ਪਾਣੀ ਦੀ ਸੰਭਾਲ ਲਈ ਕਿਸਾਨ ਜਥੇਬੰਦੀਆਂ ਨੇ ਮੋਰਚੇ ਲਾਏ

ਪਾਣੀ ਦੀ ਸੰਭਾਲ ਲਈ ਕਿਸਾਨ ਜਥੇਬੰਦੀਆਂ ਨੇ ਮੋਰਚੇ ਲਾਏ

ਪੰਜ ਦਿਨ ਜਾਰੀ ਰਹਿਣਗੇ 21 ਥਾਵਾਂ ’ਤੇ ਲਾਏ ਮੋਰਚੇ; ਵਿਸ਼ਵ ਬੈਂਕ ਦੀਆਂ ਨੀਤੀਆਂ ਦੀ ਆਲੋਚਨਾ
ਚੰਡੀਗੜ੍ਹ – ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸੂਬੇ ਵਿੱਚ ‘ਪਾਣੀ ਬਚਾਓ, ਖੇਤੀ ਬਚਾਓ’ ਲਈ 21 ਥਾਵਾਂ ’ਤੇ ਪੰਜ ਰੋਜ਼ਾ ਪੱਕੇ ਮੋਰਚੇ ਸ਼ੁਰੂ ਕੀਤੇ ਗਏ। ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਵ ਬੈਂਕ ਦੇ ਨਿਰਦੇਸ਼ਾਂ ਤਹਿਤ ਪਾਣੀਆਂ ਦੇ ਪ੍ਰਾਜੈਕਟ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਮੋਗਾ, ਫ਼ਰੀਦਕੋਟ, ਫਾਜ਼ਿਲਕਾ, ਬਰਨਾਲਾ, ਕਪੂਰਥਲਾ, ਜਲੰਧਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਪਾਣੀਆਂ ਦਾ ਸੰਕਟ ਖੜ੍ਹੇ ਕਰਨ ਤੇ ਇਸ ਉਤੇ ਕਾਰਪੋਰੇਟਾਂ ਦਾ ਕਬਜ਼ਾ ਕਰਵਾਉਣ ਦੀਆਂ ਨੀਤੀਆਂ ਬਣਾਉਣ ਲਈ ਪੰਜਾਬ ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਵਿਸ਼ਵ ਬੈਂਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਨਹਿਰੀ ਪਾਣੀ ਕਾਰਪੋਰੇਟ ਕੰਪਨੀਆਂ ਨੂੰ ਦੇਣ ਦੇ ਪ੍ਰਾਜੈਕਟ ਰੱਦ ਕੀਤੇ ਜਾਣ, ਦਰਿਆਵਾਂ, ਨਹਿਰਾਂ, ਡਰੇਨਾਂ ਵਿੱਚ ਪੈ ਰਿਹਾ ਗੈਰਕਾਨੂੰਨੀ ਪ੍ਰਦੂਸ਼ਿਤ ਪਾਣੀ ਰੋਕਿਆ ਜਾਵੇ, ਧਰਤੀ ਹੇਠਲਾ ਪਾਣੀ ਬਚਾਉਣ ਲਈ 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ, ਬਰਸਾਤੀ ਪਾਣੀ ਧਰਤੀ ਹੇਠਾਂ ਰੀਚਾਰਜ ਕੀਤਾ ਜਾਵੇ। ਇਸ ਦੇ ਨਾਲ ਹੀ ਰਸਾਇਣਕ ਖੇਤੀ ਮਾਡਲ ਰੱਦ ਕਰਕੇ ਕੁਦਰਤ ਤੇ ਮਨੁੱਖ ਪੱਖੀ ਖੇਤੀ ਮਾਡਲ ਲਿਆਂਦਾ ਜਾਵੇ, ਪੰਜਾਬ ਦੀ ਸਾਰੀ ਜ਼ਮੀਨ ਨੂੰ ਨਹਿਰੀ ਪਾਣੀ ਹੇਠ ਲਿਆਉਣ ਅਤੇ ਪੰਜਾਬ ਦੇ ਡੈਮਾਂ ਤੇ ਹਰੀਕੇ ਹੈੱਡਵਰਕਸ ਦਾ ਪ੍ਰਬੰਧ ਪੰਜਾਬ ਸਰਕਾਰ ਨੂੰ ਦੇ ਕੇ ਡੈਮ ਸੇਫਟੀ ਐਕਟ ਰੱਦ ਕੀਤੇ ਜਾਣ।