ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰਨ ’ਤੇ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੀ ਨਿਖੇਧੀ

ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰਨ ’ਤੇ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੀ ਨਿਖੇਧੀ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਪਾਰਟੀ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੀਟਿੰਗ ਦਾ ਬਾਈਕਾਟ ਕਰ ਕੇ ਸਿੱਖਿਆ, ਸਿਹਤ, ਹੁਨਰ ਵਿਕਾਸ ਤੇ ਬੁਨਿਆਦੀ ਢਾਂਚੇ ਵਰਗੇ ਅਹਿਮ ਮਾਮਲਿਆਂ ’ਤੇ ਵਿਚਾਰ-ਚਰਚਾ ਕਰਨ ਦਾ ਮੌਕਾ ਗੁਆ ਲਿਆ ਹੈ। ਬਰਾੜ ਨੇ ਕਿਹਾ ਕਿ ਨੀਤੀ ਆਯੋਗ ਦੀ 8ਵੀਂ ਜਨਰਲ ਕੌਂਸਲ ਮੀਟਿੰਗ ਵਿੱਚ ਦੇਸ਼ ਦੇ ਵਿਕਾਸ ਸਬੰਧੀ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਟੀਚੇ ਦੀ ਪੂਰਤੀ ਵਾਸਤੇ ਲੋੜੀਂਦੇ ਫੰਡ ਲੈਣ ਲਈ ਮੀਟਿੰਗ ਵਿੱਚ ਸ਼ਮੂਲੀਅਤ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹੁਣ ਤੱਕ ਪੇਂਡੂ ਵਿਕਾਸ ਫੰਡ (ਆਰਡੀਐੱਫ) ਦੇ ਬਕਾਇਆ 3600 ਕਰੋੜ ਰੁਪਏ ਜਾਰੀ ਕਰਨ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਨਹੀਂ ਚੁੱਕਿਆ। ਇਸੇ ਤਰ੍ਹਾਂ ਉਨ੍ਹਾਂ ਬੇਮੌਸਮੀ ਬਰਸਾਤ ਕਾਰਨ ਕਣਕ ਦੇ ਹੋਏ ਨੁਕਸਾਨ ’ਤੇ ਲਾਏ ਵੈਲਿਊ ਕੱਟ ਦਾ ਮਾਮਲਾ ਵੀ ਨਹੀਂ ਚੁੱਕਿਆ ਅਤੇ ਨਾ ਹੀ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਵੀ ਬਾਕੀ ਪਏ ਮਸਲੇ ਨੀਤੀ ਆਯੋਗ ਵਿੱਚ ਚੁੱਕੇ ਜਾ ਸਕਦੇ ਸਨ।