ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਵਰ੍ਹਦੇ ਮੀਂਹ ’ਚ ਮੁਜ਼ਾਹਰਾ

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਵਰ੍ਹਦੇ ਮੀਂਹ ’ਚ ਮੁਜ਼ਾਹਰਾ

ਜਲੰਧਰ – ਵਰ੍ਹਦੇ ਮੀਂਹ ਦੇ ਬਾਵਜੂਦ ਸਾਂਝੇ ਮਜ਼ਦੂਰ ਮੋਰਚੇ ਦੇ ਸੱਦੇ ਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਦੇ ਕਾਫ਼ਲੇ ਮੁਜ਼ਾਹਰੇ ਦੇ ਰੂਪ ਮਾਰਚ ਕਰਦਿਆਂ ਵਿੱਚ ਹਲਕਾ ਨਕੋਦਰ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਦੀ ਰਿਹਾਇਸ਼ ਤੇ ਪਹੁੰਚ ਕੇ ਮਜ਼ਦੂਰਾਂ ਨੇ ਮੁੱਖ ਮੰਤਰੀ ਦੇ ਨਾਂ ਉਨ੍ਹਾਂ ਨੂੰ ਯਾਦ ਪੱਤਰ ਦਿੱਤਾ। ਇਸ ਮਜ਼ਦੂਰਾਂ ਦੇ ਕਾਫਲੇ ਦੀ ਅਗਵਾਈ ਵਿਜੇ ਬਾਠ ਬਖਸ਼ੋ ਰਾਣੀ, ਮਮਤਾ ਨੇ ਕੀਤੀ। ਹਲਕਾ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਮਜ਼ਦੂਰਾਂ ਨੂੰ ਭਰੋਸਾ ਦਿੱਤਾ ਕਿ ਉਹ ਜ਼ਿਲ੍ਹੇ ਦੇ ਅਧਿਕਾਰੀਆਂ ਤੋਂ ਮਜ਼ਦੂਰਾਂ ਦੇ ਮਾਮਲੇ ਹੱਲ ਕਰਵਾਉਣਗੇ ਅਤੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕਰਨਗੇ ਕਿ ਉਹ ਮਜ਼ਦੂਰਾਂ ਨਾਲ ਮੀਟਿੰਗ ਕਰਕੇ ਮਜ਼ਦੂਰਾਂ ਦੇ ਜ਼ਮੀਨ ਨਾਲ ਜੁੜੇ ਦੇ ਮਸਲੇ ਹੱਲ ਕਰਨ।

ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਕਿਹਾ ਕਿ ਮਜ਼ਦੂਰਾਂ ਆਗੂਆਂ ਨਾਲ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਉਪ ਚੋਣ ਤੋਂ ਬਾਅਦ ਤੁਰੰਤ ਮਜ਼ਦੂਰ ਆਗੁ ਦੇ ਨਾਲ ਬੈਠ ਕੇ ਪੰਚਾਇਤੀ ਜ਼ਮੀਨ ਚੋ ਦਲਿਤਾਂ ਦੀ ਤੀਜੇ ਹਿੱਸੇ ਦੀ ਜ਼ਮੀਨ ਨਾਲ ਸਬੰਧਤ ਮਸਲੇ ਦਾ ਸਥਾਈ ਹੱਲ ਲਈ ਕਾਨੂੰਨ ਬਣਾਇਆ ਜਾਵੇਗਾ। ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਅਤੇ ਘਰ ਬਣਾਉਣ ਲਈ ਗਰਾਂਟ ,ਮਨਰੇਗਾ ਹੇਠ ਰੁਜ਼ਗਾਰ ਦੀ ਗਾਰੰਟੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿਚ ਛੋਟੇ ਕਿਸਾਨਾਂ ਅਤੇ ਦਲਿਤਾਂ ਲਈ ਮਨਰੇਗਾ ਲਾਗੂ ਕਰਨ ਲਈ ਪੰਜਾਬ ਸਰਕਾਰ ਗੰਭੀਰ ਨਹੀਂ ਹੈ। ਬਲਾਕਾਂ ਵਿੱਚ ਬੀਡੀਪੀਓ ਅਤੇ ਅਧਿਕਾਰੀਆਂ ਦੀਆਂ ਪੋਸਟਾਂ ਖਾਲੀ ਹੋਣ ਕਾਰਨ ਮਜ਼ਦੂਰਾਂ ਨੂੰ ਮੁਸ਼ਕਲ ਪੇਸ਼ ਆ ਰਹੀ ਹੈ। ਵਿਜੇ ਕੁਮਾਰ ਬਾਠ ਅਤੇ ਬਖਸ਼ੋ ਰਾਣੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਮਜ਼ਦੂਰਾਂ ਨੂੰ ਰੁਜ਼ਗਾਰ ਤੇ ਮਿਹਨਤਾਨਾ ਨਾ ਮਿਲਿਆ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।