ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਧਰਨਾ

ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਧਰਨਾ

ਸੰਗਰੂਰ- ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਕਿਸਾਨਾਂ ਨੇ ਅੱਜ ਭਾਕਿਯੂ ਏਕਤਾ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਹੇਠ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਨੇੜੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਕਿਸਾਨਾਂ ਨੇ ਬੇਮੌਸਮੀ ਬਾਰਸ਼ ਅਤੇ ਗੜਿਆਂ ਕਾਰਨ ਨੁਕਸਾਨੀ ਕਣਕ ਦੀ ਫਸਲ ਦੇ 50 ਫੀਸਦੀ ਤੋਂ ਵੱਧ ਖਰਾਬੇ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਤੇ ਇਸ ਤੋਂ ਘੱਟ ਖਰਾਬੇ ਲਈ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ। ਇਸੇ ਤਰ੍ਹਾਂ ਪੰਜ ਏਕੜ ਤੱਕ ਹੀ ਮੁਆਵਜ਼ਾ ਦੇਣ ਦੀ ਸ਼ਰਤ ਖਤਮ ਕਰਕੇ ਮੁਆਵਜ਼ਾ ਏਕੜ ਨੂੰ ਇਕਾਈ ਮੰਨ ਕੇ ਦੇਣ ’ਤੇ ਜ਼ੋਰ ਦਿੱਤਾ ਗਿਆ।

ਵੇਰਵਿਆਂ ਅਨੁਸਾਰ ਕਿਸਾਨ ਅਤੇ ਕਿਸਾਨ ਬੀਬੀਆਂ ਸਥਾਨਕ ਵੇਰਕਾ ਮਿਲਕ ਪਲਾਂਟ ਨਜ਼ਦੀਕ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਗੇਟ ’ਤੇ ਪੁੱਜੇ ਤਾਂ ਪੁਲੀਸ ਨੇ ਨਾਕੇਬੰਦੀ ਕਰਕੇ ਰੋਕ ਲਿਆ। ਕਿਸਾਨਾਂ ਨੇ ਆਵਾਜਾਈ ਠੱਪ ਕਰਦਿਆਂ ਰੋਸ ਧਰਨਾ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਬੇਮੌਸਮੀ ਬਾਰਸ਼ ਤੇ ਗੜੇਮਾਰੀ ਕਾਰਨ ਫਸਲਾਂ, ਸਬਜ਼ੀਆਂ, ਘਰਾਂ, ਹਰੇ ਚਾਰੇ ਅਤੇ ਬਾਗਾਂ ਦਾ ਵੱਡਾ ਨੁਕਸਾਨ ਹੋਇਆ ਹੈ ਤੇ ਸਰਕਾਰ ਵਲੋਂ ਐਲਾਨਿਆ ਮੁਆਵਜ਼ਾ ਨਿਗੂਣਾ ਹੈ। ਇਸੇ ਤਰ੍ਹਾਂ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਮੰਗ ਕੀਤੀ ਕਿ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ 14 ਅਪਰੈਲ ਤੋਂ ਪਹਿਲਾਂ ਦਿੱਤਾ ਜਾਵੇ, ਬਾਗਾਂ ਦੇ ਨੁਕਸਾਨ ਲਈ ਵਿਸ਼ੇਸ਼ ਪੈਕੇਜ ਦਿੱਤਾ ਜਾਵੇ, ਫਸਲਾਂ ਦੀ ਬੀਮਾ ਪਾਲਿਸੀ ਬਣਾਈ ਜਾਵੇ, ਬੀਮੇ ਦਾ ਪ੍ਰੀਮੀਅਰ ਖੁਦ ਸਰਕਾਰ ਭਰੇ, ਏਕੜ ਨੂੰ ਇਕਾਈ ਮੰਨ ਕੇ ਮੁਆਵਜ਼ਾ ਦਿੱਤਾ ਜਾਵੇ, ਕਿਸਾਨੀ ਕਰਜ਼ੇ ਦੀ ਅਦਾਇਗੀ ਇਕ ਸਾਲ ਅੱਗੇ ਪਾਈ ਜਾਵੇ, ਨੌਜਵਾਨਾਂ ’ਤੇ ਲਾਇਆ ਐੱਨਐੱਸਏ ਵਾਪਸ ਲਿਆ ਜਾਵੇ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਸਮੇਤ ਬੁੱਧੀਜੀਵੀਆਂ, ਸਮਾਜਿਕ ਕਾਰਕੁਨਾਂ, ਪੱਤਰਕਾਰਾਂ ਤੇ ਵਕੀਲਾਂ ਨੂੰ ਰਿਹਾਅ ਕੀਤਾ ਜਾਵੇ।

ਸੂਬਾ ਆਗੂਆਂ ਹਰੀਸ਼ ਨੱਢਾ, ਬਲਵੰਤ ਸਿੰਘ ਉੱਪਲੀ ਤੇ ਅੰਗਰੇਜ਼ ਸਿੰਘ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਆਵਜ਼ਾ ਜਲਦ ਜਾਰੀ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਆਰੰਭਿਆ ਜਾਵੇਗਾ। ਮੰਚ ਸੰਚਾਲਨ ਦੀ ਜਿ਼ੰਮੇਵਾਰੀ ਕੁਲਵੰਤ ਸਿੰਘ ਕਿਸ਼ਨਗੜ੍ਹ ਵਲੋਂ ਨਿਭਾਈ ਗਈ।