹੈ ਕਿ ਉਹ ਫਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰੇ। ਉਨ੍ਹਾਂ ਕਿਹਾ ਕਿ ਜੋ ਸਾਕਾ ਸਰਹਿੰਦ ਦੀ ਧਰਤੀ ’ਤੇ ਵਾਪਰਿਆ, ਦੁਨੀਆ ਦੇ ਕਿਸੇ ਵੀ ਕੋਨੇ ’ਚ ਇਸ ਦੀ ਮਿਸਾਲ ਦੇਖਣ ਨੂੰ ਨਹੀਂ ਮਿਲਦੀ।
ਜਥੇਦਾਰ ਸਾਹਿਬ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਤਿਤਪੁਣਾ ਛੱਡ ਕੇ ਨਿੱਕੀਆਂ ਜਿੰਦਾਂ ਵੱਡੇ ਸਾਕੇ ਤੋਂ ਸੇਧ ਲੈ ਕੇ ਗੁਰਸਿੱਖੀ ਵਾਲਾ ਜੀਵਨ ਅਪਣਾਉਣ ’ਚ ਪਹਿਲਕਦਮੀ ਕਰਨੀ ਚਾਹੀਦੀ ਹੈ ਕਿਉਂਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਸਿੱਖੀ ਲਈ ਜੋ ਸ਼ਹਾਦਤਾਂ ਦਿੱਤੀਆਂ, ਸਾਡੇ ਸਾਰਿਆਂ ਲਈ ਮਿਸਾਲਾਂ ਸਾਹਮਣੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਹੋਰ ਸਟਾਫ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।