ਪੁਲੀਸ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਮੋਰਚੇ ਦੇ ਆਗੂ ਜਬਰੀ ਚੁੱਕੇ

ਪੁਲੀਸ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਮੋਰਚੇ ਦੇ ਆਗੂ ਜਬਰੀ ਚੁੱਕੇ

ਪਟਿਆਲਾ- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਦਫ਼ਤਰ ਸਾਹਮਣੇ ਛੇ ਦਿਨਾਂ ਤੋਂ ਧਰਨੇ ’ਤੇ ਬੈਠੇ ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਕ) ਦੀਆਂ 16 ਜਥੇਬੰਦੀਆਂ ਨੂੰ ਅੱਜ ਪੁਲੀਸ ਨੇ ਸਵੇਰੇ ਤੜਕੇ ਹੀ ਖਦੇੜ ਦਿੱਤਾ। ਪੁਲੀਸ ਨੇ ਇਹ ਕਾਰਵਾਈ 2 ਵਜੇ ਦੇ ਕਰੀਬ ਸ਼ੁਰੂ ਕੀਤੀ ਤੇ ਕਿਸਾਨਾਂ ਤੇ ਬੀਬੀਆਂ ਨੂੰ ਬੱਸਾਂ ਵਿੱਚ ਜਬਰੀ ਬਿਠਾ ਕੇ ਪਟਿਆਲਾ ਤੋਂ ਦੂਰ ਛੱਡ ਦਿੱਤਾ। ਕੁਝ ਕਿਸਾਨਾਂ ਨੂੰ ਪਟਿਆਲੇ ਦੇ ਵੱਖ ਵੱਖ ਥਾਣਿਆਂ ਵਿੱਚ ਰੱਖਿਆ ਗਿਆ। ਬਾਅਦ ਵਿੱਚ ਮਰਨ ਵਰਤ ’ਤੇ ਬੈਠੇ ਪੰਜ ਕਿਸਾਨਾਂ ਜਗਜੀਤ ਸਿੰਘ ਡੱਲੇਵਾਲ, ਸੁਖਦੇਵ ਸਿੰਘ ਭੋਜਰਾਜ, ਕੁਲਵਿੰਦਰ ਸਿੰਘ ਪੰਜੋਲਾ, ਤਰਸੇਮ ਸਿੰਘ ਗਿੱਲ, ਸੁਖਜੀਤ ਸਿੰਘ ਹਰਦੋ ਝੰਡੇ ਨੂੰ ਮਾਤਾ ਕੁਸ਼ੱਲਿਆ ਹਸਪਤਾਲ ਭਰਤੀ ਕਰਵਾਇਆ ਗਿਆ। ਪੁਲੀਸ ਨੇ ਦਾਅਵਾ ਕੀਤਾ ਕਿ ਕਿਸਾਨਾਂ ਦਾ ਮਰਨ ਵਰਤ ਤੁੜਵਾ ਦਿੱਤਾ ਗਿਆ ਹੈ। ਇਸ ਦੌਰਾਨ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਜਿਸ ਦਿਨ ਕਿਸਾਨਾਂ ਨੇ ਪਾਵਰਕੌਮ ਮੁਲਾਜ਼ਮਾਂ ਨੂੰ ਅੰਦਰ ਬੰਦ ਕੀਤਾ ਸੀ, ਉਸ ਦਿਨ ਹੀ ਉਨ੍ਹਾਂ ’ਤੇ ਕੇਸ ਦਰਜ ਕਰ ਲਿਆ ਗਿਆ ਸੀ। ਇਸ ਤੋਂ ਪਹਿਲਾਂ ਧਰਨੇ ’ਤੇ ਸ਼ਾਂਤਮਈ ਢੰਗ ਨਾਲ ਬੈਠੇ ਸੰਯੁਕਤ ਕਿਸਾਨ ਮੋਰਚੇ ਦੇ ਕਾਰਕੁਨਾਂ ਨੂੰ ਅੱਜ ਸਵੇਰੇ ਤੜਕਸਾਰ ਹੀ ਵੱਡੀ ਗਿਣਤੀ ਪੁਲੀਸ ਫੋਰਸ ਨੇ ਘੇਰ ਲਿਆ। ਪੁਲੀਸ ਨੇ ਸਭ ਤੋਂ ਪਹਿਲਾਂ ਮਿੱਟੀ ਢੋਹਣ ਵਾਲੇ ਟਿੱਪਰਾਂ ਨੂੰ ਸੜਕਾਂ ’ਤੇ ਇਸ ਤਰੀਕੇ ਨਾਲ ਖੜ੍ਹਾਇਆ ਕਿ ਸੜਕਾਂ ਬੰਦ ਹੋ ਗਈਆਂ। ਇਸ ਤੋਂ ਬਾਅਦ ਸ਼ੇਰਾਂਵਾਲਾ ਗੇਟ ਡਾਕਖ਼ਾਨੇ ਕੋਲ ਪਾਵਰਕੌਮ ਦੇ ਦਫ਼ਤਰ ਵਾਲੇ ਗੇਟ ’ਤੇ ਬੈਠੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਗੇਟ ਖੁੱਲ੍ਹਵਾ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲੀਸ ਨੇ ਦੂਜੇ ਦੋ ਗੇਟ ਵੀ ਖੁੱਲ੍ਹਵਾ ਦਿੱਤੇ ਤੇ ਕਿਸਾਨਾਂ ਨੂੰ ਜਬਰੀ ਖਦੇੜਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ਕਿਸਾਨ ਦੇ ਵਿਰੋਧ ਦੇ ਬਾਵਜੂਦ ਪੁਲੀਸ ਮੁਲਾਜ਼ਮਾਂ ਨੇ ਕਿਸਾਨਾਂ ਨੂੰ ਜਬਰੀ ਬੱਸਾਂ ਵਿੱਚ ਡੱਕ ਦਿੱਤਾ। ਇਸ ਤੋਂ ਬਾਅਦ ਪੁਲੀਸ ਨੇ ਮਰਨ ਵਰਤ ’ਤੇ ਬੈਠੇ ਆਗੂਆਂ ਨੂੰ ਜਬਰੀ ਚੁੱਕ ਲਿਆ। ਸੰਯੁਕਤ ਕਿਸਾਨ ਮੋਰਚੇ ਨੇ ਦੋਸ਼ ਲਾਏ ਕਿ ਇਸ ਵੇਲੇ ਪੁਲੀਸ ਨੇ ਅੰਮ੍ਰਿਤਧਾਰੀ ਸੰਘਰਸ਼ਕਾਰੀਆਂ ਦੀਆਂ ਪੱਗਾਂ ਉਤਾਰੀਆਂ ਤੇ ਬੀਬੀਆਂ ਦੀਆਂ ਚੁੰਨੀਆਂ ਵੀ ਉਤਾਰੀਆਂ ਗਈਆਂ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਬਿਜਲੀ ਬੋਰਡ ਦਫ਼ਤਰ ਦੇ ਬਾਹਰ ਆਪਣੀਆਂ ਮੰਗਾਂ ਦੇ ਹੱਕ ’ਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ’ਤੇ ਪੁਲੀਸ ਕੋਲੋਂ ਜਬਰੀ ਚੁਕਵਾਉਣ ਦੀ ਤਿੱਖੀ ਨਿਖੇਧੀ ਕੀਤੀ ਹੈ। ਉਨ੍ਹਾਂ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇਸ਼ ਵਿੱਚ ਲੋਕਤੰਤਰ ਦੀ ਕੀਤੀ ਜਾ ਰਹੀ ਹੱਤਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰਦੇ ਹਨ, ਪਰ ਸੱਤਾ ਦੇ ਨਸ਼ੇ ਵਿੱਚ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਨ ਵਾਲਿਆਂ ਨੂੰ ਜਬਰੀ ਚੁਕਵਾ ਕੇ ਲੋਕਤੰਤਰ ਦਾ ਜਨਾਜ਼ਾ ਵੀ ਕੱਢ ਰਹੇ ਹਨ। ਅਜਿਹੇ ਹਾਲਾਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰ ਲੈਣਾ ਚਾਹੀਦਾ ਹੈ।

