ਪੰਜਾਬ ਨੂੰ ਕਰਜ਼ਾ ਮੁਕਤ ਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ: ਭਗਵੰਤ ਮਾਨ

ਪੰਜਾਬ ਨੂੰ ਕਰਜ਼ਾ ਮੁਕਤ ਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ: ਭਗਵੰਤ ਮਾਨ

ਸੂਬੇ ਸਿਰ ਚੜ੍ਹੇ ਕਰਜ਼ੇ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ
ਪਟਿਆਲਾ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ’ਚ ਵਪਾਰੀਆਂ ਨਾਲ ਮਿਲਣੀ ਕਰਦਿਆਂ ਕਿਹਾ ਕਿ ਰਾਜਨੀਤੀ ਵਿੱਚ ਬਦਲਾਅ ਲਿਆਉਣ ਅਤੇ ਆਮ ਆਦਮੀ ਨੂੰ ਸਿਆਸੀ ਪਾਰਟੀਆਂ ਦੇ ਏਜੰਡੇ ’ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਾਰੰਟੀਆਂ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਸਿਆਸੀ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦੇ ਪੱਖ ਵਿਚ ਰਹੇ ਹਨ ਤਾਂ ਜੋ ਸਿਆਸੀ ਪਾਰਟੀਆਂ ਆਮ ਆਦਮੀ ਨਾਲ ਧੋਖਾ ਨਾ ਕਰ ਸਕਣ।

‘ਸਰਕਾਰ-ਵਪਾਰ ਮਿਲਣੀ’ ’ਤੇ ਆਧਾਰਿਤ ਇਸ ਪ੍ਰੋਗਰਾਮ ਦੌਰਾਨ ਉਨ੍ਹਾਂ ਪੰਜਾਬ ਨੂੰ ਕਰਜ਼ੇ ਵੱਲ ਧੱਕਣ ਲਈ ਪਿਛਲੀਆਂ ਹਕੂਮਤਾਂ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਦੋ ਸਾਲਾਂ ਦਾ ਬਜਟ ਸੂਬੇ ਵਿੱਚ ਮਾਲੀਆ ਵਿੱਚ ਵਾਧੇ ਨੂੰ ਦਰਸਾਉਂਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਿਆਸੀ ਆਗੂਆਂ ਨੇ ਲੋਕਾਂ ਨੂੰ ਰਾਹਤ ਦੇਣ ਦੀ ਪੇਸ਼ਕਸ਼ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐੱਲਪੀਜੀ ਦੀਆਂ ਕੀਮਤਾਂ ਵਿੱਚ ਕਟੌਤੀ ਇਸ ਦੀ ਮਿਸਾਲ ਹੈ। ਕੇਂਦਰ ਸਰਕਾਰ ਨੇ ਕਈ ਸਾਲਾਂ ਤੋਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਨਿਰੰਤਰ ਵਾਧਾ ਕੀਤਾ, ਪਰ ਹੁਣ ਉਚੀਆਂ ਕੀਮਤਾਂ ਵਿੱਚ ਨਿਗੂਣੀ ਕਟੌਤੀ ਕਰਕੇ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚੋਂ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਉਨ੍ਹਾਂ ਵਪਾਰੀਆਂ ਨੂੰ ਕਿਹਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ‘ਆਪ’ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕੀਤਾ ਜਾ ਸਕੇ।