ਪਿਛਲੀਆਂ ਸਰਕਾਰਾਂ ਨੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਰੋਲਿਆ: ਮਾਨ

ਪਿਛਲੀਆਂ ਸਰਕਾਰਾਂ ਨੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਰੋਲਿਆ: ਮਾਨ

ਮਹਿੰਦਪੁਰ ’ਚ ਗੁਰੂ ਰਵਿਦਾਸ ਬੇਗਮਪੁਰਾ ਸਦਨ ਦਾ ਨੀਂਹ ਪੱਥਰ ਰੱਖਿਆ
ਨੂਰਪੁਰ ਬੇਦੀ – ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਰਾਖੀ ਕਰਨ ਦਾ ਦਾਅਵਾ ਕਰਨ ਵਾਲੇ ਅਖੌਤੀ ਸਿਆਸੀ ਆਗੂਆਂ ਨੇ ਗਰੀਬ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਹੜੱਪ ਕੇ ਸਮਾਜ ਦੇ ਇਸ ਵਰਗ ਦਾ ਭਵਿੱਖ ਤਬਾਹ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਸਦਨ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਸੰਬੋਧਨ ਕਰਦਿਆਂ ਕਿਹਾ ਕਿ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਆਗੂ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਹੀ ਸਭ ਤੋਂ ਵੱਧ ਖੱਜਲ ਖੁਆਰ ਕੀਤਾ ਹੈ। ਸ੍ਰੀ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਉਂਦਿਆਂ ਕਿਹਾ ਕਿ ਇਨ੍ਹਾਂ ਅਖੌਤੀ ਆਗੂਆਂ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਜ਼ੀਫੇ ਦੇ ਪੈਸੇ ਹੜੱਪ ਕੇ ਆਪਣੇ ਹੀ ਭਾਈਚਾਰੇ ਦੀ ਪਿੱਠ ਵਿੱਚ ਛੁਰਾ ਮਾਰਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਭ੍ਰਿਸ਼ਟਾਚਾਰ ਨਾਲ ਲਿਪਤ ਸਨ ਅਤੇ ਮੰਤਰੀਆਂ ਸਮੇਤ ਹੋਰ ਆਗੂਆਂ ਨੇ ਜਨਤਾ ਦਾ ਪੈਸਾ ਲੁੱਟਿਆ। ਮੁੱਖ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਇਕ ਸਾਬਕਾ ਮੰਤਰੀ ਦੇ ਘਰੋਂ ਧਨ-ਦੌਲਤ ਬਰਾਮਦ ਹੋਣ ਦੇ ਨਾਲ-ਨਾਲ ਨੋਟ ਗਿਣਨ ਵਾਲੀਆਂ ਦੋ ਮਸ਼ੀਨਾਂ ਮਿਲਣ ਨਾਲ ਸਪੱਸ਼ਟ ਹੋ ਜਾਂਦਾ ਹੈ ਕਿ ਇਨ੍ਹਾਂ ਆਗੂਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰਕਾਨੂੰਨੀ ਢੰਗ ਨਾਲ ਕਿੰਨਾ ਪੈਸਾ ਇਕੱਠਾ ਕੀਤਾ ਹੈ। ਉਨ੍ਹਾਂ ਅਹਿਦ ਕਰਦਿਆਂ ਕਿਹਾ ਕਿ ਇਨ੍ਹਾਂ ਵਿੱਚੋਂ ਕਿਸੇ ਵੀ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਲੋਕਾਂ ਨੂੰ ਗੁਰੂ ਰਵਿਦਾਸ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ ਤਾਂ ਜੋ ਸਮਾਜ ਵਿੱਚ ਫੈਲੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕੀਤਾ ਜਾ ਸਕੇ।