ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ: ਧਾਲੀਵਾਲ

ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ: ਧਾਲੀਵਾਲ

ਕਿਸਾਨਾਂ ਨੂੰ ਕੰਡਿਆਲੀ ਤਾਰ ਤੋਂ ਪਾਰ ਦਰਪੇਸ਼ ਚੁਣੌਤੀਆਂ ਬਾਰੇ ਦੱਸਿਆ

ਚੰਡੀਗੜ੍ਹ – ਪੰਜਾਬ ਦੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਪੈਕੇਜ ਦੀ ਮੰਗ ਕੀਤੀ ਹੈ। ਬੰਗਲੁਰੂ ਵਿੱਚ ਅੱਜ ਤੋਂ ਸ਼ੁਰੂ ਹੋਈ ਸੂਬਾਈ ਖੇਤੀ ਮੰਤਰੀਆਂ ਦੀ ਦੋ ਰੋਜ਼ਾ ਕੌਮੀ ਕਾਨਫ਼ਰੰਸ ਵਿੱਚ ਪੰਜਾਬ ਦੀ ਕਿਸਾਨੀ ਦੀ ਵਿਥਿਆ ਸੁਣਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਕੇਂਦਰ ਸਰਕਾਰ ਅੱਗੇ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੇ ਸਮੁੱਚੇ ਦੇਸ਼ ਦੀ ਉਦੋਂ ਬਾਂਹ ਫੜੀ, ਜਦੋਂ ਮੁਲਕ ਵਿਚ ਵੱਡਾ ਅੰਨ ਸੰਕਟ ਸੀ। ਪੰਜਾਬ ਹਰ ਫ਼ਰੰਟ ’ਤੇ ਦੇਸ਼ ਲਈ ਅੱਗੇ ਹੋ ਕੇ ਲੜਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਿਸਾਨ ਨੂੰ ਕਰਜ਼ੇ ਦੇ ਬੋਝ ਹੇਠੋਂ ਕੱਢਣ ਦੀ ਲੋੜ ਹੈ। ਧਾਲੀਵਾਲ ਭਲਕੇ ਕੌਮੀ ਕਾਨਫ਼ਰੰਸ ਦੇ ਦੂਜੇ ਦਿਨ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੂੰ ਨਿੱਜੀ ਤੌਰ ’ਤੇ ਮਿਲ ਕੇ ਪੰਜਾਬ ਦੀਆਂ ਖੇਤੀ ਮੰਗਾਂ ਦਾ ਚਾਰਟਰ ਉਨ੍ਹਾਂ ਨੂੰ ਦੇਣਗੇ। ਧਾਲੀਵਾਲ ਨੇ ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ ਸਾਲਾਨਾ ਪ੍ਰਤੀ ਏਕੜ 15 ਹਜ਼ਾਰ ਰੁਪਏ ਬੱਝਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਹੱਦੀ ਕਿਸਾਨਾਂ ਨੂੰ ਆਪਣੀ ਫ਼ਸਲ ਪਾਲਣ ਲਈ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਹੱਦੀ ਕਿਸਾਨਾਂ ਦੀ ਵਧੇੇਰੇ ਟੇਕ ਖੇਤੀ ’ਤੇ ਹੀ ਹੈ। ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਤਰਜੀਹੀ ਆਧਾਰ ’ਤੇ ਲਵੇ। ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਕੋਲਡ ਸਟੋਰਾਂ ਲਈ ਵੀ ਇੱਕ ਹਜ਼ਾਰ ਕਰੋੜ ਦੇ ਪੈਕੇਜ ਦੀ ਮੰਗ ਵੀ ਕੀਤੀ। ਉਨ੍ਹਾਂ ਖੇਤੀ ਵਿਭਿੰਨਤਾ ਬਾਰੇ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਸਹਿਯੋਗ ਤੋਂ ਬਿਨਾਂ ਪੰਜਾਬ ਦੇ ਸੰਕਟ ਨਾਲ ਨਜਿੱਠਣਾ ਸੌਖਾ ਨਹੀਂ ਹੈ।