ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਮੁਹਾਲੀ ਵਿੱਚ ਹੋਇਆ ਵੱਡਾ ਇਕੱਠ; ਕੇਂਦਰ ’ਤੇ ਲਾਇਆ ਵਾਅਦਾਖ਼ਿਲਾਫ਼ੀ ਦਾ ਦੋਸ਼
ਚੰਡੀਗੜ੍ਹ/ਮੁਹਾਲੀ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਪੰਜਾਬ ਦੀਆਂ 33 ਕਿਸਾਨ ਜਥੇਬੰਦੀਆਂ ਨੇ ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ’ਤੇ ਕੇਂਦਰ ਸਰਕਾਰ ਵਿਰੁੱਧ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵੱਲ ਰੋਸ ਮਾਰਚ ਕੀਤਾ। ਇਸ ਤੋਂ ਪਹਿਲਾਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੁਹਾਲੀ ਵਿੱਚ ਇਕੱਠੇ ਹੋ ਕੇ ਰੋਸ ਰੈਲੀ ਕੀਤੀ।

ਕਿਸਾਨ ਆਗੂਆਂ ਨੇ ਰਾਜਪਾਲ ਨੂੰ ਦਿੱਤੇ ਮੰਗ ਪੱਤਰ ਵਿੱਚ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਦਾ ਕਾਨੂੰਨ ਬਣਾਉਣ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਬਿਜਲੀ ਸੋਧ ਬਿੱਲ 2022 ਨੂੰ ਵਾਪਸ ਲੈਣ, ਲਖੀਮਪੁਰ ਖੀਰੀ ਕਾਂਡ ਸਬੰਧੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ’ਚੋਂ ਬਰਖਾਸਤ ਕਰਕੇ ਗ੍ਰਿਫ਼ਤਾਰ ਕਰਨ ਅਤੇ ਝੂਠਾ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤੇ ਚਾਰ ਕਿਸਾਨ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਅੰਦੋਲਨ ਦੌਰਾਨ ਸ਼ਹੀਦ ਅਤੇ ਜ਼ਖ਼ਮੀ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਨਾਲ-ਨਾਲ ਸਾਰੀਆਂ ਫ਼ਸਲਾਂ ਲਈ ਵਿਆਪਕ ਅਤੇ ਪ੍ਰਭਾਵੀ ਫ਼ਸਲੀ ਬੀਮਾ ਯੋਜਨਾ, ਕਿਸਾਨ ਅਤੇ ਖੇਤ-ਮਜ਼ਦੂਰਾਂ ਲਈ ਮਹੀਨਾਵਾਰ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਕਿਸਾਨ ਅੰਦੋਲਨ ਦੌਰਾਨ ਸਾਰੇ ਸੂਬਿਆਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿੱਚ ਦਰਜ ਹੋਏ ਪੁਲੀਸ ਕੇਸ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਸਾਨ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਅੱਜ ਸਵੇਰੇ 11 ਵਜੇ ਹੀ ਪੰਜਾਬ ਭਰ ’ਚੋਂ ਕਿਸਾਨ ਤੇ ਕਿਸਾਨ ਬੀਬੀਆਂ ਵੱਡੇ ਕਾਫ਼ਲਿਆਂ ਵਿੱਚ ਪੁੱਡਾ ਗਰਾਊਂਡ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ ਸਾਢੇ 12 ਵਜੇ ਤੱਕ ਕਿਸਾਨਾਂ ਦਾ ਵੱਡਾ ਇਕੱਠ ਹੋ ਗਿਆ। ਇੱਥੇ ਵੱਡੀ ਰੈਲੀ ਕਰਕੇ ਕਿਸਾਨਾਂ ਦੀਆਂ ਮੰਗਾਂ ’ਤੇ ਚਰਚਾ ਕਰਦਿਆਂ ਬੁਲਾਰਿਆਂ ਨੇ ਪ੍ਰਧਾਨ ਮੰਤਰੀ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ। ਇਕੱਠ ਨੂੰ ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨਪਾਲ, ਬੂਟਾ ਸਿੰਘ ਬੁਰਜਗਿੱਲ, ਜੋਗਿੰਦਰ ਸਿੰਘ ਉਗਰਾਹਾਂ, ਹਰਮੀਤ ਸਿੰਘ ਕਾਦੀਆਂ, ਨਿਰਭੈ ਸਿੰਘ ਢੁੱਡੀਕੇ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਮਨਜੀਤ ਸਿੰਘ ਰਾਏ, ਬਲਜੀਤ ਸਿੰਘ ਗਰੇਵਾਲ, ਡਾ. ਸਤਨਾਮ ਅਜਨਾਲਾ, ਸਤਨਾਮ ਸਿੰਘ ਬਹਿਰੂ, ਜੰਗਵੀਰ ਸਿੰਘ ਚੌਹਾਨ, ਮੁਕੇਸ਼ ਚੰਦਰ, ਫੁਰਮਾਨ ਸਿੰਘ ਸੰਧੂ, ਸੁਰਜੀਤ ਸਿੰਘ ਫੂਲ, ਬਲਵਿੰਦਰ ਸਿੰਘ ਰਾਜੂ ਔਲਖ, ਬੂਟਾ ਸਿੰਘ ਸ਼ਾਦੀਪੁਰ, ਵੀਰ ਸਿੰਘ ਬੜਵਾ, ਕਿਰਨਜੀਤ ਸਿੰਘ ਸੇਖੋਂ, ਕੁਲਦੀਪ ਸਿੰਘ ਵਜੀਦਪੁਰ, ਬਿੰਦਰ ਸਿੰਘ ਗੋਲੇਵਾਲਾ, ਮਲੂਕ ਸਿੰਘ ਹੀਰਕੇ, ਹਰਦੇਵ ਸਿੰਘ ਸੰਧੂ, ਹਰਜੀਤ ਸਿੰਘ ਰਵੀ, ਨਿਰਵੈਲ ਸਿੰਘ ਡਾਲੇਕੇ, ਰਾਜਵਿੰਦਰ ਕੌਰ, ਗੁਰਬਖ਼ਸ਼ ਸਿੰਘ ਬਰਨਾਲਾ, ਕਿਰਪਾ ਸਿੰਘ ਨੱਥੂਵਾਲਾ, ਭੁਪਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਘੁੰਮਣ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ 8 ਦਸੰਬਰ ਨੂੰ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਯੂਟੀ ਪੁਲੀਸ ਨੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਕਿਸਾਨਾਂ ਦਾ ਰਾਹ ਡੱਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਨਾਅਰੇ ਲਗਾਉਂਦੇ ਹੋਏ ਅੱਗੇ ਵਧ ਗਏ। ਇਸ ਦੌਰਾਨ ਯੂਟੀ ਦੇ ਏਡੀਸੀ ਗੁਰਜੀਤ ਸਿੰਘ ਸੰਧੂ ਨੇ ਮੌਕੇ ’ਤੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਰਾਸ਼ਟਰਪਤੀ ਦੇ ਨਾਂ ਲਿਖਿਆ ਮੰਗ ਪੱਤਰ ਹਾਸਲ ਕੀਤਾ। ਇਸ ਮਗਰੋਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਇੱਕ ਬੱਸ ਵਿੱਚ ਬਿਠਾ ਕੇ ਰਾਜ ਭਵਨ ਤੱਕ ਲਿਜਾਇਆ ਗਿਆ।