ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਵਿਗੜੀ: ਰਾਜਨਾਥ

ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਵਿਗੜੀ: ਰਾਜਨਾਥ

ਰੱਖਿਆ ਮੰਤਰੀ ਨੇ ਚੰਡੀਗੜ੍ਹ ’ਚ ਮੋਦੀ ਸਰਕਾਰ ਦੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਗਿਣਾਈਆਂ
ਚੰਡੀਗੜ੍ਹ – ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇੱਥੇ ਅਮਨ-ਕਾਨੂੰਨ ਦੀ ਸਥਿਤੀ ’ਤੇ ਸੂਬਾ ਸਰਕਾਰ ਨੂੰ ਅਸਿੱਧੇ ਢੰਗ ਨਾਲ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਕੇਂਦਰ ਨੂੰ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਮਿਲਦਾ ਸੀ, ਜਿਸ ਕਰਕੇ ਕਾਨੂੰਨ ਵਿਵਸਥਾ ਨੂੰ ਸੰਭਾਲ ਲਿਆ ਜਾਂਦਾ ਸੀ। ਹੁਣ ਪੰਜਾਬ ’ਚ ਸਰਕਾਰ ਬਦਲ ਚੁੱਕੀ ਹੈ, ਜੋ ਕਿ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਨਾ ਤਾਂ ਕੇਂਦਰ ਸਰਕਾਰ ਦਾ ਸਹਿਯੋਗ ਕਰ ਰਹੀ ਹੈ ਤੇ ਨਾ ਹੀ ਸਹਿਯੋਗ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਕਾਨੂੰਨ ਵਿਵਸਥਾ ਸੰਭਾਲਣ ਲਈ ਪੰਜਾਬ ਸਰਕਾਰ ਨੂੰ ਪਹਿਲਕਦਮੀ ਕਰਨ ਦੀ ਲੋੜ ਹੈ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ-34 ਗਰਾਊਂਡ ਵਿੱਚ ਮੋਦੀ ਸਰਕਾਰ ਦੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਸਬੰਧੀ ਭਾਜਪਾ ਦੀ ਰੈਲੀ ਨੂੰ ਸੰਬੋਧਨ ਕੀਤਾ। ਕੇਂਦਰੀ ਰੱਖਿਆ ਮੰਤਰੀ ਨੇ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕਾਂਗਰਸ ਦੀ ਅਣਗਹਿਲੀ ਕਾਰਨ ਪੰਜਾਬ ਤੋਂ ਚਾਰ-ਪੰਜ ਕਿਲੋਮੀਟਰ ਦੂਰੀ ’ਤੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ’ਚ ਚਲਾ ਗਿਆ। ਸ੍ਰੀ ਕਰਤਾਰਪੁਰ ਸਾਹਿਬ ਭਾਰਤ ਦਾ ਹਿੱਸਾ ਨਾ ਹੋਣ ਕਰਕੇ ਪੰਜਾਬੀਆਂ ਦੇ ਮਨਾਂ ’ਚ ਇਕ ਦਰਦ ਸੀ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਝਿਆ ਅਤੇ ਅੱਜ ਕਰਤਾਰਪੁਰ ਸਾਹਿਬ ਵੀ ਭਾਰਤ ਨਾਲ ਜੁੜ ਚੁੱਕਿਆ ਹੈ। ਕੇਂਦਰੀ ਰੱਖਿਆ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਦੇਸ਼ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਸੀ, ਜਿਸ ਕਰਕੇ ਕਈ ਵਾਰ ਕਾਂਗਰਸੀ ਆਗੂਆਂ ਤੇ ਮੰਤਰੀਆਂ ਤੱਕ ਨੂੰ ਜੇਲ੍ਹਾਂ ਵਿੱਚ ਜਾਣਾ ਪਿਆ ਹੈ ਪਰ ਮੋਦੀ ਸਰਕਾਰ ਦੇ ਰਾਜ ’ਚ ਭ੍ਰਿਸ਼ਟਾਚਾਰ ਨੂੰ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਤੱਕ ਭਾਰਤ ਵਿਸ਼ਵ ਦੇ ਮੰਚਾਂ ’ਤੇ ਬੋਲਦਾ ਸੀ ਤਾਂ ਉਸ ਨੂੰ ਕੋਈ ਗੰਭੀਰਤਾ ਨਾਲ ਨਹੀਂ ਲੈਂਦਾ ਸੀ ਪਰ ਅੱਜ ਜਦੋਂ ਭਾਰਤ ਕੁਝ ਵੀ ਬੋਲਦਾ ਹੈ ਤਾਂ ਬਾਕੀ ਦੇਸ਼ ਕੰਨ ਖੋਲ੍ਹ ਕੇ ਸੁਣਦੇ ਹਨ ਕਿ ਭਾਰਤ ਕੀ ਬੋਲ ਰਿਹਾ ਹੈ। ਮੋਦੀ ਸਰਕਾਰ ਦੀ ਅਗਵਾਈ ਹੇਠ ਦੇਸ਼ ਆਰਥਿਕਤਾ ਦੇ ਨਾਲ-ਨਾਲ ਹਰ ਪੱਖ ਤੋਂ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ।

