ਪੰਜਾਬ ’ਚ 400 ਹੋਰ ਮੁਹੱਲਾ ਕਲੀਨਿਕ

ਪੰਜਾਬ ’ਚ 400 ਹੋਰ ਮੁਹੱਲਾ ਕਲੀਨਿਕ

ਸਰਕਾਰੀ ਖ਼ਜ਼ਾਨਾ ਲੁੱਟਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਭਗਵੰਤ ਮਾਨ
ਅੰਮ੍ਰਿਤਸਰ-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਵਿਕਾਸ ਕਰਨ ਦੀ ਬਜਾਏ ਖ਼ਜ਼ਾਨੇ ਨੂੰ ਲੁੱਟਿਆ ਹੈ ਅਤੇ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਖ਼ਜ਼ਾਨੇ ਨੂੰ ਲੁੱਟਣ ਵਾਲਿਆਂ ਨੂੰ ਸਲਾਖਾਂ ਪਿੱਛੇ ਡੱਕੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ‘ਆਪ’ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਹ ਅੱਜ ਇੱਥੇ 400 ਆਮ ਆਦਮੀ ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਨ ਆਏ ਸਨ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਸਨ।

ਇੱਥੇ ਅੱਜ ਪੁਤਲੀਘਰ ਨੇੜੇ ਨਿੱਕਾ ਸਿੰਘ ਕਲੋਨੀ ਵਿੱਚ ਹੋਏ ਸਮਾਗਮ ਦੌਰਾਨ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 100 ਆਮ ਆਦਮੀ ਕਲੀਨਿਕ 75ਵੇਂ ਆਜ਼ਾਦੀ ਦਿਹਾੜੇ ਮੌਕੇ ਲੋਕਾਂ ਨੂੰ ਸਮਰਿਪਤ ਕੀਤੇ ਗਏ ਸਨ। ਇਹ ਕਲੀਨਿਕ ਲੋਕਾਂ ਨੂੰ ਲਗਪਗ 100 ਕਲੀਨਿਕਲ ਟੈਸਟਾਂ ਦੇ ਨਾਲ 41 ਸਿਹਤ ਪੈਕੇਜ ਦੇ ਰਹੇ ਹਨ। ਅਗਸਤ ਮਹੀਨੇ ਤੋਂ ਹੁਣ ਤੱਕ ਸੂਬੇ ਵਿੱਚ ਚੱਲ ਰਹੇ 100 ਆਮ ਆਦਮੀ ਕਲੀਨਿਕਾਂ ’ਚੋਂ ਲਗਪਗ 10.26 ਲੱਖ ਮਰੀਜ਼ਾਂ ਨੇ ਮੁਫ਼ਤ ਇਲਾਜ ਕਰਵਾਇਆ ਅਤੇ 1.24 ਲੱਖ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਹੁਣ ਇਲਾਜ ਤੇ ਜਾਂਚ ਲਈ ਹਸਪਤਾਲਾਂ ਵਿੱਚ ਪੈਸਾ ਨਹੀਂ ਖਰਚਣਾ ਪਵੇਗਾ। ਮਰੀਜ਼ ਇਨ੍ਹਾਂ ਕਲੀਨਿਕਾਂ ਵਿੱਚ ਜਾ ਕੇ ਸਿਹਤ ਸੇਵਾਵਾਂ ਦਾ ਲਾਭ ਲੈ ਸਕਦੇ ਹਨ ਜਾਂ ਆਨਲਾਈਨ ਸਮਾਂ ਲੈਣ ਦੀ ਸਹੂਲਤ ਵੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਮੁਹੱਲਾ ਕਲੀਨਿਕ ਸਿਹਤ ਸੇਵਾਵਾਂ ਦੇਣ ਦੇ ਨਾਲ-ਨਾਲ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਹਰੇਕ ਮਰੀਜ਼ ਦਾ ਆਨਲਾਈਨ ਡੇਟਾ ਵੀ ਰੱਖਣਗੇ। ਇਸ ਨਾਲ ਸੂਬੇ ਵਿੱਚ ਗੰਭੀਰ ਬਿਮਾਰੀਆਂ ਤੋਂ ਨਜਿੱਠਣ ਲਈ ਰਣਨੀਤੀ ਬਣਾਉਣ ਵਾਸਤੇ ਅੰਕੜੇ ਇਕੱਠੇ ਕਰਨ ਵਿੱਚ ਵੀ ਮਦਦ ਮਿਲੇਗੀ। ਇਹ ਕਦਮ ਸੂਬਾ ਵਾਸੀਆਂ ਦਾ ਖੋਜ ਆਧਾਰਤ ਇਲਾਜ ਯਕੀਨੀ ਬਣਾਏਗਾ।

ਸ੍ਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਸੂਬੇ ਦੇ ਨਾਂ ’ਤੇ ਕਰਜ਼ਾ ਲੈ ਕੇ ਨਿੱਜੀ ਖ਼ਜ਼ਾਨੇ ਭਰੇ ਗਏ ਅਤੇ ਲੋਕਾਂ ਦੇ ਸਿਰ ’ਤੇ ਕਰਜ਼ੇ ਦਾ ਬੋਝ ਵਧਿਆ ਹੈ। ਜਿਨ੍ਹਾਂ ਨੇ ਵੀ ਖ਼ਜ਼ਾਨੇ ਨੂੰ ਲੁੱਟਿਆ ਹੈ, ਉਨ੍ਹਾਂ ਨੂੰ ਸਜ਼ਾਵਾਂ ਦਿਵਾਉਣ ’ਚ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਟੈਕਸ ਭਰਨ ਵਾਲੇ ਲੋਕਾਂ ਦਾ ਇੱਕ-ਇੱਕ ਪੈਸਾ ਉਨ੍ਹਾਂ ਦੀ ਭਲਾਈ ਲਈ ਖਰਚ ਕਰ ਰਹੀ ਹੈ ਅਤੇ ਇਨ੍ਹਾਂ ਲੋਕ ਪੱਖੀ ਉਪਰਾਲਿਆਂ ਨੂੰ ਮੁਫ਼ਤਖੋਰੀ ਕਹਿਣਾ ਗਲਤ ਹੈ। ਇਹ ਵਿਕਾਸ ਕਾਰਜਾਂ ’ਤੇ ਕੀਤਾ ਗਿਆ ਖਰਚਾ ਹੈ ਜਿਸ ਦਾ ਉਦੇਸ਼ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਯਕੀਨੀ ਬਣਾਉਣਾ ਹੈ। ਇਕ ਆਮ ਆਦਮੀ ਪਾਰਟੀ ਹੀ ਵਿਕਾਸ ਦੀ ਗੱਲ ਕਰ ਰਹੀ ਹੈ ਜਦਕਿ ਬਾਕੀ ਪਾਰਟੀਆਂ ਫੁੱਟ ਪਾਊ ਏਜੰਡੇ ’ਤੇ ਚੱਲ ਰਹੀਆਂ ਹਨ। ‘ਸਕੂਲ ਆਫ ਐਮੀਨੈਂਸ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀ ਦੀ ਰੁਚੀ ਅਨੁਸਾਰ ਉਸ ਨੂੰ ਕਿੱਤਾ ਚੁਣਨ ਦੀ ਖੁੱਲ੍ਹ ਹੋਵੇਗੀ ਅਤੇ ਇਹ ਸਕੂਲ ਭਵਿੱਖ ਲਈ ਪੇਸ਼ੇਵਰ ਪਹੁੰਚ ਵਾਲੇ ਮਾਹਿਰ ਤਿਆਰ ਕਰਨਗੇ। ‘ਸਰਕਾਰ ਲੋਕਾਂ ਦੇ ਦੁਆਰ’ ਯੋਜਨਾ ਦਾ ਜ਼ਿਕਰ ਕਰਦਿਆਂ ਸ੍ਰੀ ਮਾਨ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਕੇਜਰੀਵਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਯੋਜਨਾ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਿਆਂ ਦੇ ਅਧਿਕਾਰੀ ਦੋ ਦਿਨ ਪਿੰਡਾਂ ਵਿੱਚ ਜਾਣਗੇ ਤੇ ਇਸ ਬਾਰੇ ਐਲਾਨ ਕਰ ਕੇ ਪਿੰਡਾਂ ਦੇ ਲੋਕਾਂ ਦੇ ਕੰਮ ਘਰ ਬੈਠੇ ਕੀਤੇ ਜਾਣਗੇ। ਇਸੇ ਤਰਾਂ ਬੁਢਾਪਾ ਪੈਨਸ਼ਨ ਵੀ ਲੋਕਾਂ ਨੂੰ ਘਰ ਬੈਠੇ ਹੀ ਮਿਲੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਪਿਛਲੇ ਸਿਰਫ 10 ਮਹੀਨਿਆਂ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ 25,886 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਪੱਖੀ ਫੈਸਲੇ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਤੋਂ ਮਹਿਜ਼ 10 ਮਹੀਨਿਆਂ ਅੰਦਰ ਭਗਵੰਤ ਮਾਨ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਇਨਕਲਾਬੀ ਕਦਮ ਉਠਾਏ ਹਨ। ਪੰਜਾਬ ਵਿੱਚ 500 ਆਮ ਆਦਮੀ ਕਲੀਨਿਕ ਸ਼ੁਰੂ ਵੀ ਹੋ ਗਏ ਹਨ ਜਦਕਿ ਦਿੱਲੀ ਜਿਸ ਨੇ ਮੁਲਕ ਨੂੰ ਇਹ ਮਾਡਲ ਦਿੱਤਾ, ਨੂੰ ਇਹ ਟੀਚਾ ਪੂਰਾ ਕਰਨ ਵਿੱਚ ਲੰਬਾ ਸਮਾਂ ਲੱਗਾ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਇਸ ਕਰ ਕੇ ਉਹ ਸੂਬੇ ਦੇ ਲੋਕਾਂ ਦੀਆਂ ਦੁੱਖ-ਤਕਲੀਫਾਂ ਨੂੰ ਭਲੀ-ਭਾਂਤ ਸਮਝਦੇ ਹਨ ਜਦੋਂ ਕਿ ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਰਸੂਖਵਾਨ ਪਰਿਵਾਰਾਂ ’ਚੋਂ ਬਣਦੇ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਨਮਾਨ ਵੀ ਕੀਤਾ ਗਿਆ। ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਭਨਾਂ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।