ਅਸੀਂ ਵਰਤ ਨਹੀਂ ਤੋੜਿਆ: ਡੱਲੇਵਾਲ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਦੱਸਿਆ ਕਿ ਉਹ ਪੰਜ ਕਿਸਾਨ ਮਰਨ ਵਰਤ ’ਤੇ ਹਾਲੇ ਵੀ ਬੈਠੇ ਹਨ। ਉਨ੍ਹਾਂ ਸਰਕਾਰ ਦੀਆਂ ਮੈਡੀਕਲ ਸਹੂਲਤਾਂ ਤੇ ਹੋਰ ਸਾਰੀਆਂ ਸਹੂਲਤਾਂ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਜੇਲ੍ਹ ਵਿੱਚ ਮਰਨ ਵਰਤ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਤੋਂ ਬਾਅਦ ਦੋ ਹੋਰ ਕਿਸਾਨ ਹਰਭਗਵਾਨ ਸਿੰਘ ਤੇ ਬੇਅੰਤ ਸਿੰਘ ਮਰਨ ਵਰਤ ’ਤੇ ਬੈਠ ਗਏ।

ਅੰਮ੍ਰਿਤਸਰ (ਟਨਸ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਥੇ ਕਿਹਾ ਕਿ ਉਹ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਹਨ। ਸ਼੍ਰੋਮਣੀ ਕਮੇਟੀ ਨੇ ਪਟਿਆਲਾ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਲਾਏ ਧਰਨੇ ਨੂੰ ਜਬਰੀ ਚੁਕਵਾਉਣ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਨੂੰ ਲੋਕ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਲੋਕ ਹਿਤੈਸ਼ੀ ਫ਼ੈਸਲੇ ਲੈਣੇ ਚਾਹੀਦੇ ਹਨ।