ਪਹਿਲਵਾਨਾਂ ਦੇ ਸੰਘਰਸ਼ ਵਿੱਚ ਭਲਕੇ ਸ਼ਾਮਲ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਜਥਾ

ਪਹਿਲਵਾਨਾਂ ਦੇ ਸੰਘਰਸ਼ ਵਿੱਚ ਭਲਕੇ ਸ਼ਾਮਲ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਜਥਾ

ਫ਼ਤਹਿਗੜ੍ਹ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਕਨਵੋਕੇਸ਼ਨ ਵਿੱਚ ਸ਼ਾਮਲ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਾ ਜਥਾ 29 ਮਈ ਨੂੰ ਦਿੱਲੀ ਦੇ ਜੰਤਰ-ਮੰਤਰ ਵਿੱਚ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਵਿੱਚ ਸ਼ਾਮਲ ਹੋਵੇਗਾ। ਇਸ ਦੌਰਾਨ ਪਹਿਲਵਾਨਾਂ ਲਈ ਇਨਸਾਫ਼ ਮੰਗਿਆ ਜਾਵੇਗਾ।

ਉਨ੍ਹਾਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਲਦੀ ਹੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਦਸਤਖ਼ਤੀ ਮੁਹਿੰਮ ਦੇ ਪੇਪਰ ਪੰਜਾਬ ਦੇ ਗਵਰਨਰ ਨੂੰ ਸੌਂਪੇਗਾ। ਉਨ੍ਹਾਂ ਕਿਹਾ ਕਿ ਗਵਰਨਰ ਦੇ ਕੁੱਝ ਰੁਝੇਵਿਆਂ ਕਾਰਨ ਇਸ ਵਿੱਚ ਦੇਰੀ ਹੋਈ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਧਾਮੀ ਨੇ ਕਿਹਾ ਕਿ ਇਨ੍ਹਾਂ ਨੂੰ ਰੋਕਣ ਲਈ ਸਖ਼ਤ ਕਾਨੂੂੰਨ ਦੀ ਜ਼ਰੂਰਤ ਹੈ। ਉਨ੍ਹਾਂ ਸਮੇਂ ਦੀ ਸਰਕਾਰ ਨੂੰ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਵੀ ਕਿਹਾ। ਸ਼੍ਰੋਮਣੀ ਕਮੇਟੀ ਦੇ ਆਪਣੇ ਚੈਨਲ ਦੀ ਉੱਠ ਰਹੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਇਸ ’ਤੇ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਉਪ ਪ੍ਰਧਾਨ ਭਾਈ ਅਵਤਾਰ ਸਿੰਘ ਰਿਆ ਤੇ ਹੋਰ ਹਾਜ਼ਰ ਸਨ।