ਪੰਜਾਬ ’ਚ ਵਿਸ਼ਵ ਪੱਧਰੀ ਖੇਡ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ: ਭਗਵੰਤ ਮਾਨ

ਰਾਸ਼ਟਰਮੰਡਲ ਖੇਡਾਂ ’ਚ ਜੇਤੂ ਰਹੇ ਖਿਡਾਰੀਆਂ ਦਾ ਸਨਮਾਨ; 23 ਖਿਡਾਰੀਆਂ ਨੂੰ ਦਿੱਤੇ 9.30 ਕਰੋੜ ਰੁਪਏ ਦੇ ਨਕਦ ਇਨਾਮ
ਚੰਡੀਗੜ੍ਹ-
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ ’ਚ ਜੇਤੂ ਰਹੇ ਸੂਬੇ ਦੇ 23 ਖਿਡਾਰੀਆਂ ਦਾ ਸਨਮਾਨ ਕੀਤਾ। ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਗਏ। ਇੱਥੋਂ ਦੇ ਸੈਕਟਰ-35 ਸਥਿਤ ਮਿਉਂਸਿਪਲ ਭਵਨ ’ਚ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਕੀਤੀ ਮਿਹਨਤ ਦੇ ਸਤਿਕਾਰ ’ਚ ਇਕ ਨਿਮਾਣਾ ਜਿਹਾ ਉਪਰਾਲਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ ਵਿਸ਼ਵ ਪੱਧਰੀ ਖੇਡ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ, ਜਿਸ ਸਬੰਧੀ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿੰਡ ਪੱਧਰ ’ਤੇ ਨਵੇਂ ਸਟੇਡੀਅਮ ਬਣਾਉਣ ਲਈ ਪਹਿਲਾਂ ਹੀ ਖੇਡ ਬਜਟ ਵਿੱਚ ਵਾਧਾ ਕਰ ਦਿੱਤਾ ਹੈ। 29 ਅਗਸਤ ਤੋਂ ਸ਼ੁਰੂ ਹੋ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਬਾਰੇ ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਖੇਡਾਂ ਖਿਡਾਰੀਆਂ ਦੀ ਊਰਜਾ ਨੂੰ ਸਾਕਾਰਾਤਮਕ ਦਿਸ਼ਾ ਵੱਲ ਲਿਜਾ ਕੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਗੀਆਂ। ਉਨ੍ਹਾਂ ਦੱਸਿਆ ਕਿ ਰਾਸ਼ਟਰਮੰਡਲ ਖੇਡਾਂ ’ਚ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ’ਚੋਂ 19 ਖਿਡਾਰੀਆਂ ਨੇ ਚਾਂਦੀ ਤੇ ਚਾਰ ਨੇ ਕਾਂਸੀ ਦੇ ਤਗ਼ਮੇ ਜਿੱਤੇ ਹਨ। ਭਗਵੰਤ ਮਾਨ ਵੱਲੋਂ ਸਨਮਾਨਿਤ ਕੀਤੇ ਗਏ ਖਿਡਾਰੀਆਂ ਵਿੱਚ ਵੇਟਲਿਫਟਰ ਵਿਕਾਸ ਠਾਕੁਰ, ਹਾਕੀ ਖਿਡਾਰੀਆਂ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨ ਪਾਠਕ, ਸ਼ਮਸ਼ੇਰ ਸਿੰਘ, ਜਰਮਨਜੀਤ ਸਿੰਘ ਤੇ ਜੁਗਰਾਜ ਸਿੰਘ, ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਤਾਨੀਆ ਭਾਟੀਆ, ਵੇਟਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ, ਮਹਿਲਾ ਹਾਕੀ ਖਿਡਾਰੀ ਗੁਰਜੀਤ ਕੌਰ, ਜੂਡੋ ਖਿਡਾਰੀ ਜਸਲੀਨ ਸੈਣੀ, ਅਥਲੀਟ ਨਵਜੀਤ ਕੌਰ ਢਿੱਲੋਂ ਅਤੇ ਸਾਈਕਲਿਸਟ ਨਮਨ ਕਪਿਲ ਤੇ ਵਿਸ਼ਵਾਜੀਤ ਸਿੰਘ ਸ਼ਾਮਲ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕ੍ਰਿਕਟ ਖਿਡਾਰੀ ਹਰਲੀਨ ਦਿਓਲ ਦੇ ਇੰਗਲੈਂਡ ਖ਼ਿਲਾਫ਼ ਕੀਤੇ ਬੇਮਿਸਾਲ ਕੈਚ ਨੂੰ ਚੇਤੇ ਕੀਤਾ ਅਤੇ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ।