ਪੰਜਾਬ ਦੇ 14,417 ਕੱਚੇ ਮੁਲਾਜ਼ਮ ਹੋਣਗੇ ਪੱਕੇ

ਪੰਜਾਬ ਦੇ 14,417 ਕੱਚੇ ਮੁਲਾਜ਼ਮ ਹੋਣਗੇ ਪੱਕੇ

ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ; 10 ਨੂੰ ਪੇਸ਼ ਕੀਤਾ ਜਾਵੇਗਾ ਬਜਟ
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ 14,417 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਤਰ੍ਹਾਂ ਐੱਡਹਾਕ, ਕੰਟਰੈਕਟ, ਡੇਲੀਵੇਜ, ਵਰਕ ਚਾਰਜਡ ਅਤੇ ਆਰਜ਼ੀ ਮੁਲਾਜ਼ਮਾਂ ਦੀ ਭਲਾਈ ਲਈ ਨੀਤੀ ਨੂੰ ਹਰੀ ਝੰਡੀ ਦਿੱਤੀ ਗਈ ਜਿਸ ਨਾਲ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਲਈ ਰਾਹ ਪੱਧਰਾ ਹੋ ਗਿਆ ਹੈ। ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ 24 ਮਾਰਚ ਤੱਕ ਸੱਦਣ ਦਾ ਫ਼ੈਸਲਾ ਕੀਤਾ ਹੈ ਅਤੇ ਵਿੱਤੀ ਵਰ੍ਹੇ 2023-24 ਦਾ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ‘ਪੰਜਾਬ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨਿਯਮ-1958’ ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸੋਧ ਅਨੁਸਾਰ ਸੂਬੇ ਵਿੱਚ ਹਰੇਕ ਦੁਕਾਨਦਾਰ ਅਤੇ ਕਾਰੋਬਾਰੀ ਅਦਾਰੇ ਨੂੰ ਆਪਣਾ ਬੋਰਡ ਪੰਜਾਬੀ ਭਾਸ਼ਾ ਵਿੱਚ ਲਗਾਉਣਾ ਲਾਜ਼ਮੀ ਹੋਵੇਗਾ। ਇਸ ਤੋਂ ਹੇਠ ਹੋਰ ਭਾਸ਼ਾਵਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਇਨ੍ਹਾਂ ਬੋਰਡਾਂ ਨੂੰ 6 ਮਹੀਨਿਆਂ ਵਿੱਚ ਲਾਉਣ ਦੇ ਹੁਕਮ ਦਿੱਤੇ ਗਏ ਹਨ ਨਹੀਂ ਤਾਂ ਦੋ ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਲਗਪਗ 13,000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਪਹਿਲਾਂ ਹੀ ਰੈਗੂਲਰ ਕਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਜਿਹੜੇ ਮੁਲਾਜ਼ਮਾਂ ਨੇ ਐੱਡਹਾਕ, ਕੰਟਰੈਕਟ, ਡੇਲੀ ਵੇਜਿਜ਼, ਵਰਕ ਚਾਰਜਡ ਅਤੇ ਆਰਜ਼ੀ ਆਧਾਰ ’ਤੇ ਇਸ ਨੀਤੀ ਦੇ ਲਾਗੂ ਹੋਣ ਤੱਕ ਘੱਟੋ-ਘੱਟ ਲਗਾਤਾਰ 10 ਵਰ੍ਹਿਆਂ ਦੀ ਸੇਵਾ ਨਿਭਾਈ ਹੈ, ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇਗਾ।
ਪੰਜਾਬ ਫੂਡਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਸੂਬੇ ਵਿੱਚ ਅਨਾਜ ਦੀ ਢੋਆ-ਢੁਆਈ ਲਈ ‘ਪੰਜਾਬ ਫੂਡਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ 2023’ ਅਤੇ ਅਨਾਜ ਦੀ ਲੇਬਰ ਅਤੇ ਕਾਰਟੇਜ ਲਈ ‘ਪੰਜਾਬ ਫੂਡਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ 2023’ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਪਾਲਿਸੀ ਤਹਿਤ ਟਰਾਂਸਪੋਰਟੇਸ਼ਨ ਵਾਲੇ ਵਾਹਨਾਂ ਦੀ ਟਰੈਕਿੰਗ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐੱਫਸੀਆਈ ਤੋਂ ਮਜ਼ਦੂਰਾਂ ਦਾ ਭੱਤਾ 25 ਫ਼ੀਸਦ ਵਧਾਉਣ ਦੀ ਮੰਗ ਕੀਤੀ ਸੀ ਪਰ ਮਨਜ਼ੂਰੀ 20 ਫ਼ੀਸਦ ਦੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 5 ਫ਼ੀਸਦ ਭੱਤਾ ਆਪਣੇ ਕੋਲੋਂ ਦੇਵੇਗੀ, ਜਿਸ ਨਾਲ ਸਰਕਾਰੀ ਖਜ਼ਾਨੇ ’ਤੇ 7-8 ਕਰੋੜ ਦਾ ਵਿੱਤੀ ਭਾਰ ਪਏਗਾ। ਮੰਤਰੀ ਮੰਡਲ ਨੇ 45 ਦਿਨਾਂ ਦੇ ਅੰਦਰ ਸੀ.ਐੱਲ.ਯੂ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਪ੍ਰਵਾਨਗੀ ਦਿੱਤੀ ਹੈ।

ਸਿੱਖਿਆ ਵਿਭਾਗ ਨਾਲ ਸਬੰਧਤ ਦਫ਼ਤਰਾਂ ਦੇ ਨਾਂ ਤਬਦੀਲ
ਮੰਤਰੀ ਮੰਡਲ ਨੇ ਸਕੂਲ ਸਿੱਖਿਆ ਵਿਭਾਗ ਦੇ ਸੈਕੰਡਰੀ ਅਤੇ ਐਲੀਮੈਂਟਰੀ ਵਿੰਗਾਂ ਦੇ ਮੁਖੀਆਂ ਦੇ ਦਫ਼ਤਰਾਂ ਦਾ ਨਾਮ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨਜ਼ (ਸੈਕੰਡਰੀ ਐਜੂਕੇਸ਼ਨ) ਅਤੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨਜ਼ (ਐਲੀਮੈਂਟਰੀ ਐਜੂਕੇਸ਼ਨ) ਤੋਂ ਬਦਲ ਕੇ ਕ੍ਰਮਵਾਰ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ) ਅਤੇ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਰੱਖਣ ਨੂੰ ਪ੍ਰਵਾਨਗੀ ਦਿੱਤੀ ਹੈ। ਇਸੇ ਤਰ੍ਹਾਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜਾਂ ਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜਾਂ ਦੀਆਂ 101 ਅਸਥਾਈ ਅਸਾਮੀਆਂ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ੀਅਲ ਮੈਜਿਸਟਰੇਟਾਂ ਦੀਆਂ 270 ਅਸਥਾਈ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।