ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਲਈ ਤੀਜਾ ਪੜਾਅ ਸ਼ੁਰੂ

ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਲਈ ਤੀਜਾ ਪੜਾਅ ਸ਼ੁਰੂ

ਚੰਡੀਗੜ੍ਹ- ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਤੀਸਰੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਤਹਿਤ ਉਨ੍ਹਾਂ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ (ਡੀਡੀਪੀਓ) ਨੂੰ ਹਦਾਇਤ ਕੀਤੀ ਹੈ ਕਿ ਉਹ ਪੰਚਾਇਤੀ ਜ਼ਮੀਨਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ 10 ਜੂਨ ਤੱਕ ਛੁਡਾਉਣ। ਚੇਤੇ ਰਹੇ ਕਿ ਪਹਿਲੇ ਪੜਾਅ ’ਚ 9400 ਏਕੜ ਦੇ ਕਰੀਬ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਏ ਜਾ ਚੁੱਕੇ ਹਨ ਅਤੇ ਦੂਸਰੇ ਪੜਾਅ ’ਚ 469 ਏਕੜ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੁਡਾਇਆ ਗਿਆ ਸੀ।

ਪੰਚਾਇਤ ਮੰਤਰੀ ਨੇ ਅੱਜ ਇੱਥੇ ਡੀਡੀਪੀਓਜ਼ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਅਦਾਲਤ ਵੱਲੋਂ ਸਟੇਅ ਲਾਈਆਂ ਜ਼ਮੀਨਾਂ ਤੋਂ ਇਲਾਵਾ ਜਿਹੜੀਆਂ ਜ਼ਮੀਨਾਂ ’ਤੇ ਹਾਲੇ ਤੱਕ ਨਾਜਾਇਜ਼ ਕਾਬਜ਼ਕਾਰ ਬੈਠੇ ਹਨ, ਉਨ੍ਹਾਂ ਤੋਂ ਕਬਜ਼ਾ ਹਰ ਹਾਲ 10 ਜੂਨ ਤੱਕ ਲਿਆ ਜਾਵੇ। ਪੰਚਾਇਤ ਮੰਤਰੀ ਨੇ ਇਹ ਵੀ ਕਿਹਾ ਕਿ ਕਿਸੇ ਵੀ ਸ਼ਾਮਲਾਤ ਜ਼ਮੀਨ ਦੀ ਬੋਲੀ ਦੌਰਾਨ ਕਿਸੇ ਰਸੂਖਦਾਰ ਵਿਅਕਤੀ ਜਾਂ ਸਿਆਸੀ ਆਗੂ ਦੀ ਕੋਈ ਸਿਫ਼ਾਰਸ਼ ਨਾ ਮੰਨੀ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮਲਾਤ ਜ਼ਮੀਨਾਂ ਦੀ ਬੋਲੀ ਲਈ ਹੁਣ ਘੱਟੋ-ਘੱਟ 15 ਹਜ਼ਾਰ ਰੁਪਏ ਦੀ ਰਕਮ ਮਿਥੀ ਜਾਵੇਗੀ ਅਤੇ ਸਫਲ ਬੋਲੀਕਾਰ ਕੋਲੋਂ ਜ਼ਮੀਨ ਦਾ ਠੇਕਾ ਨਗਦ ਭਰਵਾਇਆ ਜਾਵੇਗਾ। ਉਨ੍ਹਾਂ ਪੰਜਾਬ ਵਿਚ ਨਿਗੂਣੇ ਠੇਕੇ ’ਤੇ ਦਿੱਤੀਆਂ ਸ਼ਾਮਲਾਤ ਜ਼ਮੀਨਾਂ ਦਾ ਨੋਟਿਸ ਵੀ ਲਿਆ। ਉਨ੍ਹਾਂ ਕਿਹਾ ਕਿ ਜਿਹੜੀਆਂ ਜ਼ਮੀਨਾਂ ਕਿਸੇ ਕਾਰਨ ਠੇਕੇ ਉੱਤੇ ਨਾ ਚੜ੍ਹ ਸਕੀਆਂ, ਉਨ੍ਹਾਂ ਥਾਵਾਂ ’ਤੇ ਜੰਗਲ ਵਿਕਸਿਤ ਕੀਤੇ ਜਾਣਗੇ ਅਤੇ ਅਜਿਹੀਆਂ ਸਾਰੀਆਂ ਜ਼ਮੀਨਾਂ ’ਤੇ 1 ਜੁਲਾਈ ਤੋਂ ਜੰਗਲ ਲਾਉਣ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਨਾਲ ਇੱਕ ਤਾਂ ਮਗਨਰੇਗਾ ਤਹਿਤ ਕੰਮ ਕਰਨ ਵਾਲੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਦੂਜਾ ਵਾਤਾਵਰਨ ਦੀ ਸ਼ੁੱਧਤਾ ਵਿਚ ਸਹਾਈ ਹੋਵੇਗਾ।

ਡਿਫਾਲਟਰ ਕਲੋਨੀ ਮਾਲਕਾਂ ਤੋਂ 20 ਜੂਨ ਤਕ ਪੈਸੇ ਭਰਵਾਉਣ ਦੀ ਹਦਾਇਤ

ਪੰਚਾਇਤ ਮੰਤਰੀ ਨੇ ਸਮੂਹ ਡੀਡੀਪੀਓਜ਼ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਪੰਜਾਬ ਦੇ ਕਿਸੇ ਵੀ ਇਲਾਕੇ ਵਿਚ ਕੱਟੀਆਂ ਕਲੋਨੀਆਂ ਵਿਚ ਜੋ ਸਰਕਾਰੀ ਰਸਤੇ ਜਾਂ ਖਾਲ ਆਏ ਹਨ, ਉਨ੍ਹਾਂ ਦੇ ਪੈਸੇ ਸਬੰਧਿਤ ਕਲੋਨੀ ਮਾਲਕਾਂ ਜਾਂ ਜੋ ਵੀ ਇਸ ਦਾ ਦੇਣਦਾਰ ਹੈ, ਉਸ ਤੋਂ ਹਰ ਹਾਲ 20 ਜੂਨ ਤੱਕ ਭਰਵਾਏ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਅਣਗਹਿਲੀ ਕਰਨ ਵਾਲੇ ਅਧਿਕਾਰੀ ’ਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ।