ਨੌਜਵਾਨਾਂ ਨਾਲ ਧੋਖਾਧੜੀ ਕਰਨ ਵਾਲੇ ਏਜੰਟਾਂ ਖ਼ਿਲਾਫ਼ ਹੋਵੇਗੀ ਕਾਰਵਾਈ: ਧਾਲੀਵਾਲ

ਨੌਜਵਾਨਾਂ ਨਾਲ ਧੋਖਾਧੜੀ ਕਰਨ ਵਾਲੇ ਏਜੰਟਾਂ ਖ਼ਿਲਾਫ਼ ਹੋਵੇਗੀ ਕਾਰਵਾਈ: ਧਾਲੀਵਾਲ

ਲਾਲੜੂ- ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਬਿੀਆ ਵਿੱਚ ਫ਼ੌਤ ਹੋਏ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਥਾਣਾ ਹੰਡੇਸਰਾ ਅਧੀਨ ਪੈਂਦੇ ਪਿੰਡ ਭੁੱਖੜੀ ਸਥਿਤ ਮ੍ਰਿਤਕ ਨੌਜਵਾਨ ਦੇ ਘਰ ਪਹੁੰਚੇ। ਉਨ੍ਹਾਂ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਉਨ੍ਹਾਂ ਦੇ ਨਾਲ ਸਨ।

ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਵੱਲੋਂ ਲਬਿੀਆ ਸਰਕਾਰ ਨਾਲ ਗੱਲਬਾਤ ਕਰ ਕੇ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤੇ ਛੇਤੀ ਹੀ ਮ੍ਰਿਤਕ ਨੌਜਵਾਨ ਦੀ ਲਾਸ਼ ਭਾਰਤ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਟੋਨੀ ਦੇ ਨਾਲ ਲਬਿੀਆ ਗਏ ਉਸ ਦੇ ਦੋ ਹੋਰ ਰਿਸ਼ਤੇਦਾਰਾਂ ਨੂੰ ਵੀ ਭਾਰਤ ਲਿਆਉਣ ਲਈ ਲਬਿੀਆ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਮੰਤਰੀ ਨੇ ਕਿਹਾ ਕਿ ਉਕਤ ਨੌਜਵਾਨਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਕੇ ਡੌਂਕੀ ਰਾਹੀਂ ਵਿਦੇਸ਼ ਭੇਜਣ ਵਾਲੇ ਏਜੰਟ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਏਜੰਟ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਲੰਘੇ ਕੱਲ੍ਹ ਦਿੱਲੀ ਲੋਕ ਸਭਾ ਵਿੱਚ ਉਕਤ ਨੌਜਵਾਨਾਂ ਦੇ ਲੀਬੀਆ ਵਿੱਚ ਫਸੇ ਹੋਣ ਸਬੰਧੀ ਮੁੱਦਾ ਚੁੱਕ ਕੇ ਕੇਂਦਰ ਸਰਕਾਰ ਸਣੇ ਵਿਦੇਸ਼ ਮੰਤਰਾਲੇ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ। ਸੂਬਾ ਸਰਕਾਰ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਲਈ ਯਤਨ ਕਰ ਰਹੀ ਹੈ।

ਦੱਸਣਯੋਗ ਹੈ ਕਿ ਮ੍ਰਿਤਕ ਟੋਨੀ ਪੁੱਤਰ ਰਵਿੰਦਰ ਕੁਮਾਰ ਵਾਸੀ ਪਿੰਡ ਭੁੱਖੜੀ ਆਪਣੇ ਦੋ ਹੋਰ ਰਿਸ਼ਤੇਦਾਰਾਂ ਸਮੇਤ ਸਰਬੀਆ ਲਈ ਰਵਾਨਾ ਹੋਇਆ ਸੀ ਜੋ ਕਿ ਏਜੰਟ ਦੀ ਡੌਂਕੀ ਦਾ ਸ਼ਿਕਾਰ ਹੋ ਗਏ ਅਤੇ ਸਰਬੀਆ ਜਾਂਦੇ ਹੋਏ ਰਸਤੇ ਵਿੱਚ ਲਬਿੀਆ ਵਿੱਚ ਫਸ ਗਏ। ਉੱਥੇ ਪੁਲੀਸ ਦਾ ਛਾਪਾ ਪੈਣ‌ ’ਤੇ 21 ਸਾਲਾ ਟੋਨੀ ਦੀ ਮੌਤ ਹੋ ਗਈ ਜਦਕਿ ਬਾਕੀ ਦੋ ਜਣੇ ਲਾਪਤਾ ਹਨ।