ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਦਾਖ਼ਲ ਹੋਣ ਤੋਂ ਰੋਕਿਆ

ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਦਾਖ਼ਲ ਹੋਣ ਤੋਂ ਰੋਕਿਆ

ਐਸਏਐਸ ਨਗਰ (ਮੁਹਾਲੀ)- ਬੰਦੀ ਸਿੰਘਾਂ ਦੀ ਰਿਹਾਈ, 328 ਲਾਪਤਾ ਸਰੂਪ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਬਿਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਲਈ ਜ਼ਿੰਮੇਵਾਰ ਪੁਲੀਸ ਅਤੇ ਸਿਆਸੀ ਆਗੂਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀਆਂ ਮੰਗਾਂ ਸਬੰਧੀ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਕੌਮੀ ਇਨਸਾਫ਼ ਮੋਰਚਾ ਵੱਲੋਂ ਜਾਰੀ ਪੱਕੇ ਮੋਰਚੇ ’ਤੇ ਅੱਜ ਸੰਤ ਸਮਾਜ ਸਮੇਤ ਸੈਂਕੜੇ ਸਿੱਖ ਪ੍ਰਚਾਰਕਾਂ ਅਤੇ ਹੋਰਨਾਂ ਸਿੱਖ ਆਗੂਆਂ ਨੇ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਇਹ ਬੀਤੀ 7 ਜਨਵਰੀ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ। ਸਿੱਖ ਆਗੂ ਪੱਕੇ ਮੋਰਚੇ ਵਾਲੀ ਥਾਂ ਤੋਂ ਅਰਦਾਸ ਕਰਨ ਮਗਰੋਂ ਜੈਕਾਰੇ ਛੱਡਦੇ ਹੋਏ ਚੰਡੀਗੜ੍ਹ ਲਈ ਰਵਾਨਾ ਹੋਏ, ਪਰ ਐੱਸਐੱਸਪੀ ਦੀ ਕੋਠੀ ਨੇੜੇ ਮੁਹਾਲੀ ਤੇ ਚੰਡੀਗੜ੍ਹ ਪੁਲੀਸ ਨੇ ਜ਼ਬਰਦਸਤ ਬੈਰੀਕੇਡਿੰਗ ਕਰਕੇ ਇਸ ਮਾਰਚ ਨੂੰ ਰੋਕ ਲਿਆ।

ਪੁਲੀਸ ਵੱਲੋਂ ਰੋਕੇ ਜਾਣ ’ਤੇ ਪ੍ਰਦਰਸ਼ਨਕਾਰੀਆਂ ਨੇ ਇਥੇ ਸੜਕ ’ਤੇ ਧਰਨਾ ਆਰੰਭ ਦਿੱਤਾ। ਸ਼ਾਮ ਨੂੰ ਸਾਰੇ ਪ੍ਰਦਰਸ਼ਨਕਾਰੀ ਵਾਪਸ ਪੱਕਾ ਮੋਰਚਾ ਕੈਂਪ ਵਿੱਚ ਆ ਗਏ। ਇਸ ਮੌਕੇ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਹਾੜੇ ’ਤੇ 45 ਕੈਦੀਆਂ ਨੂੰ ਰਿਹਾਅ ਕਰਨ ਦੀ ਗੱਲ ਕਹੀ ਜਾ ਰਹੀ ਹੈ, ਪਰ ਜਿਹੜੇ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ, ਉਨ੍ਹਾਂ ਨੂੰ ਰਿਹਾਅ ਕਰਨ ਤੋਂ ਪੱਲਾ ਝਾੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜਾ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ ਤੇ ਜ਼ਬਰਦਸਤ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਦੇ ਕਿਸਾਨਾਂ ਨੇ ਖੇਤੀ ਕਾਨੂੰਨ ਵਾਪਸ ਕਰਵਾ ਕੇ ਦਿੱਲੀ ਮੋਰਚਾ ਫ਼ਤਿਹ ਕੀਤਾ ਸੀ, ਉਸੇ ਤਰ੍ਹਾਂ ਹੀ ਇਹ ਮੋਰਚਾ ਵੀ ਫ਼ਤਹਿ ਕੀਤਾ ਜਾਵੇਗਾ।