ਰਾਜਨਾਥ ਸਿੰਘ ਨੇ ਕਿਹਾ ਕਿ ਭਾਜਪਾ ਨੇ ਜੋ ਕਿਹਾ ਹੈ ਉਹ ਕਰ ਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 100 ਸਾਲ ਪੂਰੇ ਹੋਣ ’ਤੇ ਭਾਰਤ ਨੂੰ ਦੁਨੀਆ ਦਾ ਸਭ ਤੋਂ ਤਾਕਤਵਰ ਦੇਸ਼ ਬਣਾਉਣਾ ਭਾਜਪਾ ਦੀ ਮੁੱਖ ਟੀਚਾ ਹੈ, ਇਸ ਲਈ ਸਾਰਿਆਂ ਨੂੰ ਸੰਕਲਪ ਲੈ ਕੇ ਅੱਗੇ ਵਧਣ ਦੀ ਲੋੜ ਹੈ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਅਰੁਣ ਸੂਦ, ਜਨਰਲ ਸਕੱਤਰ ਰਾਮਵੀਰ ਭੱਟੀ, ਚੰਦਰਸ਼ੇਖਰ, ਮੇਅਰ ਅਨੂਪ ਗੁਪਤਾ, ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਸਣੇ ਵੱਡੀ ਗਿਣਤੀ ’ਚ ਭਾਜਪਾ ਆਗੂ ਮੌਜੂਦ ਰਹੇ।

‘ਕਾਂਗਰਸ ਨੇ ਐਮਰਜੈਂਸੀ ਲਗਾ ਕੇ ਲੋਕਤੰਤਰ ਦਾ ਗਲ ਘੁੱਟਿਆ’

ਕੇਂਦਰੀ ਰੱਖਿਆ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ’ਚ ਵਿਰੋਧੀ ਧਿਰਾਂ ਭਾਜਪਾ ਵਿਰੁੱਧ ਇਕੱਠੀਆਂ ਹੋ ਰਹੀਆਂ ਹਨ ਕਿ ਭਾਜਪਾ ਨੇ ਦੇਸ਼ ਵਿੱਚੋਂ ਲੋਕਤੰਤਰ ਨੂੰ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਾਂਗਰਸ ਪਾਰਟੀ ਨੇ 25 ਜੂਨ, 1975 ਨੂੰ ਐਮਰਜੈਂਸੀ ਲਗਾ ਕੇ ਲੋਕਤੰਤਰ ਦਾ ਗਲਾ ਘੁੱਟ ਦਿੱਤਾ ਸੀ। ਉਸ ਸਮੇਂ ਵੱਡੀ ਗਿਣਤੀ ’ਚ ਸਿਆਸੀ ਆਗੂਆਂ ਨੂੰ ਜੇਲ੍ਹਾਂ ਕੱਟਣੀਆਂ ਪਈਆਂ ਸਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਪਟਨਾ ਵਿੱਚ ਮੀਟਿੰਗ 23 ਜੂਨ ਦੀ ਥਾਂ 25 ਜੂਨ ਨੂੰ ਕਰਨੀ ਚਾਹੀਦੀ ਸੀ, ਜਿੱਥੇ ਐਮਰਜੈਂਸੀ ਦੀ ਬਰਸੀ ਵੀ ਮਨਾ ਲਈ ਜਾਂਦੀ। ਰਾਜਨਾਥ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਮੋਦੀ ਸਰਕਾਰ ਨੂੰ ਸੱਤਾ ਵਿੱਚੋਂ ਹਟਾਉਣ ਲਈ ਕੋਸ਼ਿਸ਼ਾਂ ਕਰ ਰਹੀਆਂ ਹਨ। ਜੇਕਰ ਉਹ ਅਜਿਹਾ ਕਰਨਾ ਚਾਹੁੰਦੀਆਂ ਹਨ ਤਾਂ ਮਿਲ ਕੇ ਚੋਣਾਂ ਲੜ ਕੇ ਦੇਖ ਲੈਣ।