ਨੌਜਵਾਨਾਂ ਦੇ ਰੁਜ਼ਗਾਰ ਲਈ ਕੰਮ ਕਰ ਰਹੀ ਸਰਕਾਰ: ਅਮਨ ਅਰੋੜਾ

ਨੌਜਵਾਨਾਂ ਦੇ ਰੁਜ਼ਗਾਰ ਲਈ ਕੰਮ ਕਰ ਰਹੀ ਸਰਕਾਰ: ਅਮਨ ਅਰੋੜਾ

ਚੰਡੀਗੜ੍ਹ- ਪੰਜਾਬ ਦੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਉਹ ਸੈਕਟਰ-37 ਸਥਿਤ ਲਾਅ ਭਵਨ ਵਿੱਚ ਕੁਐਸਟ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਕਾਨਵੋਕੇਸ਼ਨ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਸ੍ਰੀ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਕੰਮ ਅਸੰਭਵ ਨਹੀਂ ਹੁੰਦਾ। ਇਸ ਲਈ ਵੱਡੇ ਸੁਪਨੇ ਦੇਖੋ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰੋ। ਹੁਨਰਮੰਦ ਨੌਜਵਾਨ ਵਰਗ ਦੀ ਵਿਦੇਸ਼ਾਂ ਵੱਲ ਹੋ ਰਹੀ ਹਿਜਰਤ ’ਤੇ ਚਿੰਤਾ ਜ਼ਾਹਰ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਰੁਝਾਨ ਕਾਰਨ ਹੋਣਹਾਰ ਤੇ ਪੜ੍ਹੇ-ਲਿਖੇ ਮਨੁੱਖੀ ਵਸੀਲਿਆਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪਹਿਲੇ ਸਾਲ ਦੌਰਾਨ 26,797 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਸ੍ਰੀ ਅਰੋੜਾ ਨੇ ਇਸ ਮੌਕੇ 200 ਗ੍ਰੈਜੂਏਟ ਅਤੇ 50 ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਇਸ ਮੌਕੇ ਆਈਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਐੱਸਕੇ ਮਿਸ਼ਰਾ, ਕੁਐਸਟ ਗਰੁੱਪ ਦੇ ਚੇਅਰਮੈਨ ਡੀਐੱਸ ਸੇਖੋਂ, ਉਪ ਚੇਅਰਮੈਨ ਤੇ ਕਾਰਜਕਾਰੀ ਡਾਇਰੈਕਟਰ ਐੱਚਪੀਐੱਸ ਕਾਂਡਾ, ਗਰੁੱਪ ਦੇ ਕੌਮਾਂਤਰੀ ਮਾਮਲਿਆਂ ਦੇ ਮੁਖੀ ਜੇਪੀ ਐੱਸ ਧਾਲੀਵਾਲ, ਕੈਂਪਸ ਡਾਇਰੈਕਟਰ ਡਾ. ਰਾਜੀਵ ਮਹਾਜਨ ਤੇ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।