ਪੰਜਾਬ ਨੇ ਕੇਂਦਰ ਕੋਲੋਂ ਕਣਕ ਲਈ 3077 ਰੁਪਏ ਐੱਮਐੱਸਪੀ ਮੰਗਿਆ

ਪੰਜਾਬ ਨੇ ਕੇਂਦਰ ਕੋਲੋਂ ਕਣਕ ਲਈ 3077 ਰੁਪਏ ਐੱਮਐੱਸਪੀ ਮੰਗਿਆ

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ ਨੂੰ ਸਾਲ 2024-25 ’ਚ ਹਾੜ੍ਹੀ ਸੀਜ਼ਨ ’ਚ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 3077 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਸੁਝਾਅ ਦਿੱਤਾ ਗਿਆ ਹੈ। ਹਾਲਾਂਕਿ ਕੇਂਦਰ ਨੇ 2125 ਰੁਪਏ ਪ੍ਰਤੀ ਕੁਇੰਟਲ ’ਚ 7.1 ਫ਼ੀਸਦ ਦੇ ਵਾਧੇ ਨਾਲ 2275 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਤਜਵੀਜ਼ ਦਿੱਤੀ ਹੈ। ਪੰਜਾਬ ਸਰਕਾਰ ਨੇ ਹਾੜ੍ਹੀ ਦੀਆਂ ਮੁੱਖ ਚਾਰ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੀ ਸਿਫਾਰਸ਼ ਕੀਤੀ ਹੈ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ ਵੱਲੋਂ ਹਾੜ੍ਹੀ ਦੀਆਂ ਮੁੱਖ ਚਾਰ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਇੱਕ ਤਜਵੀਜ਼ ਤਿਆਰ ਕਰਨ ਮਗਰੋਂ ਇਸ ਸਬੰਧ ਵਿੱਚ ਪੰਜਾਬ ਸਰਕਾਰ ਤੋਂ ਸੁਝਾਅ ਮੰਗਿਆ ਗਿਆ ਸੀ। ਕਮਿਸ਼ਨ ਨੇ ਸਾਲ 2023-24 ’ਚ ਜੌਂ ਦੀ ਐੱਮਐੱਸਪੀ 1735 ਤੋਂ ਵਧਾ ਕੇ 2024-25 ’ਚ 1850 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਤਜਵੀਜ਼ ਰੱਖੀ ਸੀ। ਪੰਜਾਬ ਸਰਕਾਰ ਨੇ ਇਹ ਮੁੱਲ 2333 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਸੁਝਾਅ ਦਿੱਤਾ ਹੈ। ਇਸੇ ਤਰ੍ਹਾਂ ਕੇਂਦਰੀ ਕਮਿਸ਼ਨ ਨੇ ਛੋਲਿਆਂ ਦਾ ਭਾਅ 2023-24 ’ਚ 5335 ਰੁਪਏ ਪ੍ਰਤੀ ਕੁਇੰਟਲ ਦੇ ਮੁਕਾਬਲੇ ਸਾਲ 2024-25 ’ਚ 5440 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਤਜਵੀਜ਼ ਦਿੱਤੀ ਹੈ, ਜਦਕਿ ਪੰਜਾਬ ਸਰਕਾਰ ਨੇ ਇਸ ਸਾਲ ਲਈ ਛੋਲਿਆਂ ਦੀ ਐੱਮਐੱਸਪੀ 6518 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਸੁਝਾਅ ਦਿੱਤਾ ਹੈ। ਇਹ ਕੇਂਦਰ ਸਰਕਾਰ ਦੀ ਤਜਵੀਜ਼ ਨਾਲੋਂ 20 ਫ਼ੀਸਦ ਦੇ ਕਰੀਬ ਵਧ ਹੈ। ਇਸੇ ਤਰ੍ਹਾਂ ਕੇਂਦਰੀ ਕਮਿਸ਼ਨ ਨੇ ਸਰ੍ਹੋਂ ਦਾ ਭਾਅ ਸਾਲ 2023-24 ’ਚ 5450 ਰੁਪਏ ਪ੍ਰਤੀ ਕੁਇੰਟਲ ਦੇ ਮੁਕਾਬਲੇ ਸਾਲ 2024-25 ’ਚ 5650 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਤਜਵੀਜ਼ ਦਿੱਤੀ ਹੈ, ਜਦਕਿ ਪੰਜਾਬ ਸਰਕਾਰ ਨੇ ਸਰ੍ਹੋਂ ਦੀ ਐੱਮਐੱਸਪੀ 10 ਫ਼ੀਸਦ ਵਾਧੇ ਨਾਲ 6199 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਸੁਝਾਅ ਦਿੱਤਾ ਹੈ। ਗੌਰਤਲਬ ਹੈ ਕਿ ਕਿਸਾਨਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਹਾੜ੍ਹੀ ਤੇ ਸਾਉਣੀ ਦੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ, ਪਰ ਕੇਂਦਰ ਸਰਕਾਰ ਵੱਲੋਂ ਇਸ ਮੰਗ ਨੂੰ ਕੋਈ ਤਵੱਜੋ ਨਹੀਂ ਦਿੱਤੀ ਗਈ। ਕਿਸਾਨਾਂ ਦੀ ਮੰਗ ਦੇ ਬਾਵਜੂਦ ਖੇਤੀ ਲਾਗਤ ਤੇ ਮੁੱਲ ਕਮਿਸ਼ਨ ਵੱਲੋਂ ਹਾੜੀ ਦੀਆਂ ਫਸਲਾਂ ’ਚ ਨਿਗੁਣਾ ਵਾਧਾ ਕੀਤਾ ਹੈ, ਜਦਕਿ ਪੰਜਾਬ ਸਰਕਾਰ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਹੋਰ ਵਾਧਾ ਕਰਨ ਦਾ ਸੁਝਾਅ ਦਿੱਤਾ ਹੈ।