ਪੰਜਾਬ ਪੁਲੀਸ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ: ਮਾਨ

ਪੰਜਾਬ ਪੁਲੀਸ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ: ਮਾਨ

ਚੰਡੀਗੜ੍ਹ – ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੇ ਅਪਰੇਸ਼ਨ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਸਣੇ ਹੋਰਨਾਂ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ੍ਰੀ ਮਾਨ ਨੇ ਪੰਜਾਬ ਪੁਲੀਸ ਵੱਲੋਂ ਸੂਬੇ ’ਚ ਸ਼ਾਂਤਮਈ ਢੰਗ ਨਾਲ ਅਪਰੇਸ਼ਨ ਨੂੰ ਨੇਪਰੇ ਚਾੜ੍ਹਨ ਲਈ ਪੁਲੀਸ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਸੂਬੇ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਮੁੱਖ ਮੰਤਰੀ ਨੇ ਸਮੀਖਿਆ ਮੀਟਿੰਗ ਦੀ ਅਗਵਾਈ ਪੰਜਾਬ ਪੁਲੀਸ ’ਚ ਆਧੁਨਿਕੀਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ (ਗ੍ਰਹਿ) ਅਨੁਰਾਗ ਵਰਮਾ, ਡਾਇਰੈਕਟਰ ਜਨਰਲ ਪੁਲੀਸ ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਸਰਕਾਰ ਦੇ ਉਦਮਾਂ ਨੂੰ ਦਰਸਾਉਂਦੀ ਪੁਸਤਕ ‘ਪਹੁੰਚ’ ਰਿਲੀਜ਼

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਦਰਸਾਉਂਦੀ ਕਿਤਾਬ ‘ਪਹੁੰਚ’ ਨੂੰ ਰਿਲੀਜ਼ ਕੀਤਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਯਤਨਾਂ ਸਦਕਾ ਤਿਆਰ ਕੀਤੀ ਗਈ ਇਸ ਪੁਸਤਕ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੁਸਤਕ ‘ਪਹੁੰਚ’ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਤੋਂ ਜਾਣੂ ਕਰਵਾਉਣ ’ਚ ਸਹਾਈ ਸਿੱਧ ਹੋਵੇਗੀ। ਸ੍ਰੀ ਮਾਨ ਨੇ ਕਿਹਾ ਕਿ ਇਸ ਪੁਸਤਕ ਵਿੱਚ ਪੰਜਾਬ ਸਰਕਾਰ ਦੇ 44 ਵਿਭਾਗਾਂ ਦੀਆਂ 285 ਸਕੀਮਾਂ ’ਤੇ ਚਾਨਣਾ ਪਾਇਆ ਗਿਆ ਹੈ। ਇਹ ਪੁਸਤਕ ਸੇਵਾ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਵਾਲੀਆਂ 400 ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਏਗੀ। ਉੱਥੇ ਹੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਕਿਤਾਬਾਂ ਮੁਫਤ ਵੰਡੀਆਂ ਜਾਣਗੀਆਂ। ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਜ਼ਿਲ੍ਹਿਆਂ ’ਚ ਅਜਿਹੀ ਵਿਲੱਖਣ ਪਹਿਲ ਕਰਨ ਦੀ ਅਪੀਲ ਕੀਤੀ।