ਪ੍ਰਧਾਨ ਮੰਤਰੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ

ਪ੍ਰਧਾਨ ਮੰਤਰੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ

ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀਆਂ ਉੱਘੀਆਂ ਸਿਆਸੀ ਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ


ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਉੱਘੀਆਂ ਸਿਆਸੀ ਅਤੇ ਪ੍ਰਸ਼ਾਸਕੀ ਸ਼ਖ਼ਸੀਅਤਾਂ ਪਹੁੰਚੀਆਂ। ਪੰਜਾਬ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਅਤੇ ਹੋਰਨਾਂ ਪਾਰਟੀਆਂ ਦੇ ਆਗੂ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਸ੍ਰੀ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ। ਸ੍ਰੀ ਬਾਦਲ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜਾ ਕੇ ਮੁਹਾਲੀ ਦੇ ਫੋਰਟਿਸ ਹਸਪਤਾਲ ਤੋਂ ਐਂਬੂਲੈਂਸ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਲਿਆਂਦਾ ਗਿਆ। ਮ੍ਰਿਤਕ ਦੇਹ ਕੋਲ ਉਨ੍ਹਾਂ ਦਾ ਪੁੱਤਰ ਸੁਖਬੀਰ ਸਿੰਘ ਬਾਦਲ, ਭਤੀਜਾ ਮਨਪ੍ਰੀਤ ਸਿੰਘ ਬਾਦਲ, ਪੋਤਾ ਅਨੰਤਵੀਰ ਸਿੰਘ, ਪਰਿਵਾਰ ਦੇ ਹੋਰ ਮੈਂਬਰ ਤੇ ਕਰੀਬੀ ਰਿਸ਼ਤੇਦਾਰ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਤੇ ਸਾਬਕਾ ਵਿਧਾਇਕ ਵੀ ਮੌਜੂਦ ਸੀ। ਉਧਰ ਪੰਜਾਬ ਸਰਕਾਰ ਨੇ ਭਲਕੇ 27 ਅਪਰੈਲ ਨੂੰ ਸੂਬੇ ’ਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਤੋਂ ਵਿਸ਼ੇਸ਼ ਜਹਾਜ਼ ਰਾਹੀਂ ਚੰਡੀਗੜ੍ਹ ਪਹੁੰਚੇ ਤੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਬਾਦਲ ਪਰਿਵਾਰ ਦੇ ਹੋਰਨਾਂ ਮੈਂਬਰਾਂ ਨਾਲ ਵੀ ਸ਼ੋਕ ਪ੍ਰਗਟਾਇਆ। ਪ੍ਰਧਾਨ ਮੰਤਰੀ ਨੇ ਸ੍ਰੀ ਬਾਦਲ ਦੇ ਚਲਾਣੇ ਨੂੰ ‘ਨਿੱਜੀ ਘਾਟਾ’ ਦੱਸਿਆ ਤੇ ਪਰਿਵਾਰਕ ਮੈਂਬਰਾਂ ਨਾਲ ਕੁਝ ਪੁਰਾਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਸ੍ਰੀ ਮੋਦੀ ਕੁਝ ਮਿੰਟਾਂ ਲਈ ਹੀ ਅਕਾਲੀ ਦਲ ਦੇ ਦਫ਼ਤਰ ਆਏ ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਦੀ ਆਮਦ ਕਰਕੇ ਪੰਜਾਬ ਤੇ ਚੰਡੀਗੜ੍ਹ ਪੁਲੀਸ ਵੱਲੋਂ ਸੁਰੱਖਿਆ ਦੇ ਇੰਨੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਕਿ ਅਕਾਲੀ ਵਰਕਰਾਂ ਤੇ ਆਮ ਆਦਮੀਆਂ ਨੂੰ ਅਕਾਲੀ ਦਲ ਦੇ ਦਫ਼ਤਰ ਤੱਕ ਪਹੁੰਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਪੰਜਾਬ ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੰਤਿਮ ਦਰਸ਼ਨਾਂ ਮੌਕੇ ਹਾਜ਼ਰੀ ਭਰੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਪੰਜਾਬੀ ਗਾਇਕ ਗੁਰਦਾਸ ਮਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਆਗੂ ਸੁਨੀਲ ਜਾਖੜ, ਬਸਪਾ ਆਗੂ ਅਵਤਾਰ ਸਿੰਘ ਕਰੀਮਪੁਰੀ, ਸੰਸਦ ਮੈਂਬਰ ਪਰਨੀਤ ਕੌਰ, ਦਿੱਲੀ ਦੇ ਸਿੱਖ ਆਗੂ ਪਰਮਜੀਤ ਸਿੰਘ ਸਰਨਾ, ਪਰਮਿੰਦਰ ਸਿੰਘ ਢੀਂਡਸਾ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਸਾਬਕਾ ਮੁੱਖ ਸਕੱਤਰ ਰਮੇਸ਼ਇੰਦਰ ਸਿੰਘ, ਸਾਬਕਾ ਡੀਜੀਪੀ ਸੁਰੇਸ਼ ਅਰੋੜਾ, ਮੁਹੰਮਦ ਮੁਸਤਫਾ, ਪੰਜਾਬ ਦੇ ਮੌਜੂਦਾ ਆਈਏਐਸ ਤੇ ਆਈਪੀਐਸ ਅਧਿਕਾਰੀਆਂ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲਾਂ ਸਮੇਤ ਹੋਰਨਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ। ਸਿਆਸੀ ਤੇ ਪ੍ਰਸ਼ਾਸਕੀ ਸ਼ਖ਼ਸੀਅਤਾਂ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੇ ਕੰਮਾਂ ਅਤੇ ਉਨ੍ਹਾਂ ਵੱਲੋਂ ਪਾਏ ਯੋਗਦਾਨ ਨੂੰ ਮੀਡੀਆ ਨਾਲ ਸਾਂਝਾ ਕੀਤਾ। ਸਿਆਸੀ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਸਿਆਸਤ ਦਾ ਇੱਕ ਯੁਗ ਖ਼ਤਮ ਹੋ ਗਿਆ ਹੈ। ਸਾਬਕਾ ਤੇ ਮੌਜੂਦਾ ਨੌਕਰਸ਼ਾਹਾਂ ਨੇ ਸ੍ਰੀ ਬਾਦਲ ਨਾਲ ਕੀਤੇ ਕੰਮਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਿੱਘੇ ਸੁਭਾਅ ਤੇ ਹਲੀਮੀ ਵਾਲਾ ਸਿਆਸੀ ਆਗੂ ਕਰਾਰ ਦਿੱਤਾ। ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਾਰਟੀ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਦੀ ਮ੍ਰਿਤਕ ਦੇਹ ਨੂੰ ਇੱਕ ਐਂਬੂਲੈਂਸ ਵਿੱਚ ਰੱਖ ਕੇ ਪਿੰਡ ਬਾਦਲ ਨੂੰ ਚਾਲੇ ਪਾਏ ਜਿੱਥੇ ਭਲਕੇ ਸਸਕਾਰ ਕੀਤਾ ਜਾਣਾ ਹੈ।

