ਪੁਲੀਸ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਗੂਗਲ ਨਾਲ ਸਾਂਝ ਪਾਵਾਂਗੇ: ਭਗਵੰਤ ਮਾਨ

ਪੁਲੀਸ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਗੂਗਲ ਨਾਲ ਸਾਂਝ ਪਾਵਾਂਗੇ: ਭਗਵੰਤ ਮਾਨ

ਮੁੱਖ ਮੰਤਰੀ ਨੇ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ਪੁਲੀਸ ਵਿਭਾਗ ਵਿੱਚ ਹਰ ਸਾਲ 1800 ਕਾਂਸਟੇਬਲ ਤੇ 300 ਸਬ-ਇੰਸਪੈਕਟਰ ਭਰਤੀ ਕੀਤੇ ਜਾਣਗੇ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਉਂਸਿਪਲ ਭਵਨ ਵਿੱਚ ਪੰਜਾਬ ਪੁਲੀਸ ’ਚ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਵੱਖ-ਵੱਖ ਕਾਡਰਾਂ ’ਚ ਭਰਤੀ ਹੋਏ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਕ ਸਾਲ ਵਿੱਚ 29,237 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ’ਤੇ ਕਾਬੂ ਪਾਉਣ ਲਈ ਪੁਲੀਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ’ਚ ਲੋੜ ਮੁਤਾਬਕ ਅਪਡੇਟ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ 144 ਨੌਜਵਾਨ ਆਧੁਨਿਕ ਤਕਨਾਲੋਜੀ ਦੀ ਡੂੰਘੀ ਸਮਝ ਰੱਖਦੇ ਹਨ। ਇਸ ਕਾਬਲੀਅਤ ਸਦਕਾ ਉਹ ਪਰਦੇ ਪਿੱਛੇ ਰਹਿ ਕੇ ਅਪਰਾਧੀਆਂ ਨੂੰ ਕਾਬੂ ਕਰਨ ’ਚ ਸਹਾਈ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਛੇਤੀ ਹੀ ਸੂਬਾ ਪੁਲੀਸ ਨੂੰ ਵਿਗਿਆਨਕ ਲੀਹਾਂ ’ਤੇ ਆਧੁਨਿਕ ਬਣਾਉਣ ਲਈ ਬਹੁ-ਕੌਮੀ ਕੰਪਨੀ ਗੂਗਲ ਨਾਲ ਮਿਲ ਕੇ ਕੰਮ ਕਰੇਗੀ। ਇਸ ਸਬੰਧੀ ਇਕ ਵਿਆਪਕ ਖਾਕਾ ਤਿਆਰ ਕਰ ਲਿਆ ਗਿਆ ਹੈ ਤੇ ਰਸਮੀ ਸਮਝੌਤੇ ’ਤੇ ਜਲਦੀ ਹੀ ਦਸਤਖ਼ਤ ਵੀ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਪੁਲੀਸ ਥਾਣਿਆਂ ਦੀ ਕਾਇਆ ਕਲਪ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ’ਚ ਵਾਹਨਾਂ, ਹਥਿਆਰਾਂ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੀ ਕੰਮ ਕੀਤਾ ਜਾ ਰਿਹਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਨਵ-ਨਿਯੁਕਤ ਨੌਜਵਾਨਾਂ ਨੂੰ ਪੁਲੀਸ ਫੋਰਸ ’ਚ ਸ਼ਾਮਲ ਕਰਨਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨੇ ਸੂਬੇ ’ਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਟੀਮ ਵਜੋਂ ਕੰਮ ਕਰਨ ਲਈ ਪੰਜਾਬ ਪੁਲੀਸ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਸੂਬੇ ਦੀ ਪੁਲੀਸ ਦਾ ਮਨੋਬਲ ਡੇਗਣ ਦੀ ਇਜਾਜ਼ਤ ਨਹੀਂ ਦੇਵੇਗੀ। ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਨ੍ਹਾਂ ਨਾਲ ਪੰਜਾਬ ਪੁਲੀਸ ਪੂਰੀ ਸਮਰੱਥਾ ਨਾਲ ਨਜਿੱਠਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੁਲੀਸ ਮੁਲਾਜ਼ਮਾਂ ਨੂੰ ਬੋਝ ਮੁਕਤ ਕਰਨ ਲਈ ਛੁੱਟੀਆਂ ਦੀ ਵਿਵਸਥਾ ਸਮੇਤ ਹੋਰ ਢੰਗ-ਤਰੀਕੇ ਤਲਾਸ਼ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲੀਸ ਵਿਭਾਗ ਵਿੱਚ ਹਰ ਸਾਲ 1800 ਕਾਂਸਟੇਬਲ ਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫ਼ੈਸਲਾ ਕੀਤਾ ਹੈ।