ਪੰਜਾਬ ਦੀ ‘ਸੇਵਾ’ ਕਰਨ ਵਾਲਿਆਂ ਦਾ ਕਰਜ਼ਾ ਲਾਹ ਰਹੇ ਹਾਂ: ਭਗਵੰਤ ਮਾਨ

ਪੰਜਾਬ ਦੀ ‘ਸੇਵਾ’ ਕਰਨ ਵਾਲਿਆਂ ਦਾ ਕਰਜ਼ਾ ਲਾਹ ਰਹੇ ਹਾਂ: ਭਗਵੰਤ ਮਾਨ

ਮੁੱਖ ਮੰਤਰੀ ਨੇ ਨਵੇਂ ਭਰਤੀ 427 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ਪਾਵਰਕੌਮ ਦਾ 9020 ਕਰੋੜ ਰੁਪਏ ਦਾ ਕਰਜ਼ਾ ਲਾਹੁਣ ਦਾ ਦਾਅਵਾ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਸੈਕਟਰ-35 ਸਥਿਤ ਮਿਉਂਸਿਪਲ ਭਵਨ ਵਿੱਚ ਸੂਬੇ ਦੇ ਬਿਜਲੀ, ਸਿੱਖਿਆ, ਜੰਗਲਾਤ ਤੇ ਹੋਰ ਵਿਭਾਗਾਂ ’ਚ ਭਰਤੀ 427 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 25 ਦਿਨਾਂ ’ਚ 7660 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਨਵਾਂ ਰਿਕਾਰਡ ਬਣਾਇਆ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ‘ਅਸੀਂ ਆਪਣੇ ਪੁਰਖਿਆਂ, ਜਿਹੜੇ ‘ਰਾਜ ਨਹੀਂ ਸੇਵਾ’ ਕਰ ਗਏ, ਦੇ ਕਰਜ਼ੇ ਮੋੜ ਰਹੇ ਹਾਂ।’’ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਪਿਛਲੇ ਖਜ਼ਾਨਾ ਮੰਤਰੀ ਕਹਿੰਦੇ ਰਹੇ ਕਿ ਸੂਬੇ ਦਾ ਖਜ਼ਾਨਾ ਖਾਲੀ ਹੈ। ਇਸੇ ਕਰਕੇ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ। ਮਾਨ ਨੇ ਆਖਿਆ, ‘‘ਅਸੀਂ ਕਦੇ ਨਹੀਂ ਕਿਹਾ ਕਿ ਖਜ਼ਾਨਾ ਖਾਲੀ ਹੈ। ਅਸੀਂ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਸੀ, 1 ਜੁਲਾਈ 2022 ਤੋਂ ਮੁਫ਼ਤ ਬਿਜਲੀ ਸ਼ੁਰੂ ਕਰ ਦਿੱਤੀ ਸੀ ਪਰ ਅਸੀਂ ਕਦੇ ਵੀ ਪਾਵਰਕੌਮ ਦਾ ਰੁਪਇਆ ਨਹੀਂ ਰੋਕਿਆ।’’ ਮੁੱਖ ਮੰਤਰੀ ਨੇ ਕਿਹਾ, ‘‘ਮੇਰੇ ਤੋਂ ਪਹਿਲਾਂ ਵਾਲੇ ਮੁੱਖ ਮੰਤਰੀ ਪਾਵਰਕੌਮ ਦਾ 9020 ਕਰੋੜ ਰੁਪਏ ਕਰਜ਼ੇ ਦਾ ਛੱਡ ਗਏ। ਅਸੀਂ 1804-1804 ਕਰੋੜ ਰੁਪਏ ਦੀਆਂ ਕਿਸ਼ਤਾਂ ਕਰਕੇ ਕਰਜ਼ੇ ਮੋੜ ਰਹੇ ਹਨ।’’ ਉਨ੍ਹਾਂ ਕਿਹਾ ਕਿ ਹੋਰਨਾਂ ਵਿਭਾਗਾਂ ਦੇ ਕਰਜ਼ੇ ਦੀ ਅਦਾਇਗੀ ਵੀ ਕੀਤੀ ਜਾ ਰਹੀ ਹੈ।

ਨਵੇਂ ਭਰਤੀ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਰਹੀ ਹੈ ਅਤੇ ਹਰ ਸਮੇਂ ਲੋਕ ਹਿੱਤ ਵਿੱਚ ਕੰਮ ਕਰ ਰਹੀ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਸਿਰਫ ਆਪਣੇ ਘਰ ਭਰਨ ਦਾ ਕੰਮ ਕੀਤਾ ਹੈ।

ਜਦਕਿ ‘ਆਪ’ ਸਰਕਾਰ ਲੋਕਾਂ ਹਰ ਮਹੀਨੇ 300 ਯੂਨਿਟ ਮੁਫ਼ਤ ਦੇ ਰਹੀ ਹੈ, ਉਸ ਦੀ ਸਾਰੀ ਅਦਾਇਗੀ ਪਾਵਰਕੌਮ ਨੂੰ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ ਅਤੇ ਨੌਜਵਾਨਾਂ ਦੇ ਨਵੇਂ-ਨਕੋਰ ਵਿਚਾਰਾਂ ਨੂੰ ਦਿਸ਼ਾ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਮਾਨ ਨੇ ਸੂਬਾ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਨੀਤੀ ਦਾ ਹਵਾਲਾ ਦਿੰਦਿਆਂ ਨਵੇਂ ਭਰਤੀ ਨੌਜਵਾਨਾਂ ਨੂੰ ਸੂਬੇ ’ਚ ਸੁਚਾਰੂ ਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਲਈ ਕੰਮ ਕਰ ਰਹੇ ਸਾਰੇ ਅਧਿਕਾਰੀਆਂ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ ਅਤੇ ਹਰਜੋਤ ਸਿੰਘ ਬੈਂਸ ਹਾਜ਼ਰ ਸਨ।