ਬਾਦਲ ਦਾ ਕਿਸਾਨ ਭਲਾਈ ਵਿੱਚ ਅਹਿਮ ਯੋਗਦਾਨ: ਮਨਮੋਹਨ ਸਿੰਘ

ਨਵੀਂ ਦਿੱਲੀ:
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਚਲਾਣੇ ’ਤੇ ਦੁੱਖ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਸਿਆਸੀ ਕੱਦਾਵਰ ਆਗੂ ਦੱਸਿਆ, ਜਿਨ੍ਹਾਂ ਪੰਜਾਬ ਦੀ ਸਿਆਸਤ ’ਚ ਅਹਿਮ ਭੂਮਿਕਾ ਨਿਭਾਈ। ਸ੍ਰੀ ਬਾਦਲ ਦੇ ਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਿਖੇ ਪੱਤਰ ਵਿੱਚ ਕਾਂਗਰਸੀ ਆਗੂ ਨੇ ਅਕਾਲੀ ਆਗੂ ਦੇ ਦੇਹਾਂਤ ’ਤੇ ਦੁਖ ਜਤਾਇਆ। ਸਿੰਘ ਨੇ ਕਿਹਾ, ‘‘ਆਪਣੇ ਲੰਮੇ ਸਿਆਸੀ ਤੇ ਪ੍ਰਸ਼ਾਸਨਿਕ ਕਰੀਅਰ ਦੌਰਾਨ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿੰਦਿਆਂ ਕਿਸਾਨਾਂ ਤੇ ਸਮਾਜ ਦੇ ਹੋਰਨਾਂ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੱਡਾ ਯੋਗਦਾਨ ਪਾਇਆ। ਬਾਦਲ ਸਾਹਿਬ ਨਾਲ ਮਿਲਣੀ ਦੀਆਂ ਮੇਰੀਆਂ ਕਈ ਯਾਦਾਂ ਜੁੜੀਆਂ ਹਨ। ਦੁੱਖ ਦੀ ਇਸ ਘੜੀ ਵਿੱਚ ਮੈਂ ਤੇ ਮੇਰੀ ਪਤਨੀ, ਤੁਹਾਡੇ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਡੂੰਘੀਆਂ ਸੰਵੇਦਨਾਵਾਂ ਸਾਂਝੀਆਂ ਕਰਦੇ ਹਾਂ।’’