ਪੀਏਯੂ ਦੇ ਵੀਸੀ ਦੀ ਨਿਯੁਕਤੀ ਦਾ ਮਾਮਲਾ: ਰਾਜਪਾਲ ਨੇ ਪੰਜਾਬ ਸਰਕਾਰ ’ਤੇ ਅਧਿਕਾਰ ਖੇਤਰ ’ਚ ਦਖ਼ਲਅੰਦਾਜ਼ੀ ਦਾ ਦੋਸ਼ ਲਾਇਆ

ਪੀਏਯੂ ਦੇ ਵੀਸੀ ਦੀ ਨਿਯੁਕਤੀ ਦਾ ਮਾਮਲਾ: ਰਾਜਪਾਲ ਨੇ ਪੰਜਾਬ ਸਰਕਾਰ ’ਤੇ ਅਧਿਕਾਰ ਖੇਤਰ ’ਚ ਦਖ਼ਲਅੰਦਾਜ਼ੀ ਦਾ ਦੋਸ਼ ਲਾਇਆ

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਦੀ ਨਿਯੁਕਤੀ ਦੇ ਮਾਮਲੇ ’ਤੇ ‘ਆਪ’ ਸਰਕਾਰ ਖ਼ਿਲਾਫ਼ ਅੱਜ ਖੁੱਲ੍ਹ ਕੇ ਮੈਦਾਨ ਵਿਚ ਆ ਗਏ ਹਨ। ਉਨ੍ਹਾਂ ਸਾਫ਼ ਲਫ਼ਜ਼ਾਂ ’ਚ ਆਖਿਆ ਕਿ ਜੇਕਰ ਉਪ ਕੁਲਪਤੀ ਨੂੰ ਅਹੁਦੇ ਤੋਂ ਨਾ ਹਟਾਇਆ ਗਿਆ ਤਾਂ ਉਹ ਕਾਨੂੰਨੀ ਮਸ਼ਵਰਾ ਲੈਣਗੇ। ਉਨ੍ਹਾਂ ਬਤੌਰ ਚਾਂਸਲਰ ਉਠਾਏ ਗਏ ਕਦਮਾਂ ਨੂੰ ਜਾਇਜ਼ ਠਹਿਰਾਉਂਦਿਆਂ ਪੰਜਾਬ ਸਰਕਾਰ ’ਤੇ ਇਲਜ਼ਾਮ ਲਾਏ ਕਿ ਵੀਸੀ ਦੀ ਨਿਯੁਕਤੀ ਦੇ ਮਾਮਲੇ ਵਿਚ ਰਾਜਪਾਲ ਦੇ ਅਧਿਕਾਰ ਖੇਤਰ ’ਚ ਸਰਕਾਰ ਦਖ਼ਲਅੰਦਾਜ਼ੀ ਕਰ ਰਹੀ ਹੈ। ਦੱਸਣਯੋਗ ਹੈ ਕਿ ਰਾਜਪਾਲ ਨੇ 18 ਅਕਤੂਬਰ ਨੂੰ ਪੀਏਯੂ ਦੇ ਵੀਸੀ ਦੀ ਨਿਯੁਕਤੀ ਰੱਦ ਕਰਨ ਵਾਸਤੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਜਪਾਲ ਦੇ ਨਾਮ ਪੱਤਰ ਜਨਤਕ ਕੀਤਾ ਸੀ ਜਿਸ ’ਚ ਰਾਜਪਾਲ ਨੂੰ ਨਿਸ਼ਾਨੇ ’ਤੇ ਲਿਆ ਗਿਆ ਸੀ। ਰਾਜਪਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਇੱਕ ਤਰੀਕੇ ਨਾਲ ਮੁੱਖ ਮੰਤਰੀ ’ਤੇ ਪਲਟਵਾਰ ਕੀਤਾ ਹੈ।

‘ਆਪ’ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਯੂਨੀਵਰਸਿਟੀ ਐਕਟ ਦੀ ਮਰਿਆਦਾ ਦੇ ਉਲਟ ਰਾਜਪਾਲ ਵੱਲੋਂ ਆਪਣੀ ਸਰਕਾਰੀ ਤਾਕਤ ਦਾ ਗ਼ਲਤ ਇਸਤੇਮਾਲ ਕੀਤਾ ਜਾ ਰਿਹਾ ਹੈ।